ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਇਮਾਰਤ ਨੂੰ ਕੀਤਾ ਗਿਆ ਸੀਲ
ਪੁਲਿਸ ਦੀ ਤਲਾਸ਼ੀ ਤੋਂ ਬਾਅਦ ਅਦਾਲਤੀ ਕੰਮਕਾਜ ਮੁੜ ਹੋਇਆ ਸ਼ੁਰੂ
ਫ਼ਿਰੋਜ਼ਪੁਰ, 12 ਸਤੰਬਰ (ਰਾਕੇਸ਼ ਚਾਵਲਾ)- ਲੋਕ ਅਦਾਲਤ ਮੌਕੇ ਫਿਰੋਜ਼ਪੁਰ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸਨਿਚਰਵਾਰ ਨੂੰ ਅਦਾਲਤੀ ਕੰਪਲੈਕਸ ਵਿਚ ਹੜਕੰਪ ਮੱਚ ਗਿਆ। ਸੁਰੱਖਿਆ ਨੂੰ ਮੁੱਖ ਰੱਖਦਿਆਂ ਜੂਡੀਸ਼ੀਅਲ ਅਧਿਕਾਰੀਆਂ, ਵਕੀਲਾਂ ਤੇ ਅਦਾਲਤੀ ਸਟਾਫ ਨੂੰ ਇਮਾਰਤ ਅੰਦਰ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ।
ਬ
ਬੰਬ ਦੀ ਧਮਕੀ ਉਪਰੰਤ ਕੋਰਟ ਕੰਪਲੈਕਸ ਨੂੰ ਖ਼ਾਲੀ ਕਰਵਾਉਣ ਸਮੇਂ ਦਾ ਦ੍ਰਿਸ਼। ਤਸਵੀਰ-ਰਾਕੇਸ਼ ਚਾਵਲਾ
13-09-2026
ਫ਼ਿਰੋਜ਼ਪੁਰ, 12 ਸਤੰਬਰ (ਰਾਕੇਸ਼ ਚਾਵਲਾ)- ਲੋਕ ਅਦਾਲਤ ਮੌਕੇ ਫਿਰੋਜ਼ਪੁਰ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸਨਿਚਰਵਾਰ ਨੂੰ ਅਦਾਲਤੀ ਕੰਪਲੈਕਸ ਵਿਚ ਹੜਕੰਪ ਮੱਚ ਗਿਆ। ਸੁਰੱਖਿਆ ਨੂੰ ਮੁੱਖ ਰੱਖਦਿਆਂ ਜੂਡੀਸ਼ੀਅਲ ਅਧਿਕਾਰੀਆਂ, ਵਕੀਲਾਂ ਤੇ ਅਦਾਲਤੀ ਸਟਾਫ ਨੂੰ ਇਮਾਰਤ ਅੰਦਰ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ। ਧਮਕੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਮੌਕੇ ’ਤੇ ਪਹੁੰਚ ਕੇ ਪੂਰੇ ਕੋਰਟ ਕੰਪਲੈਕਸ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਤੇ ਖੋਜੀ ਕੁੱਤੇ ਨਾਲ ਤਲਾਸ਼ੀ ਲਈ ਗਈ। ਸੁਰੱਖਿਆ ਕਾਰਨਾਂ ਕਰਕੇ ਕਰੀਬ 11.30 ਵਜੇ ਤੱਕ ਅਦਾਲਤੀ ਇਮਾਰਤ ਨੂੰ ਸੀਲ ਰੱਖਿਆ ਗਿਆ। ਪੁਲਿਸ ਟੀਮਾਂ ਵਲੋਂ ਇਮਾਰਤ ਦੇ ਵੱਖ-ਵੱਖ ਹਿੱਸਿਆਂ, ਕਮਰਿਆਂ ਤੇ ਆਲੇ-ਦੁਆਲੇ ਦੇ ਖੇਤਰ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਕਿਸੇ ਵੀ ਸ਼ੱਕੀ ਵਸਤੂ ਜਾਂ ਬੰਬ ਵਰਗੀ ਚੀਜ਼ ਦੀ ਮੌਜ਼ੂਦਗੀ ਬਾਰੇ ਕੋਈ ਪੁਸ਼ਟੀ ਨਹੀਂ ਹੋਈ। ਪੁਲਿਸ ਅਧਿਕਾਰੀਆਂ ਵਲੋਂ ਤਲਾਸ਼ੀ ਮੁਹਿੰਮ ਪੂਰੀ ਕਰਨ ਤੋਂ ਬਾਅਦ ਕੋਰਟ ਕੰਪਲੈਕਸ ਨੂੰ ਸੁਰੱਖਿਅਤ ਐਲਾਨਿਆ ਗਿਆ। ਇਸ ਤੋਂ ਬਾਅਦ ਦੁਪਹਿਰ ਕਰੀਬ 12 ਵਜੇ ਬਾਅਦ ਅਦਾਲਤੀ ਕੰਮਕਾਜ ਮੁੜ ਸ਼ੁਰੂ ਕਰ ਦਿੱਤਾ ਗਿਆ ਤੇ ਜੂਡੀਸ਼ੀਅਲ ਅਧਿਕਾਰੀਆਂ, ਵਕੀਲਾਂ ਤੇ ਸਟਾਫ ਨੂੰ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਗਈ। ਦੱਸਣਯੋਗ ਹੈ ਕਿ ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ ਤੇ ਇਹ ਛੇਵੀਂ ਵਾਰ ਹੈ, ਜਦੋਂ ਕੋਰਟ ਕੰਪਲੈਕਸ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।