ਰਤੀਆ, 30 ਸਤੰਬਰ (ਬੇਅੰਤ ਕੌਰ ਮੰਡੇਰ)- ਐਸ.ਡੀ.ਐਮ. ਸੁਰਿੰਦਰ ਸਿੰਘ ਨੇ ਸਥਾਨਕ ਮਿੰਨੀ ਸਕੱਤਰੇਤ, ਨਗਰ ਨਿਗਮ ਦਫ਼ਤਰ ਤੇ ਸ਼ਹੀਦ ਊਧਮ ਸਿੰਘ ਚੌਕ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਦਫ਼ਤਰਾਂ ਤੇ ਸ਼ਹਿਰ ’ਚ ਕੀਤੇ ਜਾ ਰਹੇ ਸਫ਼ਾਈ ਕਾਰਜਾਂ, ਜਨਤਕ ਸਹੂਲਤਾਂ ਤੇ ਚੌਕ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸ਼ਹਿਰ ’ਚ ਸਫ਼ਾਈ ਬਣਾਈ ਰੱਖਣ ਅਤੇ ਜਨਤਕ ਥਾਵਾਂ ਦੀ ਨਿਯਮਤ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਬਣਾਈ ਰੱਖਣਾ ਨਗਰ ਨਿਗਮ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਸਫ਼ਾਈ ਪ੍ਰਣਾਲੀ ’ਚ ਕੋਈ ਲਾਪਰਵਾਹੀ ਨਾ ਹੋਵੇ ਤੇ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਸੁਚਾਰੂ ਢੰਗ ਨਾਲ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਸ਼ਹੀਦ ਊਧਮ ਸਿੰਘ ਚੌਕ ਵਿਖੇ ਸਫ਼ਾਈ, ਸੁੰਦਰੀਕਰਨ ਤੇ ਆਲੇ ਦੁਆਲੇ ਦੇ ਪ੍ਰਬੰਧਾਂ ਬਾਰੇ ਪੁੱਛਗਿੱਛ ਕੀਤੀ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਚੌਕ ਦੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਤੇ ਜ਼ਰੂਰੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।