ਨੱਥੂਵਾਲਾ ਗਰਬੀ, 16 ਅਕਤੂਬਰ (ਨਵਦੀਪ ਸਿੰਘ)-ਜੀ.ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਆਯੁਸ਼ਮਾਨ ਭਾਰਤ ਸਕੂਲ ਸਿਹਤ ਅਤੇ ਵੈੱਲਨੈਸ ਪ੍ਰੋਗਰਾਮ ਤਹਿਤ ਬੱਚਿਆਂ ਦੀ ਸਿਹਤ, ਸਫ਼ਾਈ ਅਤੇ ਤੰਦਰੁਸਤੀ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵਲੋਂ ਮਾਪਿਆਂ ਨੂੰ ਬੱਚਿਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਨੇ ਮਾਪਿਆਂ ਨੂੰ ਦੱਸਿਆ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੰਤੁਲਿਤ ਖ਼ੁਰਾਕ, ਨਿੱਜੀ ਸਫ਼ਾਈ, ਨਿਯਮਤ ਕਸਰਤ ਅਤੇ ਪੂਰੀ ਨੀਂਦ ਬਹੁਤ ਜ਼ਰੂਰੀ ਹਨ। ਬੱਚਿਆਂ ਨੂੰ ਹਰੀਆਂ ਸਬਜ਼ੀਆਂ, ਫਲ, ਪੌਸ਼ਟਿਕ ਭੋਜਨ ਅਤੇ ਸਾਫ਼ ਪਾਣੀ ਦੀ ਵਰਤੋਂ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਖਾਣਾ ਖਾਣ ਤੋਂ ਪਹਿਲਾਂ ਅਤੇ ਪਖਾਨੇ ਦੀ ਵਰਤੋਂ ਤੋਂ ਬਾਅਦ ਹੱਥ ਧੋਣ ਵਰਗੀਆਂ ਚੰਗੀਆਂ ਆਦਤਾਂ ਵਿਕਸਿਤ ਕਰਨੀਆਂ ਵੀ ਜ਼ਰੂਰੀ ਹਨ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਸਿਹਤ ਪ੍ਰਤੀ ਜ਼ਿੰਮੇਵਾਰ ਬਣਾਉਣਾ ਹੈ। ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਮਾਨਸਿਕ ਸਿਹਤ ਵੱਲ ਵੀ ਵਿਸ਼ੇਸ਼ ਧਿਆਨ ਦੇਣ ਅਤੇ ਉਨ੍ਹਾਂ ਨਾਲ ਪਿਆਰ ਤੇ ਸਹਿਯੋਗ ਵਾਲਾ ਵਿਵਹਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਬੱਚਿਆਂ ਨੂੰ ਮੋਬਾਈਲ ਫ਼ੋਨ ਦੀ ਸੀਮਤ ਵਰਤੋਂ ਕਰਨ ਅਤੇ ਖੇਡਾਂ ਤੇ ਸਰੀਰਕ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਦੀ ਸਲਾਹ ਦਿੱਤੀ ਗਈ। ਸਕੂਲ ਦੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਉਨ੍ਹਾਂ ਦੇ ਉੱਜਲ ਭਵਿੱਖ ਦੀ ਨੀਂਹ ਹਨ। ਉਨ੍ਹਾਂ ਅਨੁਸਾਰ ਸਕੂਲ ਅਤੇ ਮਾਪਿਆਂ ਦੇ ਸਾਂਝੇ ਯਤਨਾਂ ਨਾਲ ਬੱਚਿਆਂ ਵਿਚ ਚੰਗੀਆਂ ਆਦਤਾਂ ਅਤੇ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਸਕਦੀ ਹੈ। ਅੰਤ ਵਿਚ ਮਾਪਿਆਂ ਨੂੰ ਬੱਚਿਆਂ ਦੀ ਸਿਹਤ, ਸਫ਼ਾਈ ਅਤੇ ਮਾਨਸਿਕ ਤੰਦਰੁਸਤੀ ਨੂੰ ਪਹਿਲ ਦੇਣ ਦੀ ਅਪੀਲ ਕੀਤੀ ਗਈ।