23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਅਕਾਲ ਅਕੈਡਮੀ ਮਹਿਲ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਮਹਿਲ ਕਲਾਂ, 22 ਨਵੰਬਰ (ਅਵਤਾਰ ਸਿੰਘ ਸਿੰਘ ਅਣਖੀ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਮਹਿਲ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਵਿਦਿਆਰਥੀਆਂ, ਸਮੂਹ ਸਟਾਫ਼ ਅਤੇ ਮਾਪਿਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਇੱਕ ਸ੍ਰੀ ਅਖੰਡ ਪਾਠ ਸਾਹਿਬ ਅਤੇ ਨੌਂ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ।

ਅਕਾਲ ਅਕੈਡਮੀ ਮਹਿਲ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਲਗਾਈ ਗਈ ਪ੍ਰਦਰਸ਼ਨੀ ਦਾ ਨਿਰੀਖਣ ਕਰਦੇ ਹੋਏ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ। ਤਸਵੀਰ : ਗੁਰਪ੍ਰੀਤ ਸਿੰਘ ਅਣਖੀ 23-11-2026
ਮਹਿਲ ਕਲਾਂ, 22 ਨਵੰਬਰ (ਅਵਤਾਰ ਸਿੰਘ ਸਿੰਘ ਅਣਖੀ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਮਹਿਲ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਵਿਦਿਆਰਥੀਆਂ, ਸਮੂਹ ਸਟਾਫ਼ ਅਤੇ ਮਾਪਿਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਇੱਕ ਸ੍ਰੀ ਅਖੰਡ ਪਾਠ ਸਾਹਿਬ ਅਤੇ ਨੌਂ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਸੰਸਥਾ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਕਾਲ ਅਕੈਡਮੀ ਮਹਿਲ ਕਲਾਂ ਵਲੋਂ ਨਵੀਂ ਪਨੀਰੀ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਗੁਰਸਿੱਖੀ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜ ਕੇ ਬੇਹੱਦ ਅਹਿਮ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਵਲੋਂ ਸਾਇੰਸ, ਸਮਾਜਿਕ ਸਿੱਖਿਆ, ਭੂਗੋਲ ਅਤੇ ਗਣਿਤ ਆਦਿ ਵਿਸ਼ਿਆਂ ਨਾਲ ਸਬੰਧਿਤ ਬਣਾਏ ਗਏ ਪ੍ਰੋਜੈਕਟਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਉਨ੍ਹਾਂ ਦੀ ਵਿਗਿਆਨਕ ਸੋਚ ਤੇ ਸਿਰਜਣਾਤਮਿਕਤਾ ਦੀ ਪ੍ਰਸ਼ੰਸਾ ਕਰਦਿਆਂ ਸ਼ਾਬਾਸ਼ ਦਿੱਤੀ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰਸਭਿੰਨਾ ਸ਼ਬਦ ਕੀਰਤਨ, ਕਵੀਸ਼ਰੀ, ਭਾਸ਼ਣ ਅਤੇ ਹੋਰ ਧਾਰਮਿਕ ਤੇ ਸਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਸਿੱਖ ਮਾਰਸ਼ਲ ਆਰਟ ਗਤਕੇ ਦੇ ਸ਼ਾਨਦਾਰ ਜੌਹਰ ਦਿਖਾ ਕੇ ਹਾਜ਼ਰ ਸੰਗਤਾਂ ਦਾ ਮਨ ਮੋਹ ਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਰਹਿੰਦ-ਖੂੰਹਦ ਸਮਗਰੀ ਦੀ ਸੁਚੱਜੀ ਵਰਤੋਂ ਕਰ ਕੇ ਸੁੰਦਰ ਅਤੇ ਰਚਨਾਤਮਿਕ ਕਲਾਕ੍ਰਿਤੀਆਂ ਤਿਆਰ ਕੀਤੀਆਂ, ਜਿਨ੍ਹਾਂ ਰਾਹੀਂ ਵਾਤਾਵਰਨ ਦੀ ਸੰਭਾਲ ਅਤੇ ਚੀਜ਼ਾਂ ਦੀ ਮੁੜ ਵਰਤੋਂ ਦਾ ਸਾਰਥਿਕ ਸੁਨੇਹਾ ਦਿੱਤਾ ਗਿਆ। ਸੰਸਥਾ ਦੇ ਪ੍ਰਿੰਸੀਪਲ ਨੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਸੇਵਾ, ਸਾਂਝੀਵਾਲਤਾ, ਨਿਮਰਤਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਅਮਲੀ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਬਿੰਦਰ ਸਿੰਘ ਮਹਿਲ ਖ਼ੁਰਦ, ਮਨਜੀਤ ਸਿੰਘ ਸਹਿਜੜਾ, ਤੇਜਿੰਦਰਦੇਵ ਸਿੰਘ ਮਿੰਟੂ, ਮਹਿਕ ਚੀਮਾ ਅਤੇ ਅਕੈਡਮੀ ਦਾ ਸਮੂਹ ਸਟਾਫ਼ ਹਾਜ਼ਰ ਸੀ। ਸਮਾਗਮ ਦੀ ਸਫਲਤਾ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਵੱਧ-ਚੜ੍ਹ ਕੇ ਸੇਵਾ ਕੀਤੀ।
ਪਿਛਲੀ ਖ਼ਬਰ ਪਿੰਡ ਖੁੱਡੀ ਖ਼ੁਰਦ ਵਿਖੇ ਡਾ: ਬੀ.ਆਰ. ਅੰਬੇਡਕਰ ਚੈਰੀਟੇਬਲ ਮੰਚ ਸੰਗਰੂਰ ਅਤੇ ਬਰਨਾਲਾ ਦੀ ਹੋਈ ਮੀਟਿੰਗ ਅਗਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਮੰਦਰ ਵਿਖੇ ਸ੍ਰੀ ਸ਼ਿਆਮ ਜਨਮ ਮਹਾਂਉਤਸਵ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।