21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 7 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ

ਮੱਲਾਂਵਾਲਾ, 20 ਅਕਤੂਬਰ (ਗੁਰਦੇਵ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਕੋਰ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਹੇਠ ਡਾ. ਗੁਰਮੇਲ ਸਿੰਘ ਫੱਤੇਵਾਲਾ ਦੇ ਗ੍ਰਹਿ ਵਿਖੇ ਹੋਈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਹਾਜ਼ਰ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਅਤੇ ਹੋਰ ਆਗੂ। ਤਸਵੀਰ : ਗੁਰਦੇਵ ਸਿੰਘ 21-10-2026
ਮੱਲਾਂਵਾਲਾ, 20 ਅਕਤੂਬਰ (ਗੁਰਦੇਵ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਕੋਰ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਹੇਠ ਡਾ. ਗੁਰਮੇਲ ਸਿੰਘ ਫੱਤੇਵਾਲਾ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਕਿਸਾਨੀ ਮਸਲਿਆਂ, ਪਰਾਲੀ ਪ੍ਰਬੰਧਨ, ਡੀ.ਏ.ਪੀ ਖਾਦ ਦੀ ਉਪਲਬਧਤਾ ਅਤੇ ਸਰਕਾਰ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਆਗੂ ਹਰਫੂਲ ਸਿੰਘ ਦੂਲੇਵਾਲਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਪਰਾਲੀ ਦੀ ਸਮੱਸਿਆ ਦਾ ਢੁੱਕਵਾਂ ਹੱਲ ਕੱਢਣ ਦੀ ਬਜਾਏ ਪ੍ਰਦੂਸ਼ਣ ਦੇ ਨਾਂਅ ’ਤੇ ਕਿਸਾਨਾਂ ਨੂੰ ਬਦਨਾਮ ਕਰ ਰਹੀਆਂ ਹਨ ਅਤੇ ਉਨ੍ਹਾਂ ਖ਼ਿਲਾਫ਼ ਪਰਚੇ ਦਰਜ ਕਰਨ ’ਤੇ ਜੁਰਮਾਨੇ ਲਾਉਣ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਾਉਣ ਦੇ ਹੱਕ ਵਿਚ ਨਹੀਂ ਹਨ, ਪਰ ਆਰਥਿਕ ਤੰਗੀ ਅਤੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਲਈ ਪਰਾਲੀ ਦਾ ਪ੍ਰਬੰਧ ਕਰਨਾ ਵੱਡੀ ਚੁਣੌਤੀ ਹੈ। ਇਸ ਲਈ ਸਰਕਾਰਾਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ 7 ਹਜ਼ਾਰ ਰੁਪਏ ਪ੍ਰਤੀ ਏਕੜ ਜਾਂ ਝੋਨੇ ਦੀ ਫ਼ਸਲ ’ਤੇ 200 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਤਾਂ ਜੋ ਇਸ ਸਮੱਸਿਆ ਦਾ ਢੁੱਕਵਾਂ ਹੱਲ ਨਿਕਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਇਸ ਮਸਲੇ ਦਾ ਹੱਲ ਨਾ ਕੀਤਾ ਤਾਂ ਜਥੇਬੰਦੀ ਕਿਸਾਨਾਂ ਦੇ ਹੱਕਾਂ ਲਈ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। ਆਗੂਆਂ ਨੇ ਕਣਕ ਦੀ ਬਿਜਾਈ ਲਈ ਡੀ.ਏ.ਪੀ ਖਾਦ ਦੀ ਕਥਿਤ ਕਾਲਾਬਾਜ਼ਾਰੀ ’ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਖਾਦ ਦੀ ਕਾਲਾਬਾਜ਼ਾਰੀ ਨੂੰ ਰੋਕੇ ਅਤੇ ਕਿਸਾਨਾਂ ਨੂੰ ਲੋੜ ਅਨੁਸਾਰ ਡੀ.ਏ.ਪੀ ਖਾਦ ਮੁਹੱਈਆ ਕਰਵਾਈ ਜਾਵੇ ਤਾਂ ਜੋ ਕਣਕ ਦੀ ਬਿਜਾਈ ਸਮੇਂ ਸਿਰ ਹੋ ਸਕੇ ਅਤੇ ਕਿਸਾਨਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਵਲੋਂ ਰੇਲ ਰੋਕੋ ਐਕਸ਼ਨ ਤੋਂ ਬਾਅਦ ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕੱਢਣ ਦਾ ਭਰੋਸਾ ਦਿੱਤਾ ਸੀ, ਪਰ ਅਜੇ ਤੱਕ ਇਨ੍ਹਾਂ ਮੰਗਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਆਗੂਆਂ ਨੇ ਦੱਸਿਆ ਕਿ 15 ਅਕਤੂਬਰ ਨੂੰ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ ਦੌਰਾਨ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮੋਰਚੇ ਦੀ ਸਫ਼ਲਤਾ ਲਈ ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਤਿਆਰੀਆਂ ਕੀਤੀਆਂ ਜਾਣਗੀਆਂ। ਮੀਟਿੰਗ ਦੌਰਾਨ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ (ਐਮ.ਐੱਸ.ਪੀ) ’ਤੇ ਖ਼ਰੀਦ ਯਕੀਨੀ ਬਣਾਈ ਜਾਵੇ, ਬਿਜਲੀ ਦੇ ਸਮਾਰਟ ਮੀਟਰ ਲਾਉਣੇ ਬੰਦ ਕੀਤੇ ਜਾਣ ਅਤੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ। ਇਸ ਤੋਂ ਇਲਾਵਾ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਕਿਸਾਨਾਂ ਦੀਆਂ ਟਰਾਲੀਆਂ ਅਤੇ ਹੋਰ ਸਾਮਾਨ ਦੀ ਹੋਈ ਚੋਰੀ ਦੇ ਨੁਕਸਾਨ ਦੀ ਭਰਪਾਈ ਕਰਨ ਅਤੇ ਮੰਗ ਪੱਤਰ ਵਿਚ ਦਰਜ ਹੋਰ ਕਿਸਾਨੀ ਮੰਗਾਂ ਨੂੰ ਵੀ ਲਾਗੂ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਰਣਜੀਤ ਸਿੰਘ ਖੱਚਰਵਾਲਾ, ਸੁਰਜੀਤ ਸਿੰਘ ਫੌਜੀ, ਨਰਿੰਦਰਪਾਲ ਸਿੰਘ ਜਤਾਲਾ, ਅਮਨਦੀਪ ਸਿੰਘ ਕੱਚਰਭੰਨ, ਧਰਮ ਸਿੰਘ ਸਿੱਧੂ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਮੋਟਰ ਦੀ ਕੇਬਲ ਤਾਰ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਵਿਅਕਤੀ ਕਾਬੂ ਅਗਲੀ ਖ਼ਬਰ ਹਰਪਾਲ ਸਿੰਘ ਭੁੱਲਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।