ਐੱਸ. ਏ. ਐੱਸ. ਨਗਰ, 14 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਮੰਗ ਕੀਤੀ ਹੈ ਕਿ ਪ੍ਰੀਤ ਸਿਟੀ ਸੈਕਟਰ-86 ਮੁਹਾਲੀ ਵਿਖੇ ਮੰਦਰ ਅਤੇ ਗੁਰਦੁਆਰਾ ਸਾਹਿਬ ਲਈ ਪ੍ਰਸਤਾਵਿਤ ਜ਼ਮੀਨ ਵਸਨੀਕਾਂ ਨੂੰ ਉਨ੍ਹਾਂ ਦੇ ਹੱਕ ਅਨੁਸਾਰ ਉਪਲੱਬਧ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰੀਤ ਸਿਟੀ ਦੇ ਵਸਨੀਕਾਂ ਨੂੰ ਮੰਦਰ ਅਤੇ ਗੁਰਦੁਆਰਾ ਸਾਹਿਬ ਲਈ ਨਿਰਧਾਰਤ ਜ਼ਮੀਨ ਦੇਣ ਦਾ ਮਾਮਲਾ ਸਿਰਫ਼ ਇਕ ਜ਼ਮੀਨੀ ਵਿਵਾਦ ਨਹੀਂ, ਸਗੋਂ ਵਸਨੀਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਉਨ੍ਹਾਂ ਦੇ ਹੱਕਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਆਪਣੀ ਪਤਨੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨਾਲ ਮਿਲ ਕੇ ਇਸ ਵਾਸਤੇ ਆਵਾਜ਼ ਉੱਠਾ ਰਹੇ ਹਨ ਅਤੇ ਗਮਾਡਾ ਵਲੋਂ ਇਸ ਮਾਮਲੇ ਵਿਚ ਕਾਰਵਾਈ ਵੀ ਸ਼ੁਰੂ ਕੀਤੀ ਗਈ ਹੈ, ਪ੍ਰੰਤੂ ਇਹ ਕਾਰਵਾਈ ਸਿਰਫ਼ ਕਾਗ਼ਜ਼ੀ ਕਾਰਵਾਈ ਜਾਂ ਖਾਨਾਪੂਰਤੀ ਤੱਕ ਸੀਮਿਤ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਗਮਾਡਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੰਦਰ ਅਤੇ ਗੁਰਦੁਆਰਾ ਸਾਹਿਬ ਲਈ ਪ੍ਰਸਤਾਵਿਤ ਜ਼ਮੀਨ ਨੂੰ ਨਿਯਮਾਂ ਅਨੁਸਾਰ ਵਸਨੀਕਾਂ ਨੂੰ ਉਪਲੱਬਧ ਕਰਵਾਉਣ ਲਈ ਸਪੱਸ਼ਟ ਸਮਾਂ-ਸੀਮਾ ਤੈਅ ਕੀਤੀ ਜਾਵੇ ਤਾਂ ਜੋ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਦਾ ਸਥਾਈ ਹੱਲ ਹੋ ਸਕੇ।