ਝੋਨੇ ਦੇ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ -ਡੀ. ਸੀ. ਵਾਲੀਆ
ਜਲੰਧਰ, 19 ਸਤੰਬਰ (ਜਤਿੰਦਰ ਪੰਮੀ)-ਝੋਨੇ ਦੇ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਖ਼ਰੀਦ ਪ੍ਰਬੰਧਾਂ ਨਾਲ ਜੁੜੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ, ਜਿਸ ਦੇ ਲਈ ਜ਼ਿਲ੍ਹੇ ਦੀਆਂ ਸਾਰੀਆਂ 78 ਰੈਗੂਲਰ ਮੰਡੀਆਂ ’ਚ ਕਿਸਾਨਾਂ, ਆੜ੍ਹਤੀਆਂ ਅਤੇ ਕਾਮਿਆਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।
ਜਲੰਧਰ, 19 ਸਤੰਬਰ (ਜਤਿੰਦਰ ਪੰਮੀ)-ਝੋਨੇ ਦੇ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਖ਼ਰੀਦ ਪ੍ਰਬੰਧਾਂ ਨਾਲ ਜੁੜੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ, ਜਿਸ ਦੇ ਲਈ ਜ਼ਿਲ੍ਹੇ ਦੀਆਂ ਸਾਰੀਆਂ 78 ਰੈਗੂਲਰ ਮੰਡੀਆਂ ’ਚ ਕਿਸਾਨਾਂ, ਆੜ੍ਹਤੀਆਂ ਅਤੇ ਕਾਮਿਆਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਇਸ ਵਾਰ 10.84 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਮੰਡੀਆਂ ਵਿਚ ਪ੍ਰਬੰਧਾਂ ਦੀ ਰੈਗੂਲਰ ਸਮੀਖਿਆ ਕਰਨ ਦੀ ਹਦਾਇਤ ਕੀਤੀ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਵਿਚ ਮਾਰਕਫੈੱਡ, ਪਨਗ੍ਰੇਨ, ਪਨਸਪ, ਪੰਜਾਬ ਵੇਅਰਹਾਊਸ ਅਤੇ ਐਫ.ਸੀ.ਆਈ. ਸ਼ਾਮਲ ਹਨ, ਜੋ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਕਰਨਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ ਲਗਾਈ ਗਈ ਹੈ, ਜਿਸ ਦੀ ਪਾਲਣਾ ਯਕੀਨੀ ਬਣਾਈ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਜ਼ਿਲ੍ਹਾ ਫੂਡ ਅਤੇ ਸਿਵਲ ਸਪਲਾਈਜ਼ ਕੰਟਰੋਲਰ ਹਰਸ਼ਰਨਜੀਤ ਸਿੰਘ ਬਰਾੜ, ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੌਜੂਦ ਸਨ।