2027 ’ਚ ਬਣੇਗੀ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ-ਭਾਈ ਗਰੇਵਾਲ
ਜਲੰਧਰ, 27 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਸਰੀ ਵਾਰ ਜੂਨੀਅਰ ਮੀਤ ਪ੍ਰਧਾਨ ਬਣੇ ਭਾਈ ਗੁਰਬਖਸ਼ ਸਿੰਘ ਖਾਲਸਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ‘ਅਜੀਤ’ ਭਵਨ ਵਿਖੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਜਿੱਥੇ ਸ਼੍ਰੋਮਣੀ ਕਮੇਟੀ ਦੇ ਕੰਮ-ਕਾਜ, ਸਿੱਖ ਕੌਮ ਦੇ ਮਸਲਿਆਂ ਅਤੇ ਪੰਥਕ ਏਕਤਾ ਸਮੇਤ ਹੋਰਨਾਂ ਧਾਰਮਿਕ ਮੁੱਦਿਆਂ ’ਤੇ ਬੇਬਾਕੀ ਨਾਲ ਗੱਲਬਾਤ ਕੀਤੀ, ਉੱਥੇ ਸੂਬੇ ਦੇ ਮੌਜੂਦਾ ਸਿਆਸੀ ਹਾਲਾਤ ਸੰਬੰਧੀ ਵੀ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ । ਇਸ ਮੌਕੇ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਨੂੰ ਤੀਜੀ ਵਾਰ ਸ਼੍ਰੋਮਣੀ ਕਮੇਟੀ ਵਿਚ ਜੂਨੀਅਰ ਮੀਤ ਪ੍ਰਧਾਨ ਵਜੋਂ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ ਤੇ ਇਹ ਸਭ ਗੁਰੂ ਸਾਹਿਬ ਦੀ ਅਪਾਰ ਕਿਰਪਾ ਅਤੇ ਸਿੱਖ ਸੰਗਤ ਵਲੋਂ ਦਿੱਤੇ ਵਿਸ਼ਵਾਸ ਦਾ ਨਤੀਜਾ ਹੈ ਤੇ ਸਿੱਖ ਪੰਥ ਦੀ ਇਸ ਸਰਬਉੱਚ ਸੰਸਥਾ ਵਿਚ ਸੇਵਾ ਕਰਨਾ ਉਨ੍ਹਾਂ ਲਈ ਵੱਡੇ ਮਾਣ ਦੀ ਗੱਲ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਘਰਾਂ ਦਾ ਪ੍ਰਬੰਧ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਚਲਾਏ ਜਾਣ ਦੇ ਨਾਲ-ਨਾਲ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੀ ਲਗਾਤਾਰ ਵੱਡੀ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਚਰਨ ਸਿੰਘ ਗਰੇਵਾਲ ਨੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਸਿਆਸੀ ਗੱਠਜੋੜ ਨੂੰ ਪੰਜਾਬ ਦੀ ਸਿਆਸਤ ਵਿਚ ਨਵੇਂ ਸਿਆਸੀ ਦੌਰ ਦੀ ਸ਼ੁਰੂਆਤ ਦੱਸਦੇ ਹੋਏ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਸੂਬੇ ਨੂੰ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਆਰਥਿਕ ਸੰਕਟ ਵਿੱਚੋਂ ਕੱਢਣ ਲਈ ਨਵੀਂ ਸਿਆਸੀ ਦਿਸ਼ਾ ਦੀ ਲੋੜ ਹੈ । ਇਸ ਮੌਕੇ ਇਕ ਸਵਾਲ ਦੇ ਜਵਾਬ ਵਿਚ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਆਪਣੇ ਪੰਥਕ ਸਰੋਕਾਰਾਂ ਨੂੰ ਤਰਜੀਹ ਦਿੱਤੀ ਹੈ ਤੇ ਗਠਜੋੜ ਦਾ ਮਤਲਬ ਇਹ ਨਹੀਂ ਕਿ ਅਸੀਂ ਆਪਣੇ ਸਿਧਾਂਤਾਂ ਅਤੇ ਮੁੱਦਿਆਂ ਨੂੰ ਛੱਡ ਦਿੱਤਾ ਹੈ।