03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਮਾਜ ਸੇਵੀਆਂ ਅਤੇ ਸਿੱਖਿਆ ਸੰਸਥਾ ਦੇ ਨੁਮਾਇੰਦਿਆਂ ਨੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਤਿਉਹਾਰ ਮਨਾਉਣ ਦੀ ਕੀਤੀ ਅਪੀਲ ਕਿਹਾ, ਪਟਾਕਿਆਂ ਦੀ ਥਾਂ ਦੀਵਿਆਂ ਨਾਲ ਰੁਸ਼ਨਾਈਏ ਦੀਵਾਲੀ-ਵਾਤਾਵਰਨ ਦੀ ਸੰਭਾਲ ਦਾ ਦਿੱਤਾ ਸੁਨੇਹਾ

ਮੱਖੂ, 2 ਨਵੰਬਰ (ਵਰਿੰਦਰ ਮਨਚੰਦਾ)-ਭਾਰਤ ਤਿਉਹਾਰਾਂ ਅਤੇ ਮੇਲਿਆਂ ਦੀ ਧਰਤੀ ਹੈ, ਜਿੱਥੇ ਹਰ ਤਿਉਹਾਰ ਨੂੰ ਲੋਕ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਉਂਦੇ ਹਨ। ਦੀਵਾਲੀ ਵੀ ਅਜਿਹਾ ਹੀ ਖ਼ਾਸ ਤਿਉਹਾਰ ਹੈ, ਜਿਸ ਨੂੰ ਲੈ ਕੇ ਲੋਕਾਂ ਵਿਚ ਕਾਫ਼ੀ ਉਤਸ਼ਾਹ ਪਾਇਆ ਜਾਂਦਾ ਹੈ।

ਅਜੀਤ ਡੈਸਕ 03-11-2026
ਮੱਖੂ, 2 ਨਵੰਬਰ (ਵਰਿੰਦਰ ਮਨਚੰਦਾ)-ਭਾਰਤ ਤਿਉਹਾਰਾਂ ਅਤੇ ਮੇਲਿਆਂ ਦੀ ਧਰਤੀ ਹੈ, ਜਿੱਥੇ ਹਰ ਤਿਉਹਾਰ ਨੂੰ ਲੋਕ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਉਂਦੇ ਹਨ। ਦੀਵਾਲੀ ਵੀ ਅਜਿਹਾ ਹੀ ਖ਼ਾਸ ਤਿਉਹਾਰ ਹੈ, ਜਿਸ ਨੂੰ ਲੈ ਕੇ ਲੋਕਾਂ ਵਿਚ ਕਾਫ਼ੀ ਉਤਸ਼ਾਹ ਪਾਇਆ ਜਾਂਦਾ ਹੈ। ਇਸ ਦਿਨ ਘਰਾਂ ਨੂੰ ਦੀਵਿਆਂ ਅਤੇ ਰੌਸ਼ਨੀਆਂ ਨਾਲ ਸਜਾਇਆ ਜਾਂਦਾ ਹੈ ਅਤੇ ਲੋਕ ਇਕ-ਦੂਜੇ ਨਾਲ ਖੁਸ਼ੀਆਂ ਸਾਂਝੀਆਂ ਕਰਦੇ ਹਨ, ਪਰ ਸਮੇਂ ਦੇ ਨਾਲ ਦੀਵਾਲੀ ਮੌਕੇ ਪਟਾਕਿਆਂ ਦੀ ਵਧਦੀ ਵਰਤੋਂ ਕਾਰਨ ਵਾਤਾਵਰਨ ਅਤੇ ਮਨੁੱਖੀ ਸਿਹਤ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਨੂੰ ਦੇਖਦਿਆਂ ਸਮਾਜ ਦੇ ਵੱਖ-ਵੱਖ ਵਰਗਾਂ ਵਲੋਂ ਪਟਾਕੇ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਸਬੰਧੀ ਗੋਲਡਨ ਆਈਲੈਟਸ ਸੈਂਟਰ ਦੇ ਡਾਇਰੈਕਟਰ ਅਤੇ ਕੌਂਸਲਰ ਮਨਜਿੰਦਰ ਸਿੰਘ ਮਿੰਟੂ ਨੇ ਕਿਹਾ ਕਿ ਪਟਾਕਿਆਂ ਵਿਚੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਮਨੁੱਖੀ ਸਿਹਤ ਲਈ ਵੀ ਨੁਕਸਾਨਦੇਹ ਹੈ। ਇਸ ਨਾਲ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੁੰਦੀ ਹੈ ਅਤੇ ਸਾਹ ਲੈਣ ਵਿਚ ਤਕਲੀਫ਼, ਅੱਖਾਂ ਵਿਚ ਜਲਣ ਸਮੇਤ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਤੇਜ਼ ਆਵਾਜ਼ ਵਾਲੇ ਪਟਾਕੇ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਲਈ ਖ਼ਾਸ ਤੌਰ ’ਤੇ ਪ੍ਰੇਸ਼ਾਨੀ ਦਾ ਕਾਰਨ ਬਣਦੇ ਹਨ। ਇਸ ਤੋਂ ਇਲਾਵਾ ਪਟਾਕਿਆਂ ਕਾਰਨ ਅੱਗ ਲੱਗਣ ਅਤੇ ਸਰੀਰਕ ਸੱਟਾਂ ਲੱਗਣ ਵਰਗੀਆਂ ਘਟਨਾਵਾਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਟਾਕਿਆਂ ਤੋਂ ਦੂਰੀ ਬਣਾ ਕੇ ਆਪਣੀ ਅਤੇ ਦੂਜਿਆਂ ਦੀ ਸਿਹਤ ਦੀ ਰਾਖੀ ਕੀਤੀ ਜਾਵੇ। ਬਲਾਕ ਕਾਂਗਰਸ ਕਮੇਟੀ ਮੱਖੂ ਦੇ ਪ੍ਰਧਾਨ ਸ਼ਿਵ ਸਾਗਰ ਸ਼ਰਮਾ ਨੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਹਰ ਮਨੁੱਖ ਦੀ ਮੁੱਢਲੀ ਲੋੜ ਹੈ ਅਤੇ ਇਸ ਦੀ ਸੰਭਾਲ ਕਰਨਾ ਸਮਾਜ ਦੇ ਹਰੇਕ ਵਿਅਕਤੀ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਸਿਰਫ਼ ਸਰਕਾਰ ਜਾਂ ਕਿਸੇ ਇਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਸ ਲਈ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੀਆਂ ਖੁਸ਼ੀਆਂ ਮਨਾਉਂਦੇ ਹੋਏ ਸਾਨੂੰ ਇਸ ਗੱਲ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ ਕਿ ਸਾਡਾ ਜਸ਼ਨ ਕਿਸੇ ਹੋਰ ਲਈ ਪ੍ਰੇਸ਼ਾਨੀ ਜਾਂ ਵਾਤਾਵਰਨ ਲਈ ਨੁਕਸਾਨ ਦਾ ਕਾਰਨ ਨਾ ਬਣੇ। ਉਨ੍ਹਾਂ ਪਟਾਕੇ ਰਹਿਤ ਦੀਵਾਲੀ ਮਨਾਉਣ ਦਾ ਸੰਕਲਪ ਲੈਣ ਦੀ ਅਪੀਲ ਕੀਤੀ। ਕੌਂਸਲਰ ਸੰਦੀਪ ਠੁਕਰਾਲ ਨੇ ਕਿਹਾ ਕਿ ਦੀਵਾਲੀ ਦਾ ਅਸਲ ਮਹੱਤਵ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿਚ ਹੈ। ਇਸ ਤਿਉਹਾਰ ਨੂੰ ਪਟਾਕਿਆਂ ’ਤੇ ਖ਼ਰਚ ਕਰਨ ਦੀ ਬਜਾਏ ਘਰਾਂ ਵਿਚ ਤਿਆਰ ਕੀਤੀਆਂ ਮਠਿਆਈਆਂ ਅਤੇ ਪਕਵਾਨਾਂ ਰਾਹੀਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਆਂਢ-ਗੁਆਂਢ ਨਾਲ ਖੁਸ਼ੀਆਂ ਸਾਂਝੀਆਂ ਕਰਕੇ ਵੀ ਯਾਦਗਾਰੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਨੂੰ ਪਟਾਕਿਆਂ ਦੇ ਨੁਕਸਾਨਾਂ ਬਾਰੇ ਸਮਝਾਉਣ ਅਤੇ ਉਨ੍ਹਾਂ ਨੂੰ ਸੁਰੱਖਿਅਤ ਢੰਗ ਨਾਲ ਤਿਉਹਾਰ ਮਨਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਪਿਆਰ ਅਤੇ ਸਾਂਝ ਨਾਲ ਮਨਾਇਆ ਗਿਆ ਤਿਉਹਾਰ ਹੀ ਸਮਾਜ ਵਿਚ ਚੰਗਾ ਸੁਨੇਹਾ ਦਿੰਦਾ ਹੈ। ਕਿੰਡਰਗਾਰਟਨ ਸੀਨੀਅਰ ਸੈਕੰਡਰੀ ਸਕੂਲ ਮੱਖੂ ਦੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਕਟਾਰੀਆ ਨੇ ਕਿਹਾ ਕਿ ਦੀਵਾਲੀ ਖੁਸ਼ੀਆਂ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ, ਜਿਸ ਨੂੰ ਸਾਫ਼-ਸੁਥਰੇ ਅਤੇ ਸੁਰੱਖਿਅਤ ਵਾਤਾਵਰਨ ਵਿਚ ਮਨਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਵਾਤਾਵਰਨ ਦੀ ਮਹੱਤਤਾ ਅਤੇ ਪਟਾਕਿਆਂ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਉਣਾ ਚਾਹੀਦਾ ਹੈ। ਸਕੂਲਾਂ ਦੇ ਨਾਲ-ਨਾਲ ਮਾਪਿਆਂ ਨੂੰ ਵੀ ਇਸ ਦਿਸ਼ਾ ਵਿਚ ਅਹਿਮ ਭੂਮਿਕਾ ਨਿਭਾਉਣ ਦੀ ਲੋੜ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਪਟਾਕਿਆਂ ਤੋਂ ਦੂਰ ਰਹਿਣ ਅਤੇ ਪਿਆਰ, ਸਦਭਾਵਨਾ ਤੇ ਭਾਈਚਾਰਕ ਸਾਂਝ ਨਾਲ ਦੀਵਾਲੀ ਮਨਾਉਣ ਲਈ ਉਤਸ਼ਾਹਿਤ ਕਰਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਕੀਤਾ ਗਿਆ ਹਰ ਛੋਟਾ ਉਪਰਾਲਾ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਡੀ ਸੌਗਾਤ ਸਾਬਤ ਹੋ ਸਕਦਾ ਹੈ।
ਪਿਛਲੀ ਖ਼ਬਰ ਮਕਾਨ ਉਸਾਰੀ ਦੀਆਂ ਗ੍ਰਾਂਟਾਂ ਰੁਕਣ ਕਾਰਨ ਗਰੀਬ ਪਰਿਵਾਰਾਂ ਦੀਆਂ ਮੁਸ਼ਕਿਲਾਂ ਵਧੀਆਂ ਅਗਲੀ ਖ਼ਬਰ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਦੀ ਪ੍ਰਾਪਤੀ ਲਈ ਸਿਵਲ ਸਰਜਨ ਵਲੋਂ ਅਧਿਕਾਰੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।