ਡੇਹਲੋਂ, 9 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਜੇ. ਆਈ. ਐੱਸ. ਇੰਸਟੀਚਿਊਟ ਆਫ਼ ਫਾਰਮੇਸੀ ਭੁੱਟਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਤੇ ਦੀਵਿਆਂ ਦੀ ਰੌਸ਼ਨੀ ਨਾਲ ਪੂਰਾ ਮਾਹੌਲ ਤਿਉਹਾਰ ਦੇ ਰੰਗ ਵਿਚ ਰੰਗਿਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਨਾਚ, ਗਾਇਨ, ਮਨੋਰੰਜਕ ਪੇਸ਼ਕਾਰੀਆਂ ਤੇ ਜੋਸ਼ ਭਰਪੂਰ ਭੰਗੜੇ ਨੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਰੰਗੋਲੀ ਬਣਾਉਣ, ਦੀਵਾ ਸਜਾਵਟ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਮਨੋਰੰਜਕ ਖੇਡਾਂ, ਕੁਇਜ਼ ਅਤੇ ਹੋਰ ਗਤੀਵਿਧੀਆਂ ਵਿਚ ਵੀ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਸਮੇਂ ਪ੍ਰਿੰਸੀਪਲ ਜੇ. ਆਈ. ਐੱਸ. ਇੰਸਟੀਚਿਊਟ ਆਫ਼ ਫਾਰਮੇਸੀ ਡਾ. ਸੂਰਜ ਬਾਂਸਲ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਦੇ ਹੋਏ ਸੁਰੱਖਿਅਤ ਅਤੇ ਵਾਤਾਵਰਨ ਅਨੁਕੂਲ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸੰਸਥਾ ਦੇ ਡਾਇਰੈਕਟਰ ਮੈਡੀਕਲ ਕਾਲਜ ਐਂਡ ਹਸਪਤਾਲ ਅਮਨਦੀਪ ਸਿੰਘ ਨਰੂਲਾ ਨੇ ਵਿਦਿਆਰਥੀਆਂ ਦੇ ਉਤਸ਼ਾਹ ਤੇ ਤਿਉਹਾਰ ਪ੍ਰਤੀ ਉਨ੍ਹਾਂ ਦੀ ਭਾਵਨਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਖ਼ੁਸ਼ੀ, ਸਦਭਾਵਨਾ ਅਤੇ ਆਪਸੀ ਪਿਆਰ ਨਾਲ ਤਿਉਹਾਰ ਮਨਾਉਣ ਲਈ ਉਤਸ਼ਾਹਿਤ ਕੀਤਾ। ਇਸ ਸਮੇਂ ਡੀਨ ਸਟੂਡੈਂਟ ਵੈੱਲਫੇਅਰ ਡਾ. ਮਨਦੀਪ ਭੁੱਲਰ ਨੇ ਵਿਦਿਆਰਥੀਆਂ ਦੇ ਉਤਸ਼ਾਹ, ਰਚਨਾਤਮਕਤਾ ਅਤੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਸਦਕਾ ਇਹ ਸਮਾਗਮ ਸਫਲਤਾਪੂਰਵਕ ਨੇਪਰੇ ਚੜਿਆ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੀਆਂ ਸਭਿਆਚਾਰਕ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ, ਜੋ ਉਨ੍ਹਾਂ ਵਿਚ ਰਚਨਾਤਮਕਤਾ, ਟੀਮ ਭਾਵਨਾ ਤੇ ਆਪਸੀ ਸਾਂਝ ਨੂੰ ਉਤਸ਼ਾਹਿਤ ਕਰਦੀਆਂ ਹਨ।