ਪੁਲਿਸ ਯਾਦਗਾਰੀ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ-ਜ਼ਿਲ੍ਹਾ ਪੁਲਿਸ ਮੁਖੀ
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੂਬੇ ਦੀ ਅਮਨ-ਸ਼ਾਂਤੀ, ਦੇਸ਼ ਦੀ ਸੁਰੱਖਿਆ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਐਸ.
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੂਬੇ ਦੀ ਅਮਨ-ਸ਼ਾਂਤੀ, ਦੇਸ਼ ਦੀ ਸੁਰੱਖਿਆ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਐਸ.ਐਸ.ਪੀ. ਅਭਿਮਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਵਿਖੇ ਕਰਵਾਏ ਗਏ ਇਸ ਸਮਾਗਮ ਵਿਚ ਰਮਨ ਸ਼ਰਮਾ ਵਧੀਕ ਸੈਸ਼ਨ ਜੱਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ ਅਤੇ ਤਰਨਜੀਤ ਸਿੰਘ ਮਿਸ਼ਰਾ ਐਸ.ਡੀ.ਜੇ.ਐਮ. ਵੀ ਮੌਜੂਦ ਸਨ। ਸਮਾਗਮ ਦੌਰਾਨ ਪੁਲਿਸ ਦੀ ਟੁਕੜੀ ਵਲੋਂ ਮਾਤਮੀ ਧੁਨਾਂ ਦੇ ਦਰਮਿਆਨ ਸ਼ੋਕ ਸਲਾਮੀ ਦਿੱਤੀ ਗਈ ਅਤੇ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਨਮਨ ਕੀਤਾ ਗਿਆ। ਇਸ ਮੌਕੇ ਡੀ.ਐਸ.ਪੀ. ਹਰਜੀਤ ਸਿੰਘ ਮਾਨ ਨੇ ਵੱਖ-ਵੱਖ ਸੁਰੱਖਿਆ ਬਲਾਂ ਦੇ ਸ਼ਹੀਦ ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਪੜ੍ਹ ਕੇ ਉਨ੍ਹਾਂ ਦੀ ਬਹਾਦਰੀ ਤੇ ਦੇਸ਼ ਪ੍ਰਤੀ ਸਮਰਪਣ ਨੂੰ ਯਾਦ ਕੀਤਾ। ਇਸ ਮੌਕੇ ਐਸ.ਐਸ.ਪੀ. ਅਭਿਮੰਨਿਊ ਰਾਣਾ ਨੇ ਕਿਹਾ ਕਿ ਪੁਲਿਸ ਫੋਰਸ ਦਾ ਇਤਿਹਾਸ ਬਹਾਦਰੀ, ਕੁਰਬਾਨੀਆਂ, ਅਨੁਸ਼ਾਸਨ ਅਤੇ ਦੇਸ਼ ਸੇਵਾ ਦੀ ਭਾਵਨਾ ਨਾਲ ਭਰਪੂਰ ਹੈ। ਦੇਸ਼ ਦੀ ਅੰਦਰੂਨੀ ਸੁਰੱਖਿਆ, ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਪੁਲਿਸ ਮੁਲਾਜ਼ਮ ਹਮੇਸ਼ਾ ਮੋਹਰੀ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹੇ ਹਨ। ਅਨੇਕਾਂ ਬਹਾਦਰ ਅਧਿਕਾਰੀਆਂ ਤੇ ਜਵਾਨਾਂ ਨੇ ਫ਼ਰਜ਼ ਨਿਭਾਉਂਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ, ਜਿਨ੍ਹਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਲਈ ਦੇਸ਼ ਅਤੇ ਲੋਕਾਂ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੈ। ਤਿਉਹਾਰਾਂ, ਪਰਿਵਾਰਕ ਸਮਾਗਮਾਂ ਅਤੇ ਹੋਰ ਵਿਸ਼ੇਸ਼ ਮੌਕਿਆਂ ਦੌਰਾਨ ਵੀ ਪੁਲਿਸ ਜਵਾਨ ਆਪਣੀ ਡਿਊਟੀ ਨੂੰ ਤਰਜ਼ੀਹ ਦਿੰਦੇ ਹੋਏ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਤਾਇਨਾਤ ਰਹਿੰਦੇ ਹਨ। ਸ਼ਰਧਾਂਜਲੀ ਸਮਾਗਮ ਤੋਂ ਬਾਅਦ ਐਸ.ਐਸ.ਪੀ. ਤੇ ਹੋਰ ਪੁਲਿਸ ਅਧਿਕਾਰੀਆਂ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਦੁੱਖ-ਸੁੱਖ ਸਾਂਝੇ ਕੀਤੇ ਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਪਰਿਵਾਰਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਪੁਲਿਸ ਵਿਭਾਗ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਅੱਸ.ਪੀ. (ਡੀ) ਅਸ਼ੋਕ ਮੀਨਾ, ਐਸ.ਪੀ. (ਐਚ) ਗੁਰਿੰਦਰਜੀਤ ਸਿੰਘ ਸੰਧੂ, ਐਸ.ਪੀ. (ਆਪ੍ਰੇਸ਼ਨ) ਮਹੇਸ਼ ਕੁਮਾਰ ਸੈਣੀ, ਡੀ.ਐਸ.ਪੀ. ਜੋਰਾ ਸਿੰਘ, ਡੀ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਬਚਨ ਸਿੰਘ, ਡੀ.ਐਸ.ਪੀ. ਮਲੋਟ ਜਸਪਾਲ ਸਿੰਘ ਧਾਲੀਵਾਲ, ਡੀ.ਐਸ.ਪੀ. ਗਿੱਦੜਬਾਹਾ ਜਤਿੰਦਰ ਸਿੰਘ, ਡੀ.ਐਸ.ਪੀ. ਲੰਬੀ ਹਰਬੰਸ ਸਿੰਘ ਅਤੇ ਡੀ.ਐਸ.ਪੀ. ਹਰਜੀਤ ਸਿੰਘ ਸਮੇਤ ਪੁਲਿਸ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਜ਼ਿਲ੍ਹੇ ਦੇ ਸਮੂਹ ਥਾਣਿਆਂ ਦੇ ਮੁੱਖ ਅਫ਼ਸਰਾਂ ਤੇ ਪੁਲਿਸ ਦਫ਼ਤਰ ਦੇ ਸਟਾਫ਼ ਨੇ ਵੀ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਏ.ਐਸ.ਆਈ. ਗੁਰਦੇਵ ਸਿੰਘ ਨੇ ਨਿਭਾਈ। ਅੰਤ ਵਿਚ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਨਮਨ ਕਰਦਿਆਂ ਦੇਸ਼ ਦੀ ਸੁਰੱਖਿਆ, ਅਮਨ-ਸ਼ਾਂਤੀ ਅਤੇ ਲੋਕਾਂ ਦੀ ਸੇਵਾ ਲਈ ਆਪਣੀ ਵਚਨਬੱਧਤਾ ਦੁਹਰਾਈ ਗਈ।