70 ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕੁਰਾਸ਼, ਜਲੰਧਰ ਅੰਡਰ-19 ਲੜਕਿਆਂ ’ਚ ਬਣਿਆ ਓਵਰਆਲ ਚੈਂਪੀਅਨ
ਜਲੰਧਰ, 19 ਨਵੰਬਰ (ਡਾ. ਜਤਿੰਦਰ ਸਾਬੀ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕੁਰਾਸ਼ ਦੇ ਅੰਡਰ-14, ਅੰਡਰ-17 ਤੇ ਅੰਡਰ-19 ਸਾਲ ਵਰਗ ਦੇ ਲੜਕਿਆਂ ਦੇ ਮੁਕਾਬਲੇ 11 ਤੋਂ 13 ਨਵੰਬਰ ਤੱਕ ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਰੋਡ, ਜਲੰਧਰ ਵਿਖੇ ਕਰਵਾਏ ਗਏ।
ਜਲੰਧਰ, 19 ਨਵੰਬਰ (ਡਾ. ਜਤਿੰਦਰ ਸਾਬੀ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕੁਰਾਸ਼ ਦੇ ਅੰਡਰ-14, ਅੰਡਰ-17 ਤੇ ਅੰਡਰ-19 ਸਾਲ ਵਰਗ ਦੇ ਲੜਕਿਆਂ ਦੇ ਮੁਕਾਬਲੇ 11 ਤੋਂ 13 ਨਵੰਬਰ ਤੱਕ ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਰੋਡ, ਜਲੰਧਰ ਵਿਖੇ ਕਰਵਾਏ ਗਏ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਗੁਰਿੰਦਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਰਿੰਦਰ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ ਤੇ ਅੰਤਰਰਾਸ਼ਟਰੀ ਜੂਡੋ ਰੈਫਰੀ ਦੀ ਦੇਖ-ਰੇਖ ਹੇਠ ਸਫਲਤਾਪੂਰਵਕ ਸੰਪੰਨ ਹੋਏ। ਮੁਕਾਬਲਿਆਂ ਦੇ ਸਮਾਪਤੀ ਸਮਾਰੋਹ ਵਿਚ ਪ੍ਰਿੰਸੀਪਲ ਯੋਗੇਸ਼ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਮਿਹਨਤ ਅਤੇ ਖੇਡ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਮੁਕਾਬਲਿਆਂ ਵਿਚ ਜਲੰਧਰ ਜ਼ਿਲ੍ਹੇ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-19 ਸਾਲ ਵਰਗ ਵਿਚ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ, ਜਦਕਿ ਅੰਡਰ-17 ਸਾਲ ਵਰਗ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਸਾਲ ਲੜਕਿਆਂ ਦੇ ਮੁਕਾਬਲਿਆਂ ਵਿਚ ਜਲੰਧਰ ਨੇ ਪਹਿਲਾ ਸਥਾਨ ਹਾਸਿਲ ਕਰਕੇ ਓਵਰਆਲ ਚੈਂਪੀਅਨਸ਼ਿਪ ਆਪਣੇ ਨਾਂਅ ਕੀਤੀ। ਲੁਧਿਆਣਾ ਨੇ ਦੂਜਾ ਤੇ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-17 ਸਾਲ ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਨੇ ਪਹਿਲਾ ਸਥਾਨ ਹਾਸਿਲ ਕਰਕੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ, ਜਦਕਿ ਜਲੰਧਰ ਨੇ ਦੂਜਾ ਤੇ ਹੁਸ਼ਿਆਰਪੁਰ ਨੇ ਤੀਜਾ ਸਥਾਨ ਹਾਸਿਲ ਕੀਤਾ। ਜਲੰਧਰ ਜ਼ਿਲ੍ਹੇ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ, ਸਖ਼ਤ ਮਿਹਨਤ ਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।