‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਮਰਪਿਤ ਸਿਵਲ ਸਰਜਨ ਨੇ ਸਿਵਲ ਹਸਪਤਾਲ ਤੋਂ ਹੁਸੈਨੀਵਾਲਾ ਤੱਕ ਕੀਤੀ ਪੈਦਲ ਯਾਤਰਾ
ਸ਼ਹੀਦੀ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ
ਫ਼ਿਰੋਜ਼ਪੁਰ, 25 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ.
ਸ
ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਤੋਂ ਹੁਸੈਨੀਵਾਲਾ ਤੱਕ ਕੀਤੀ ਪੈਦਲ ਯਾਤਰਾ ਦੀ ਤਸਵੀਰ। ਅਜੀਤ ਤਸਵੀਰ
26-11-2026
ਫ਼ਿਰੋਜ਼ਪੁਰ, 25 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਪਰਮਿੰਦਰ ਸਿੰਘ ਨੇ ਸਿਹਤ ਅਤੇ ਨਸ਼ਾ ਮੁਕਤੀ ਦਾ ਸੁਨੇਹਾ ਦੇਣ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਤੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਤੱਕ ਪੈਦਲ ਯਾਤਰਾ ਕੀਤੀ। ਇਸ ਪੈਦਲ ਯਾਤਰਾ ਦਾ ਮਕਸਦ ਨੌਜਵਾਨ ਪੀੜ੍ਹੀ ਸਮੇਤ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਰੀਰਕ ਤੇ ਮਾਨਸਿਕ ਤੰਦਰੁਸਤੀ ਵੱਲ ਧਿਆਨ ਦੇਣ ਅਤੇ ਚੰਗੀਆਂ ਆਦਤਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਨਾ ਸੀ। ਹੁਸੈਨੀਵਾਲਾ ਵਿਖੇ ਪਹੁੰਚਣ ਉਪਰੰਤ ਡਾ. ਪਰਮਿੰਦਰ ਸਿੰਘ ਵਲੋਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਨਮਨ ਕੀਤਾ ਗਿਆ। ਇਸ ਮੌਕੇ ਡਾ. ਪਰਮਿੰਦਰ ਸਿੰਘ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਸਿਰਫ਼ ਸਰਕਾਰੀ ਮੁਹਿੰਮ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਸਰਕਾਰ, ਸਿਹਤ ਵਿਭਾਗ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ, ਮਾਪਿਆਂ ਅਤੇ ਆਮ ਲੋਕਾਂ ਨੂੰ ਮਿਲ ਕੇ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਨਸ਼ਾ ਕਿਸੇ ਇਕ ਵਿਅਕਤੀ ਦੀ ਜ਼ਿੰਦਗੀ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਬਲਕਿ ਇਸ ਨਾਲ ਪੂਰਾ ਪਰਿਵਾਰ ਅਤੇ ਸਮਾਜ ਵੀ ਪ੍ਰਭਾਵਿਤ ਹੁੰਦਾ ਹੈ। ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਨਤੀਜਿਆਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਸਿਵਲ ਸਰਜਨ ਨੇ ਕਿਹਾ ਕਿ ਤੰਦਰੁਸਤ ਜੀਵਨ ਜਿਊਣ ਲਈ ਰੋਜ਼ਾਨਾ ਸੈਰ, ਕਸਰਤ, ਯੋਗਾ, ਸੰਤੁਲਿਤ ਖੁਰਾਕ ਅਤੇ ਲੋੜੀਂਦੀ ਨੀਂਦ ਬਹੁਤ ਮਹੱਤਵਪੂਰਨ ਹਨ। ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸਿਹਤ ਦਾ ਧਿਆਨ ਰੱਖਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਮਾਨਸਿਕ ਤਣਾਅ ਜਾਂ ਪ੍ਰੇਸ਼ਾਨੀ ਨੂੰ ਲੁਕਾਉਣ ਦੀ ਬਜਾਏ ਪਰਿਵਾਰਕ ਮੈਂਬਰਾਂ ਨਾਲ ਸਾਂਝਾ ਕਰਨਾ ਚਾਹੀਦਾ ਹੈ ਅਤੇ ਲੋੜ ਪੈਣ ’ਤੇ ਸਿਹਤ ਮਾਹਿਰਾਂ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਊਰਜਾ ਨੂੰ ਖੇਡਾਂ, ਪੜ੍ਹਾਈ, ਕਸਰਤ ਅਤੇ ਹੋਰ ਉਸਾਰੂ ਗਤੀਵਿਧੀਆਂ ਵਿਚ ਲਗਾਉਣ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦਾ ਭਵਿੱਖ ਹਨ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਜ਼ਿੰਮੇਵਾਰ ਨਾਗਰਿਕ ਬਣਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਡਾ. ਪਰਮਿੰਦਰ ਸਿੰਘ ਨੇ ਸਿਹਤ ਵਿਭਾਗ ਵਲੋਂ ਨਸ਼ਾ ਛੁਡਾਉਣ ਅਤੇ ਇਲਾਜ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਸ਼ੇ ਦੀ ਲਤ ਤੋਂ ਪੀੜਤ ਹੈ ਤਾਂ ਉਸ ਨੂੰ ਨਫ਼ਰਤ ਜਾਂ ਸਮਾਜਿਕ ਤੌਰ ’ਤੇ ਅਲੱਗ ਕਰਨ ਦੀ ਬਜਾਏ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ, ਜਾਗਰੂਕਤਾ ਅਤੇ ਸਹੀ ਇਲਾਜ ਰਾਹੀਂ ਹੀ ਨਸ਼ਾ ਮੁਕਤ, ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕੀਤੀ ਜਾ ਸਕਦੀ ਹੈ।