ਦੁਸਹਿਰਾ ਉਤਸਵ ਦੀਆਂ ਤਿਆਰੀਆਂ ਦਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਿਆ ਜਾਇਜ਼ਾ
ਖੰਨਾ, 14 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿੱਚ ਦਸਹਿਰਾ ਉਤਸਵ ਨੂੰ ਸ਼ਾਨਦਾਰ, ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦਸਹਿਰਾ ਗਰਾਊਂਡ ਵਿੱਚ ਪਹੁੰਚ ਕੇ ਉਤਸਵ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਖੰਨਾ, 14 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿੱਚ ਦਸਹਿਰਾ ਉਤਸਵ ਨੂੰ ਸ਼ਾਨਦਾਰ, ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦਸਹਿਰਾ ਗਰਾਊਂਡ ਵਿੱਚ ਪਹੁੰਚ ਕੇ ਉਤਸਵ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਦਸਹਿਰਾ ਉਤਸਵ ਕਮੇਟੀ ਖੰਨਾ ਦੇ ਮੈਂਬਰਾਂ, ਪੁਲਿਸ ਜ਼ਿਲ੍ਹਾ ਖੰਨਾ ਦੀ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਅਤੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਵੱਖ-ਵੱਖ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਮੰਤਰੀ ਸੌਂਦ ਨੇ ਅਧਿਕਾਰੀਆਂ ਅਤੇ ਕਮੇਟੀ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਨਿਰਦੇਸ਼ ਦਿੱਤੇ ਕਿ ਦਸਹਿਰਾ ਉਤਸਵ ਦੌਰਾਨ ਲੋਕਾਂ ਦੀ ਸਹੂਲਤ, ਸੁਰੱਖਿਆ ਅਤੇ ਸੁਚੱਜੇ ਪ੍ਰਬੰਧਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਉਤਸਵ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਅਤੇ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਦੇਖਦਿਆਂ ਸੁਰੱਖਿਆ ਪ੍ਰਬੰਧਾਂ, ਆਵਾਜਾਈ ਦੇ ਸੁਚਾਰੂ ਸੰਚਾਲਨ, ਭੀੜ ਨੂੰ ਨਿਯਮਤ ਕਰਨ ਅਤੇ ਹੋਰ ਜ਼ਰੂਰੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਸੌਂਦ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਦਸਹਿਰਾ ਉਤਸਵ ਵਿੱਚ ਸ਼ਾਮਲ ਹੋਣ ਅਤੇ ਬੁਰਾਈ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਇਸ ਪਵਿੱਤਰ ਤਿਉਹਾਰ ਨੂੰ ਉਤਸ਼ਾਹ, ਸ਼ਰਧਾ ਅਤੇ ਆਪਸੀ ਭਾਈਚਾਰੇ ਨਾਲ ਮਨਾਉਣ। ਉਨ੍ਹਾਂ ਕਿਹਾ ਕਿ ਦਸਹਿਰਾ ਭਾਰਤੀ ਸੱਭਿਆਚਾਰ ਅਤੇ ਪਰੰਪਰਾਵਾਂ ਦਾ ਮਹੱਤਵਪੂਰਨ ਤਿਉਹਾਰ ਹੈ, ਜੋ ਸਾਨੂੰ ਸੱਚਾਈ ਦੇ ਰਾਹ ’ਤੇ ਚੱਲਣ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ। ਤਿਉਹਾਰਾਂ ਮੌਕੇ ਆਪਸੀ ਸਦਭਾਵਨਾ, ਸ਼ਾਂਤੀ ਅਤੇ ਸਮਾਜਿਕ ਏਕਤਾ ਨੂੰ ਕਾਇਮ ਰੱਖਣਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਦਸਹਿਰਾ ਦੇਖਣ ਆਉਣ ਵਾਲੇ ਹਰ ਵਿਅਕਤੀ ਨੂੰ ਸੁਰੱਖਿਅਤ ਅਤੇ ਸੁਖਾਵਾਂ ਮਾਹੌਲ ਮਿਲੇ ਅਤੇ ਲੋਕ ਬਿਨਾਂ ਕਿਸੇ ਪਰੇਸ਼ਾਨੀ ਦੇ ਉਤਸਵ ਦਾ ਆਨੰਦ ਮਾਣ ਸਕਣ।