ਚੀਫ਼ ਸੈਕਟਰੀ ਨਾਲ ਮੀਟਿੰਗ ਬੇਸਿੱਟਾ ਰਹਿਣ ’ ਤੇ ਮੁਲਾਜ਼ਮਾਂ ’ ਚ ਭਾਰੀ ਰੋਸ
ਸਮੂਹਿਕ ਛੁੱਟੀ ਦੇ ਦੂਜੇ ਦਿਨ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਰੋਸ ਰੈਲੀ
ਬੱਧਨੀ ਕਲਾਂ, 22 ਅਕਤੂਬਰ (ਸੰਜੀਵ ਕੋਛੜ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ‘ਤੇ ਸਮੂਹਿਕ ਛੁੱਟੀ ਦੇ ਦੂਜੇ ਦਿਨ ਅੱਜ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਮੁਲਾਜ਼ਮਾਂ ਵਲੋਂ ਰੋਸ ਰੈਲੀ ਕੀਤੀ ਗਈ। ਇਸ ਰੈਲੀ ਵਿਚ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।
ਬੱਧਨੀ ਕਲਾਂ, 22 ਅਕਤੂਬਰ (ਸੰਜੀਵ ਕੋਛੜ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ‘ਤੇ ਸਮੂਹਿਕ ਛੁੱਟੀ ਦੇ ਦੂਜੇ ਦਿਨ ਅੱਜ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਮੁਲਾਜ਼ਮਾਂ ਵਲੋਂ ਰੋਸ ਰੈਲੀ ਕੀਤੀ ਗਈ। ਇਸ ਰੈਲੀ ਵਿਚ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਰੈਲੀ ਦੌਰਾਨ ਬੁਲਾਰਿਆਂ ਨੇ ਦੱਸਿਆ ਕਿ 21 ਅਕਤੂਬਰ 2026 ਨੂੰ ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਪੰਜਾਬ ਦੇ ਚੀਫ਼ ਸੈਕਟਰੀ ਨਾਲ ਹੋਈ ਮੀਟਿੰਗ ਸ਼ਾਮ 7 ਵਜੇ ਬੇਸਿੱਟਾ ਸਮਾਪਤ ਹੋ ਗਈ ਸੀ। ਉਨ੍ਹਾਂ ਅਨੁਸਾਰ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਕਾਰਵਾਈ ਕਰਨ ਜਾਂ ਮੰਗਾਂ ਨੂੰ ਲਾਗੂ ਕਰਨ ਲਈ ਸਰਕੁਲਰ ਜਾਰੀ ਕਰਨ ਦਾ ਭਰੋਸਾ ਨਹੀਂ ਦਿੱਤਾ ਗਿਆ। ਇਸ ਕਾਰਨ ਮੁਲਾਜ਼ਮ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ 21 ਅਕਤੂਬਰ ਨੂੰ ਸ਼ਾਮ 7 ਵਜੇ ਸਕੱਤਰੇਤ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਠੋਸ ਫ਼ੈਸਲੇ ਨਾ ਲਏ ਜਾਣ ਕਾਰਨ ਮੁਲਾਜ਼ਮ ਵਰਗ ਵਿਚ ਨਿਰਾਸ਼ਾ ਵਧ ਰਹੀ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਸੇਵਕ ਸਿੰਘ ਬੱਧਨੀ ਸੂਬਾ ਮੀਤ ਪ੍ਰਧਾਨ ਟੈਕਨੀਕਲ ਸਰਵਿਸਿਜ਼ ਯੂਨੀਅਨ, ਬਲਜੀਤ ਸਿੰਘ ਸਕੱਤਰ, ਸੁਖਵਿੰਦਰ ਸਿੰਘ, ਰਵਿੰਦਰ ਕੁਮਾਰ, ਕੁਲਵੰਤ ਸਿੰਘ, ਸਾਬਕਾ ਪ੍ਰਧਾਨ ਬੰਤਾ ਸਿੰਘ, ਪੈਨਸ਼ਨਰ ਆਗੂ ਬੰਤ ਸਿੰਘ ਬੱਧਨੀ, ਲਾਲ ਸਿੰਘ ਬੱਧਨੀ, ਗੁਰਚਰਨ ਸਿੰਘ ਲੋਪੋਂ, ਮੁਖਤਿਆਰ ਸਿੰਘ ਲੋਪੋਂ, ਸੁਖਦੇਵ ਸਿੰਘ ਜੇ.ਈ., ਕਿਸਾਨ ਬਲਾਕ ਆਗੂ ਕੇਵਲ ਕ੍ਰਿਸ਼ਨ ਸ਼ਰਮਾ ਅਤੇ ਮਾਸਟਰ ਸਵਰਨ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ। ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਲਟਕਾਉਣਾ ਉਨ੍ਹਾਂ ਨਾਲ ਬੇਇਨਸਾਫ਼ੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਿਰਫ਼ ਮੀਟਿੰਗਾਂ ਅਤੇ ਭਰੋਸਿਆਂ ਤੱਕ ਸੀਮਤ ਰਹਿਣ ਦੀ ਬਜਾਏ ਮੰਗਾਂ ਦੇ ਹੱਲ ਲਈ ਠੋਸ ਫ਼ੈਸਲੇ ਲਵੇ ਅਤੇ ਉਨ੍ਹਾਂ ਨੂੰ ਲਾਗੂ ਕਰਨ ਲਈ ਲਿਖਤੀ ਸਰਕੁਲਰ ਜਾਰੀ ਕਰੇ। ਇਸ ਰੋਸ ਰੈਲੀ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਪੈਨਸ਼ਨਰ ਸਾਥੀਆਂ ਦੀ ਸ਼ਮੂਲੀਅਤ ਨੇ ਮੁਲਾਜ਼ਮ ਸੰਘਰਸ਼ ਪ੍ਰਤੀ ਸਮਰਥਨ ਦਾ ਪ੍ਰਗਟਾਵਾ ਕੀਤਾ। ਰੈਲੀ ਦੌਰਾਨ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਕੇ ਲਾਗੂ ਕੀਤਾ ਜਾਵੇ।