ਚੜਿੱਕ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ
ਮੋਗਾ, 28 ਅਕਤੂਬਰ (ਗੁਰਤੇਜ ਸਿੰਘ ਬੱਬੀ)-ਵਾਤਾਵਰਨ ਦੀ ਸੰਭਾਲ ਅਤੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਅੱਜ ਥਾਣਾ ਚੜਿੱਕ ਦੇ ਮੁੱਖ ਅਫਸਰ ਸਬ ਇੰਸਪੈਕਟਰ ਪੂਰਨ ਸਿੰਘ ਦੀ ਮੁੱਖ ਅਗਵਾਈ ਹੇਠ ਅਤੇ ਯਸ਼ਪ੍ਰੀਤ ਕੌਰ, ਖੇਤੀਬਾੜੀ ਵਿਕਾਸ ਅਫਸਰ ਬਲਾਕ ਮੋਗਾ-1 ਦੀ ਟੀਮ ਵਲੋਂ ਪਿੰਡ ਚੜਿੱਕ ਵਿਖੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਪ੍ਰਸ਼ਾਸਨਿਕ ਟੀਮ ਵਲੋਂ ਪਿੰਡ ਦੇ ਵੱਖ-ਵੱਖ ਖੇਤਾਂ ਅਤੇ ਥਾਵਾਂ ’ਤੇ ਪਹੁੰਚ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ ਅਤੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕੀਤਾ ਗਿਆ।
ਮੋਗਾ, 28 ਅਕਤੂਬਰ (ਗੁਰਤੇਜ ਸਿੰਘ ਬੱਬੀ)-ਵਾਤਾਵਰਨ ਦੀ ਸੰਭਾਲ ਅਤੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਅੱਜ ਥਾਣਾ ਚੜਿੱਕ ਦੇ ਮੁੱਖ ਅਫਸਰ ਸਬ ਇੰਸਪੈਕਟਰ ਪੂਰਨ ਸਿੰਘ ਦੀ ਮੁੱਖ ਅਗਵਾਈ ਹੇਠ ਅਤੇ ਯਸ਼ਪ੍ਰੀਤ ਕੌਰ, ਖੇਤੀਬਾੜੀ ਵਿਕਾਸ ਅਫਸਰ ਬਲਾਕ ਮੋਗਾ-1 ਦੀ ਟੀਮ ਵਲੋਂ ਪਿੰਡ ਚੜਿੱਕ ਵਿਖੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਪ੍ਰਸ਼ਾਸਨਿਕ ਟੀਮ ਵਲੋਂ ਪਿੰਡ ਦੇ ਵੱਖ-ਵੱਖ ਖੇਤਾਂ ਅਤੇ ਥਾਵਾਂ ’ਤੇ ਪਹੁੰਚ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ ਅਤੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਐਸ.ਆਈ. ਪੂਰਨ ਸਿੰਘ ਅਤੇ ਖੇਤੀਬਾੜੀ ਅਫਸਰ ਜਸਪ੍ਰੀਤ ਕੌਰ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਗੰਭੀਰ ਰੂਪ ਵਿਚ ਦੂਸ਼ਿਤ ਹੁੰਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਵਧਦੀਆਂ ਹਨ। ਇਸ ਤੋਂ ਇਲਾਵਾ ਜ਼ਮੀਨ ਦੇ ਮਿੱਤਰ ਕੀੜੇ ਅਤੇ ਉਪਜਾਊ ਤੱਤ ਸੜ ਕੇ ਖਤਮ ਹੋ ਜਾਂਦੇ ਹਨ ਜਿਸ ਨਾਲ ਜ਼ਮੀਨ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਟੀਮ ਵਲੋਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਰੀ ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ ਅਤੇ ਬੇਲਰ ਆਦਿ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਅਤੇ ਕਾਨੂੰਨੀ ਨਿਯਮਾਂ ਦੀ ਪਾਲਨਾ ਕਰਨ ਲਈ ਕਿਹਾ ਗਿਆ। ਇਸ ਮੌਕੇ ਪਿੰਡ ਦੇ ਮੋਹਤਬਰ ਵਿਅਕਤੀਆਂ ਅਤੇ ਹਾਜ਼ਰ ਕਿਸਾਨਾਂ ਨੇ ਪੁਲਿਸ ਅਤੇ ਖੇਤੀਬਾੜੀ ਵਿਭਾਗ ਦੀ ਇਸ ਪਹਿਲਕਦਮੀ ਦਾ ਸਵਾਗਤ ਕੀਤਾ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਵਾਤਾਵਰਨ ਨੂੰ ਬਚਾਉਣ ਲਈ ਪਰਾਲੀ ਨਾ ਸਾੜ ਕੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਵਿਚ ਆਪਣਾ ਪੂਰਨ ਸਹਿਯੋਗ ਦੇਣਗੇ।