ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਹੋਵੇਗੀ-ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 14 ਨਵੰਬਰ (ਪ੍ਰਵੀਨ ਖੋਖਰ)-ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖ਼ਰੀਦੀ ਗਈ ਫ਼ਸਲ ਦੀ ਲਿਫਟਿੰਗ ਦੇ ਨਾਲ-ਨਾਲ ਉਨ੍ਹਾਂ ਨੂੰ ਫ਼ਸਲ ਦੀ ਅਦਾਇਗੀ ਵੀ ਨਿਰਧਾਰਤ ਸਮੇਂ ਅੰਦਰ ਮਿਲੇ।
ਲਹਿਰਾਗਾਗਾ, 14 ਨਵੰਬਰ (ਪ੍ਰਵੀਨ ਖੋਖਰ)-ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖ਼ਰੀਦੀ ਗਈ ਫ਼ਸਲ ਦੀ ਲਿਫਟਿੰਗ ਦੇ ਨਾਲ-ਨਾਲ ਉਨ੍ਹਾਂ ਨੂੰ ਫ਼ਸਲ ਦੀ ਅਦਾਇਗੀ ਵੀ ਨਿਰਧਾਰਤ ਸਮੇਂ ਅੰਦਰ ਮਿਲੇ। ਇਸ ਸਬੰਧੀ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਬੰਧਤ ਅਧਿਕਾਰੀਆਂ ਨੂੰ ਖ਼ਰੀਦ ਪ੍ਰਬੰਧਾਂ ਵਿੱਚ ਪੂਰੀ ਚੌਕਸੀ ਵਰਤਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉੱਚ ਅਧਿਕਾਰੀਆਂ ਅਤੇ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਸੂਬੇ ਅੰਦਰ ਚੱਲ ਰਹੀ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਸੰਭਾਵਿਤ ਮੁਸ਼ਕਲਾਂ, ਖ਼ਰੀਦ ਪ੍ਰਬੰਧਾਂ ਅਤੇ ਖ਼ਰੀਦੀ ਗਈ ਫ਼ਸਲ ਦੀ ਚੁਕਾਈ ਸਬੰਧੀ ਅਹਿਮ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਕਿਸਾਨਾਂ ਦੀ ਸਹੂਲਤ ਅਤੇ ਉਨ੍ਹਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨ ਆਪਣੀ ਸਾਲ ਭਰ ਦੀ ਮਿਹਨਤ ਨਾਲ ਤਿਆਰ ਕੀਤੀ ਫ਼ਸਲ ਲੈ ਕੇ ਪਹੁੰਚਦੇ ਹਨ, ਇਸ ਲਈ ਇਹ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਲਈ ਬੇਲੋੜੀ ਉਡੀਕ ਜਾਂ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇ ਅਤੇ ਖ਼ਰੀਦ ਪ੍ਰਕਿਰਿਆ ਵਿੱਚ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਨਾ ਵਰਤੀ ਜਾਵੇ। ਕੈਬਨਿਟ ਮੰਤਰੀ ਨੇ ਵਿਸ਼ੇਸ਼ ਤੌਰ ’ਤੇ ਖ਼ਰੀਦੀ ਗਈ ਫ਼ਸਲ ਦੀ ਸਮੇਂ ਸਿਰ ਲਿਫਟਿੰਗ ਕਰਨ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਬਿਨਾਂ ਕਿਸੇ ਦੇਰੀ ਦੇ ਕਰਵਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿਰਫ਼ ਫ਼ਸਲ ਦੀ ਖ਼ਰੀਦ ਕਰਨਾ ਹੀ ਕਾਫ਼ੀ ਨਹੀਂ, ਸਗੋਂ ਖ਼ਰੀਦ ਤੋਂ ਬਾਅਦ ਉਸ ਦੀ ਚੁਕਾਈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਬਣਦੀ ਰਕਮ ਦੀ ਅਦਾਇਗੀ ਵੀ ਤੈਅ ਸਮੇਂ ਅੰਦਰ ਹੋਣੀ ਲਾਜ਼ਮੀ ਹੈ। ਇਸ ਲਈ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਵਿਚਕਾਰ ਬਿਹਤਰ ਤਾਲਮੇਲ ਬਣਾਈ ਰੱਖਿਆ ਜਾਵੇ, ਤਾਂ ਜੋ ਖ਼ਰੀਦ ਪ੍ਰਕਿਰਿਆ ਦੇ ਕਿਸੇ ਵੀ ਪੜਾਅ ’ਤੇ ਰੁਕਾਵਟ ਪੈਦਾ ਨਾ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਬਚਾਉਣ ਲਈ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਪ੍ਰਸ਼ਾਸਨਿਕ ਅਧਿਕਾਰੀ ਮੰਡੀਆਂ ਦੀ ਸਥਿਤੀ ’ਤੇ ਨਜ਼ਰ ਰੱਖਣ ਅਤੇ ਜੇਕਰ ਕਿਸੇ ਕਿਸਾਨ ਨੂੰ ਖ਼ਰੀਦ, ਲਿਫਟਿੰਗ ਜਾਂ ਅਦਾਇਗੀ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾਵੇ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਗੰਭੀਰ ਹੈ। ਕਿਸਾਨ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਸਦਕਾ ਹੀ ਦੇਸ਼ ਦੇ ਅੰਨ ਭੰਡਾਰ ਭਰਦੇ ਹਨ। ਇਸ ਲਈ ਸਰਕਾਰ ਦੀ ਵਚਨਬੱਧਤਾ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਪੂਰਾ ਮੁੱਲ ਮਿਲੇ ਅਤੇ ਮੰਡੀਆਂ ਵਿੱਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਅਤੇ ਉਨ੍ਹਾਂ ਦੀ ਮਿਹਨਤ ਦਾ ਪੂਰਾ ਮੁੱਲ ਦਿਵਾਉਣ ਲਈ ਵਚਨਬੱਧ ਹੈ। ਝੋਨੇ ਦੀ ਖ਼ਰੀਦ ਤੋਂ ਲੈ ਕੇ ਲਿਫਟਿੰਗ ਅਤੇ ਅਦਾਇਗੀ ਤੱਕ ਹਰ ਪੜਾਅ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ।