ਵਿਧਾਇਕ ਦਹੀਯਾ ਦੀ ਅਗਵਾਈ ਹੇਠ ਹਲਕਾ ਦਿਹਾਤੀ ਵਿਕਾਸ ਦੀ ਰਾਹ ’ਤੇ ਤੇਜ਼ੀ ਨਾਲ ਅੱਗੇ ਵਧ ਰਿਹਾ- ਗਿੱਲ
ਫ਼ਿਰੋਜ਼ਪੁਰ, 20 ਸਤੰਬਰ (ਕੁਲਬੀਰ ਸਿੰਘ ਸੋਢੀ): ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਦੀ ਅਗਵਾਈ ਹੇਠ ਹਲਕੇ ਦੇ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲ ਰਹੀ ਹੈ ਅਤੇ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਘੱਲ ਖੁਰਦ ਪਰਮਪਾਲ ਸਿੰਘ ਗਿੱਲ ਨੇ ਕੀਤਾ।
ਫ਼ਿਰੋਜ਼ਪੁਰ, 20 ਸਤੰਬਰ (ਕੁਲਬੀਰ ਸਿੰਘ ਸੋਢੀ): ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਦੀ ਅਗਵਾਈ ਹੇਠ ਹਲਕੇ ਦੇ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲ ਰਹੀ ਹੈ ਅਤੇ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਘੱਲ ਖੁਰਦ ਪਰਮਪਾਲ ਸਿੰਘ ਗਿੱਲ ਨੇ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕ ਰਜਨੀਸ਼ ਦਹੀਯਾ ਵਲੋਂ ਹਲਕੇ ਦੇ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਤੇ ਸਬੰਧਤ ਵਿਭਾਗਾਂ ਰਾਹੀਂ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਗਿੱਲ ਨੇ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਸਮਾਜਿਕ ਭਲਾਈ ਨਾਲ ਸਬੰਧਤ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਵੀ ਸਰਕਾਰ ਦੀ ਤਰਜੀਹ ਹੈ। ਆਗੂ ਪਰਮਪਾਲ ਸਿੰਘ ਗਿੱਲ ਨੇ ਕਿਹਾ ਕਿ ਹਾਲ ਹੀ ਵਿਚ ਘੱਲ ਖੁਰਦ ਤੇ ਫ਼ਿਰੋਜ਼ਪੁਰ ਬਲਾਕਾਂ ਦੀਆਂ 15 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਮਿਲਣਾ ਵੀ ਇਸ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪਿੰਡ ਪੱਧਰ ’ਤੇ ਬੱਚਿਆਂ, ਮਹਿਲਾਵਾਂ ਤੇ ਪਰਿਵਾਰਾਂ ਨਾਲ ਸਿੱਧੇ ਤੌਰ ’ਤੇ ਜੁੜ ਕੇ ਪੋਸ਼ਣ, ਸਿਹਤ ਅਤੇ ਸਮਾਜਿਕ ਭਲਾਈ ਦੀਆਂ ਸੇਵਾਵਾਂ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦੇਣ ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਆਉਣ ਵਾਲੇ ਸਮੇਂ ਵਿਚ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਹੋਰ ਪਿੰਡਾਂ ਵਿਚ ਵੀ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ।