15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਲੈਸਟਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

— ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਨਗਰ ਕੀਰਤਨ ਦੌਰਾਨ ਥਾਂ-ਥਾਂ ਲੱਗੇ ਗੁਰੂ ਕੇ ਲੰਗਰ ਲੈਸਟਰ (ਇੰਗਲੈਂਡ), 15 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਗਲੈਂਡ ਦੇ ਪ੍ਰਸਿੱਧ ਸ਼ਹਿਰ ਲੈਸਟਰ ਵਿਖੇ ਵਿਸ਼ਾਲ ਨਗਰ ਕੀਰਤਨ ਬੜੀ ਸ਼ਰਧਾ, ਸਤਿਕਾਰ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ। ਇਸ ਮੌਕੇ ਭਾਰੀ ਮੀਂਹ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਪੂਰੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 16-11-2026
— ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਨਗਰ ਕੀਰਤਨ ਦੌਰਾਨ ਥਾਂ-ਥਾਂ ਲੱਗੇ ਗੁਰੂ ਕੇ ਲੰਗਰ ਲੈਸਟਰ (ਇੰਗਲੈਂਡ), 15 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਗਲੈਂਡ ਦੇ ਪ੍ਰਸਿੱਧ ਸ਼ਹਿਰ ਲੈਸਟਰ ਵਿਖੇ ਵਿਸ਼ਾਲ ਨਗਰ ਕੀਰਤਨ ਬੜੀ ਸ਼ਰਧਾ, ਸਤਿਕਾਰ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ। ਇਸ ਮੌਕੇ ਭਾਰੀ ਮੀਂਹ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਪੂਰੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਹ ਵਿਸ਼ਾਲ ਨਗਰ ਕੀਰਤਨ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਈਸਟ ਪਾਰਕ ਰੋਡ, ਲੈਸਟਰ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਹੇਠ ਆਰੰਭ ਹੋਇਆ। ਨਗਰ ਕੀਰਤਨ ਸ਼ਹਿਰ ਦੀਆਂ ਵੱਖ-ਵੱਖ ਪ੍ਰਮੁੱਖ ਸੜਕਾਂ, ਗਲੀਆਂ ਅਤੇ ਲੈਸਟਰ ਟਾਊਨ ਸੈਂਟਰ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਹੋਲੀ ਬੋਨ ਵਿਖੇ ਪਹੁੰਚ ਕੇ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਸਤਿਨਾਮ-ਵਾਹਿਗੁਰੂ ਦਾ ਜਾਪ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ ਗਏ, ਜਿਸ ਨਾਲ ਸਮੁੱਚਾ ਵਾਤਾਵਰਨ ਗੁਰਬਾਣੀ ਅਤੇ ਗੁਰੂ ਸਾਹਿਬ ਦੀ ਮਹਿਮਾ ਦੇ ਰੰਗ ਵਿਚ ਰੰਗਿਆ ਗਿਆ। ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਦਾ ਉਤਸ਼ਾਹ ਵੇਖਣਯੋਗ ਸੀ। ਖ਼ਾਸ ਗੱਲ ਇਹ ਰਹੀ ਕਿ ਲਗਾਤਾਰ ਪੈ ਰਹੇ ਭਾਰੀ ਮੀਂਹ ਦੇ ਬਾਵਜੂਦ ਸੰਗਤਾਂ ਦੇ ਉਤਸ਼ਾਹ ਵਿਚ ਕੋਈ ਕਮੀ ਨਹੀਂ ਆਈ ਅਤੇ ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਅਤੇ ਬੀਬੀਆਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਗੁਰੂ ਘਰ ਪ੍ਰਤੀ ਆਪਣੀ ਅਟੁੱਟ ਆਸਥਾ ਦਾ ਸਬੂਤ ਦਿੱਤਾ। ਇਸ ਮੌਕੇ ਨਗਰ ਕੀਰਤਨ ਦੇ ਸਮੁੱਚੇ ਰਸਤੇ ਵਿਚ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਅਤੇ ਸੇਵਾਦਾਰਾਂ ਵੱਲੋਂ ਗੁਰੂ ਕੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਸੰਗਤਾਂ ਵੱਲੋਂ ਅਨੇਕਾਂ ਪ੍ਰਕਾਰ ਦੇ ਖਾਣ-ਪੀਣ ਦੇ ਪਦਾਰਥਾਂ ਦੇ ਲੰਗਰ ਲਗਾ ਕੇ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਦੀ ਸੇਵਾ ਕੀਤੀ ਗਈ। ਭਾਰੀ ਬਾਰਿਸ਼ ਦੇ ਬਾਵਜੂਦ ਸੇਵਾਦਾਰ ਪੂਰੀ ਤਨਦੇਹੀ ਨਾਲ ਲੰਗਰ ਵਰਤਾਉਣ ਦੀ ਸੇਵਾ ਵਿਚ ਜੁਟੇ ਰਹੇ। ਇਸ ਦੌਰਾਨ ਸਿੱਖ ਧਰਮ ਦੇ ਸੇਵਾ, ਸਿਮਰਨ ਅਤੇ ਵੰਡ ਛਕਣ ਦੇ ਸਿਧਾਂਤ ਦੀ ਵਿਲੱਖਣ ਝਲਕ ਵੇਖਣ ਨੂੰ ਮਿਲੀ। ਲੈਸਟਰ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਅਤੇ ਟਾਊਨ ਸੈਂਟਰ ਵਿਚੋਂ ਲੰਘੇ ਇਸ ਵਿਸ਼ਾਲ ਨਗਰ ਕੀਰਤਨ ਨੇ ਵਿਦੇਸ਼ੀ ਧਰਤੀ ‘ਤੇ ਸਿੱਖ ਧਰਮ ਦੀਆਂ ਮਹਾਨ ਪਰੰਪਰਾਵਾਂ, ਧਾਰਮਿਕ ਵਿਰਸੇ ਅਤੇ ਪੰਜਾਬੀ ਭਾਈਚਾਰੇ ਦੀ ਆਪਸੀ ਸਾਂਝ ਨੂੰ ਉਜਾਗਰ ਕੀਤਾ। ਨਗਰ ਕੀਰਤਨ ਦੌਰਾਨ ਸੰਗਤਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਦਿੱਤੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਮਹਾਨ ਉਪਦੇਸ਼ ਨੂੰ ਯਾਦ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਧਾਨ ਸ. ਗੁਰਨਾਮ ਸਿੰਘ ਰੂਪੋਵਾਲ, ਸਾਬਕਾ ਪ੍ਰਧਾਨ ਸ. ਗੁਰਨਾਮ ਸਿੰਘ ਨਵਾਂਸ਼ਹਿਰ, ਤੀਰ ਗਰੁੱਪ ਦੇ ਚੇਅਰਮੈਨ ਸ. ਬਰਿੰਦਰ ਸਿੰਘ ਬਿੱਟੂ ਅਤੇ ਮੁੱਖ ਬੁਲਾਰੇ ਸ. ਰਾਜਮਨਵਿੰਦਰ ਸਿੰਘ ਰਾਜਾ ਕੰਗ ਸਮੇਤ ਦੋਵਾਂ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਆਗੂਆਂ ਨੇ ਸਮੂਹ ਸਿੱਖ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।ਇਸ ਮੌਕੇ ਪ੍ਰਬੰਧਕ ਆਗੂਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਉਪਦੇਸ਼ਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਮੁੱਚੀ ਲੋਕਾਈ ਨੂੰ ਆਪਸੀ ਪਿਆਰ, ਭਾਈਚਾਰੇ, ਬਰਾਬਰਤਾ, ਸੱਚੀ-ਸੁੱਚੀ ਕਿਰਤ ਅਤੇ ਨਿਰਸਵਾਰਥ ਸੇਵਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿਚ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ ਅਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸਮਾਜ ਵਿਚ ਪਿਆਰ, ਏਕਤਾ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਪ੍ਰਬੰਧਕ ਆਗੂਆਂ ਨੇ ਭਾਰੀ ਮੀਂਹ ਦੇ ਬਾਵਜੂਦ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ ਸੰਗਤਾਂ, ਲੰਗਰਾਂ ਦੀ ਸੇਵਾ ਕਰਨ ਵਾਲੇ ਸੇਵਾਦਾਰਾਂ ਅਤੇ ਸਮੁੱਚੇ ਪ੍ਰਬੰਧਾਂ ਵਿਚ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖ ਭਾਈਚਾਰੇ ਵੱਲੋਂ ਅਜਿਹੇ ਧਾਰਮਿਕ ਸਮਾਗਮ ਕਰਵਾਉਣਾ ਜਿੱਥੇ ਆਪਣੀ ਨਵੀਂ ਪੀੜ੍ਹੀ ਨੂੰ ਸਿੱਖੀ ਸਿਧਾਂਤਾਂ ਅਤੇ ਗੌਰਵਮਈ ਵਿਰਸੇ ਨਾਲ ਜੋੜਨ ਦਾ ਵੱਡਾ ਉਪਰਾਲਾ ਹੈ, ਉੱਥੇ ਹੀ ਦੂਜੇ ਭਾਈਚਾਰਿਆਂ ਤੱਕ ਸਿੱਖ ਧਰਮ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਪਹੁੰਚਾਉਣ ਦਾ ਵੀ ਅਹਿਮ ਸਾਧਨ ਹੈ।ਅਖ਼ੀਰ ਵਿਚ ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਹੋਲੀ ਬੋਨ ਵਿਖੇ ਪੁੱਜ ਕੇ ਸੰਪੰਨ ਹੋਇਆ। ਭਾਰੀ ਮੀਂਹ ਦੇ ਬਾਵਜੂਦ ਸੰਗਤਾਂ ਦੀ ਵੱਡੀ ਸ਼ਮੂਲੀਅਤ ਨੇ ਇਸ ਧਾਰਮਿਕ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ ਅਤੇ ਲੈਸਟਰ ਦੀ ਧਰਤੀ ‘ਤੇ ਸਿੱਖੀ ਸਿਦਕ, ਸ਼ਰਧਾ ਅਤੇ ਗੁਰੂ ਘਰ ਪ੍ਰਤੀ ਸਮਰਪਣ ਦੀ ਵਿਲੱਖਣ ਮਿਸਾਲ ਪੇਸ਼ ਕੀਤੀ। ਫੋਟੋ— Nagar Kirtan ਲੈਸਟਰ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਦ੍ਰਿਸ਼ ਅਤੇ ਨਗਰ ਕੀਰਤਨ ਵਿਚ ਸ਼ਾਮਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਆਗੂ ਤੇ ਸੰਗਤਾਂ। ਤਸਵੀਰਾਂ : ਸੁਖਜਿੰਦਰ ਸਿੰਘ ਢੱਡੇ
ਪਿਛਲੀ ਖ਼ਬਰ ਐਡੀਲੇਡ ਕ੍ਰਿਸਮਸ ਪੇਜੈਂਟ ਮੌਕੇ 94 ਵੇਂ ਸਾਲਾਨਾ ਸਮਾਗਮ ’ ਚ ਪੰਜ ਨਵੀਆਂ ਝਾਕੀਆਂ ਖਿੱਚ ਦਾ ਕੇਂਦਰ ਬਣੀਆਂ ਅਗਲੀ ਖ਼ਬਰ ਸਰੀ ‘ਚ ‘ਭਜਨ ਕਲੱਬਿੰਗ’ 20 ਨਵੰਬਰ ਨੂੰ: ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।