ਪਿੰਡ ਖੋਖਰ ਵਿਖੇ ਦਾਣਾ ਮੰਡੀ ’ਚ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਪਿੰਡ ਖੋਖਰ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਝੋਨਾ ਲੈ ਕੇ ਪਹੁੰਚੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਭਾਵੇਂ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ 19 ਅਕਤੂਬਰ ਤੱਕ ਵੀ ਮੰਡੀ ਵਿਚ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਪਿੰਡ ਖੋਖਰ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਝੋਨਾ ਲੈ ਕੇ ਪਹੁੰਚੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਭਾਵੇਂ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ 19 ਅਕਤੂਬਰ ਤੱਕ ਵੀ ਮੰਡੀ ਵਿਚ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਨੀ ਫ਼ੱਤਣਵਾਲਾ ਨੇ ਦੱਸਿਆ ਕਿ ਪਿੰਡ ਦੇ ਸਾਬਕਾ ਸਰਪੰਚ ਜੁਗਰਾਜ ਸਿੰਘ ਰਾਜਾ ਅਨੁਸਾਰ ਮਜ਼ਦੂਰਾਂ ਤੇ ਆੜ੍ਹਤੀਆਂ ਵਲੋਂ ਝੋਨੇ ਦੀ ਸਫ਼ਾਈ ਕਰਕੇ ਫ਼ਸਲ ਨੂੰ ਬੋਲੀ ਲਈ ਤਿਆਰ ਕਰ ਦਿੱਤਾ ਗਿਆ ਹੈ, ਪਰ ਅਜੇ ਤੱਕ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਬੋਲੀ ਲਗਾਉਣ ਲਈ ਨਹੀਂ ਪਹੁੰਚਿਆ। ਕਿਸਾਨਾਂ ਲਈ ਚਿੰਤਾ ਵਾਲੀ ਗੱਲ ਇਹ ਵੀ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਇਹ ਜਾਣਕਾਰੀ ਨਹੀਂ ਮਿਲੀ ਕਿ ਖੋਖਰ ਦੀ ਮੰਡੀ ਵਿਚ ਝੋਨੇ ਦੀ ਖ਼ਰੀਦ ਲਈ ਕਿਹੜੀ ਏਜੰਸੀ ਅਲਾਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕੁਦਰਤੀ ਆਫ਼ਤਾਂ ਕਾਰਨ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋ ਚੁੱਕਾ ਹੈ। ਜੇਕਰ ਹੁਣ ਮੰਡੀ ਵਿਚ ਪਏ ਝੋਨੇ ਦੀ ਸਮੇਂ ਸਿਰ ਖ਼ਰੀਦ ਨਾ ਹੋਈ ਅਤੇ ਮੁੜ ਬਾਰਿਸ਼ ਹੋ ਗਈ ਤਾਂ ਫ਼ਸਲ ਖ਼ਰਾਬ ਹੋਣ ਦਾ ਖ਼ਦਸ਼ਾ ਹੈ। ਇਸ ਨਾਲ ਕਿਸਾਨਾਂ ਨੂੰ ਹੋਰ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਇਸ ਮੌਕੇ ਹਨੀ ਫ਼ੱਤਣਵਾਲਾ ਨੇ ਡਿਪਟੀ ਕਮਿਸ਼ਨਰ ਅਮਿਤ ਪੰਚਾਲ ਤੇ ਮਾਰਕਿਟ ਕਮੇਟੀ ਦੇ ਸਕੱਤਰ ਨੂੰ ਅਪੀਲ ਕੀਤੀ ਕਿ ਪਿੰਡ ਖੋਖਰ ਦੀ ਦਾਣਾ ਮੰਡੀ ਲਈ ਜਲਦ ਤੋਂ ਜਲਦ ਖ਼ਰੀਦ ਏਜੰਸੀ ਅਲਾਟ ਕਰਕੇ ਝੋਨੇ ਦੀ ਬੋਲੀ ਤੇ ਖ਼ਰੀਦ ਸ਼ੁਰੂ ਕਰਵਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਅਤੇ ਲਿਫ਼ਟਿੰਗ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨ ਮੰਡੀ ਵਿਚੋਂ ਵਿਹਲੇ ਹੋ ਕੇ ਆਪਣੀ ਅਗਲੀ ਫ਼ਸਲ ਦੀ ਤਿਆਰੀ ਕਰ ਸਕਣ। ਇਸ ਮੌਕੇ ਨਿਰਮਲ ਸਿੰਘ, ਜਸਵਿੰਦਰ ਸਿੰਘ ਕਾਕਾ, ਸੂਬਾ ਸਿੰਘ, ਗੁਰਮੀਤ ਸਿੰਘ, ਜੋਗਿੰਦਰ ਸਿੰਘ ਨੰਬਰਦਾਰ, ਲਖਵੀਰ ਸਿੰਘ, ਸੇਵਕ ਸਿੰਘ, ਜਗਦੀਪ ਸਿੰਘ ਪੱਪੂ ਅਤੇ ਲੱਖਾ ਮੈਂਬਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।