ਮਹਿਰਾਜ, 16 ਅਕਤੂਬਰ (ਸੁਖਪਾਲ ਮਹਿਰਾਜ)– ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤੀ ਕਾਲਾ (ਲੜਕੇ), ਮਹਿਰਾਜ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਬਠਿੰਡਾ ਚਮਕੌਰ ਸਿੰਘ ਵਲੋਂ ਅਚਾਨਕ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਕੂਲ ਦੀਆਂ ਵਿੱਦਿਅਕ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚਮਕੌਰ ਸਿੰਘ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਚੰਗੇ ਅੰਕ ਪ੍ਰਾਪਤ ਕਰਨਾ ਨਹੀਂ, ਸਗੋਂ ਚੰਗੇ ਸੰਸਕਾਰਾਂ ਵਾਲੇ, ਇਮਾਨਦਾਰ ਤੇ ਜ਼ਿੰਮੇਵਾਰ ਨਾਗਰਿਕ ਬਣਨਾ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਾਤਾ-ਪਿਤਾ ਤੇ ਅਧਿਆਪਕਾਂ ਦਾ ਸਤਿਕਾਰ ਕਰਨ, ਸਮੇਂ ਦੀ ਕਦਰ ਕਰਨ, ਅਨੁਸ਼ਾਸਨ ’ਚ ਰਹਿਣ ਤੇ ਨਸ਼ਿਆਂ ਤੇ ਮਾੜੀਆਂ ਆਦਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਮੋਬਾਈਲ ਫ਼ੋਨ ਦੀ ਸੁਚੱਜੀ ਵਰਤੋਂ ਕਰਨ ਤੇ ਪੜ੍ਹਾਈ ਤੇ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਵੀ ਕੀਤੀ। ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਤੇ ਵਿਦਿਆਰਥੀਆਂ ਦੇ ਸਿੱਖਣ ਦੇ ਪੱਧਰ ਵਿਚ ਸੁਧਾਰ ਲਿਆਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਤੇ ਪੜ੍ਹਾਈ ਵਿਚ ਕਮਜ਼ੋਰ ਵਿਦਿਆਰਥੀਆਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ।