ਪਿੰਡ ਗਹਿਲ ’ਚ ਕਿਸਾਨ ਜਥੇਬੰਦੀ ਦੇ ਵਿਰੋਧ ਅੱਗੇ ਝੁਕਿਆ ਪ੍ਰਸ਼ਾਸਨ
ਟੱਲੇਵਾਲ, 20 ਨਵੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਬਲਾਕ ਮਹਿਲ ਕਲਾਂ ਦੀ ਮੀਟਿੰਗ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਅਗਵਾਈ ਹੇਠ ਪਿੰਡ ਗਹਿਲ ਦੇ ਗੁਰਦੁਆਰਾ ਭਗਤੂਆਣਾ ਸਾਹਿਬ ਵਿਖੇ ਹੋਈ। ਮੀਟਿੰਗ ਵਿਚ ਸੂਬਾ ਖ਼ਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਗਰਾਜ ਸਿੰਘ ਹਰਦਾਸਪੁਰਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਪ
ਪਿੰਡ ਗਹਿਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਅਤੇ ਹੋਰ ਆਗੂ। ਤਸਵੀਰ : ਸੋਨੀ ਚੀਮਾ
21-11-2026
ਟੱਲੇਵਾਲ, 20 ਨਵੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਬਲਾਕ ਮਹਿਲ ਕਲਾਂ ਦੀ ਮੀਟਿੰਗ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਅਗਵਾਈ ਹੇਠ ਪਿੰਡ ਗਹਿਲ ਦੇ ਗੁਰਦੁਆਰਾ ਭਗਤੂਆਣਾ ਸਾਹਿਬ ਵਿਖੇ ਹੋਈ। ਮੀਟਿੰਗ ਵਿਚ ਸੂਬਾ ਖ਼ਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਗਰਾਜ ਸਿੰਘ ਹਰਦਾਸਪੁਰਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਪਿੰਡ ਗਹਿਲ ਦੇ ਇਕ ਮਜ਼ਦੂਰ ਪਰਿਵਾਰ ਦੇ ਘਰੋਂ ਕਬਜ਼ਾ ਲੈਣ ਦੀ ਕਾਰਵਾਈ ਲਈ ਬੈਂਕ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾ ਪਹੁੰਚਣ ਨੂੰ ਕਿਸਾਨ ਜਥੇਬੰਦੀ ਦੇ ਵਿਰੋਧ ਦਾ ਨਤੀਜਾ ਦੱਸਿਆ ਗਿਆ। ਆਗੂਆਂ ਨਾਨਕ ਸਿੰਘ ਅਮਲਾ ਸਿੰਘ ਵਾਲਾ, ਸਤਨਾਮ ਸਿੰਘ ਮੂੰਮ, ਜੱਸਾ ਸਿੰਘ ਗਹਿਲ, ਜਗਰਾਜ ਸਿੰਘ ਹਰਦਾਸਪੁਰਾ ਅਤੇ ਗੁਰਦੇਵ ਸਿੰਘ ਮਾਂਗੇਵਾਲ ਨੇ ਦੱਸਿਆ ਕਿ ਪਿੰਡ ਗਹਿਲ ਦੇ ਮਜ਼ਦੂਰ ਕੁਲਵਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਨੇ ਇਕ ਬੈਂਕ ਤੋਂ ਪਹਿਲਾਂ 10 ਲੱਖ ਰੁਪਏ ਦਾ ਕਰਜ਼ਾ ਲਿਆ ਸੀ, ਜਿਸ ਦੀਆਂ ਕਿਸ਼ਤਾਂ ਉਹ ਲਗਾਤਾਰ ਭਰਦਾ ਰਿਹਾ। ਕਰਜ਼ੇ ਦਾ ਰਿਕਾਰਡ ਠੀਕ ਹੋਣ ਕਾਰਨ ਬੈਂਕ ਵਲੋਂ ਉਸ ਨੂੰ ਹੋਰ 8 ਲੱਖ ਰੁਪਏ ਦਾ ਕਰਜ਼ਾ ਵੀ ਦਿੱਤਾ ਗਿਆ। ਪਰਿਵਾਰ ਵਿਚ ਬਿਮਾਰੀ ਅਤੇ ਕੰਮਕਾਰ ਬੰਦ ਹੋਣ ਕਾਰਨ ਉਹ ਆਰਥਿਕ ਸੰਕਟ ਵਿਚ ਘਿਰ ਗਿਆ ਅਤੇ ਕਰਜ਼ੇ ਦੀਆਂ ਕਿਸ਼ਤਾਂ ਭਰਨ ਤੋਂ ਅਸਮਰਥ ਹੋ ਗਿਆ। ਇਸ ਦੌਰਾਨ ਬੈਂਕ ਵਲੋਂ ਹਾਈ ਕੋਰਟ ਤੋਂ ਕਬਜ਼ਾ ਵਾਰੰਟ ਹਾਸਲ ਕਰ ਲਏ ਗਏ। ਜਦੋਂ ਇਸ ਕਾਰਵਾਈ ਦੀ ਜਾਣਕਾਰੀ ਕਿਸਾਨ ਜਥੇਬੰਦੀ ਨੂੰ ਮਿਲੀ ਤਾਂ ਕਿਸਾਨ ਆਗੂ ਅਤੇ ਵਰਕਰ ਮੌਕੇ ’ਤੇ ਇਕੱਠੇ ਹੋਣੇ ਸ਼ੁਰੂ ਹੋ ਗਏ। ਜਥੇਬੰਦੀ ਦੇ ਵਿਰੋਧ ਅਤੇ ਦਬਾਅ ਕਾਰਨ ਬੈਂਕ ਜਾਂ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਕਬਜ਼ਾ ਲੈਣ ਲਈ ਨਹੀਂ ਪਹੁੰਚਿਆ। ਆਗੂਆਂ ਨੇ ਦੱਸਿਆ ਕਿ 26 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦਿੱਲੀ ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮੌਕੇ ਪੰਜਾਬ ਵਿਚ ਬਠਿੰਡਾ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਰੋਸ ਧਰਨੇ ਦਿੱਤੇ ਜਾ ਰਹੇ ਹਨ। ਬਰਨਾਲਾ ਜ਼ਿਲ੍ਹੇ ਦੀ ਡਿਊਟੀ ਬਠਿੰਡਾ ਵਿਖੇ ਲਗਾਈ ਗਈ ਹੈ। ਇਸ ਸਬੰਧੀ ਮੀਟਿੰਗ ਵਿਚ ਵਿਚਾਰ-ਵਟਾਂਦਰਾ ਕਰਦਿਆਂ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਔਰਤਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਲੰਮੇ ਸੰਘਰਸ਼ ਕਾਰਨ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਹੋਣਾ ਪਿਆ ਸੀ, ਪਰ ਹੁਣ ਸਰਕਾਰ ਹੋਰ ਰਾਹਾਂ ਰਾਹੀਂ ਉਨ੍ਹਾਂ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਇਸ ਵਿਰੁੱਧ ਵੱਡਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਹਾਕਮ ਸਿੰਘ ਕੁਰੜ, ਸੋਹਣ ਸਿੰਘ ਬੀਹਲਾ, ਚੰਦ ਸਿੰਘ ਕੁਰੜ ਅਤੇ ਭਿੰਦਰ ਸਿੰਘ ਮੂੰਮ ਨੇ ਖੇਤਾਂ ਵਿਚੋਂ ਕਿਸਾਨਾਂ ਦੀਆਂ ਮੋਟਰਾਂ ਦੀਆਂ ਬਿਜਲੀ ਕੇਬਲਾਂ ਦੀਆਂ ਲਗਾਤਾਰ ਹੋ ਰਹੀਆਂ ਚੋਰੀਆਂ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਇਸ ਕਾਰਨ ਫ਼ਸਲਾਂ ਦਾ ਨੁਕਸਾਨ ਹੋਣ ਦੇ ਨਾਲ-ਨਾਲ ਕਿਸਾਨਾਂ ਨੂੰ ਆਰਥਿਕ ਮਾਰ ਵੀ ਝੱਲਣੀ ਪੈ ਰਹੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਚੋਰੀਆਂ ਰੋਕਣ ਅਤੇ ਚੋਰੀ ਦੀਆਂ ਕੇਬਲਾਂ ਖ਼ਰੀਦਣ ਵਾਲੇ ਕਬਾੜੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੇ ਇਸ ਸਮੱਸਿਆ ਵੱਲ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ। ਮੀਟਿੰਗ ਦੌਰਾਨ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸੰਘਰਸ਼ਾਂ ਨੂੰ ਤੇਜ਼ ਕਰਨ ਲਈ ਪਿੰਡ ਇਕਾਈਆਂ ਨੂੰ ਫ਼ੰਡ ਇਕੱਠਾ ਕਰਨ ਦੀ ਅਪੀਲ ਵੀ ਕੀਤੀ ਗਈ।