ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰਨਾ ਬੇਹੱਦ ਨਿੰਦਣਯੋਗ-ਜਥੇ. ਕਲਿਆਣ
ਸ਼ਾਹਕੋਟ, 25 ਸਤੰਬਰ (ਸੁਖਦੀਪ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਮਰਥਨ ਕਰਦਿਆਂ ਕਿਹਾ ਕਿ ਪਿੱਛਲੇ ਦਿਨਾਂ ਤੋਂ ਕੁੱਝ ਅਖੌਤੀ ਪੰਥਕ ਲੋਕਾਂ ਵਲੋਂ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕਰਨਾ ਬੇਹੱਦ ਨਿੰਦਣਯੋਗ ਹੈ।
ਸ਼ਾਹਕੋਟ, 25 ਸਤੰਬਰ (ਸੁਖਦੀਪ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਮਰਥਨ ਕਰਦਿਆਂ ਕਿਹਾ ਕਿ ਪਿੱਛਲੇ ਦਿਨਾਂ ਤੋਂ ਕੁੱਝ ਅਖੌਤੀ ਪੰਥਕ ਲੋਕਾਂ ਵਲੋਂ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕਰਨਾ ਬੇਹੱਦ ਨਿੰਦਣਯੋਗ ਹੈ। ਜਥੇ. ਕਲਿਆਣ ਨੇ ਕਿਹਾ ਕਿ ਜਦੋਂ ਧਾਮੀ ਸਾਹਿਬ ਨੇ ਪ੍ਰਧਾਨਗੀ ਸੰਭਾਲੀ ਸੀ, ਉਦੋਂ ਕੋਰੋਨਾ ਕਾਲ ਸਮੇਂ ਸ਼੍ਰੋਮਣੀ ਕਮੇਟੀ ਦੀ ਆਰਥਿਕ ਹਾਲਤ ਬਹੁਤ ਤਰਸਯੋਗ ਹੋ ਗਈ ਸੀ, ਪਰ ਉਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਕਮੇਟੀ, ਇਸ ਦੀਆਂ ਧਾਰਮਿਕ ਸੰਸਥਾਵਾਂ ਅਤੇ ਸਕੂਲਾਂ-ਕਾਲਜਾਂ ਨੂੰ ਮਜ਼ਬੂਤ ਸਥਿਤੀ ਵਿੱਚ ਲਿਆਂਦਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਸਮੇਂ ਵੀ ਧਾਮੀ ਸਾਹਿਬ ਨੇ ਸਮੂਹ ਮੈਂਬਰਾਂ ਅਤੇ ਸੰਸਥਾਵਾਂ ਨੂੰ ਨਾਲ ਲੈ ਕੇ ਕਰੋੜਾਂ ਰੁਪਏ ਦੀ ਸਹਾਇਤਾ ਪੀੜਤ ਪਰਿਵਾਰਾਂ ਤੱਕ ਪਹੁੰਚਾਈ ਅਤੇ ਮੁੜ ਵਸੇਬੇ ਲਈ ਕਣਕ ਦਾ ਬੀਜ, ਪਸ਼ੂਆਂ ਲਈ ਚਾਰਾ ਤੇ ਹੋਰ ਲੋੜੀਂਦਾ ਸਾਮਾਨ ਦੇ ਕੇ ਵੱਡੀ ਰਾਹਤ ਦਿੱਤੀ ਸੀ। ਧਰਮ ਪ੍ਰਚਾਰ ਦੇ ਖੇਤਰ ’ਚ ਵੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਸੰਗਤ ਭਲੀ-ਭਾਂਤ ਜਾਣਦੀ ਹੈ । ਉਹਨਾਂ ਕਿਹਾ ਕਿ ਅਜਿਹੀ ਬੇਦਾਗ ਸਖ਼ਸ਼ੀਅਤ ਦੇ ਖਿਲਾਫ ਬੇਬੁਨਿਆਦ ਬੋਲਣ ਅਤੇ ਉਨ੍ਹਾਂ ਦੇ ਘਰ ਬਾਹਰ ਧਰਨੇ ਲਗਾਉਣ ਤੋਂ ਪਹਿਲਾਂ ਧਾਮੀ ਸਾਹਿਬ ਦੇ ਪੰਥ ਪ੍ਰਤੀ ਕੀਤੇ ਕਾਰਜਾਂ ਨੂੰ ਯਾਦ ਰੱਖਣਾ ਚਾਹੀਦਾ ਹੈ।