ਭਾਕਿਯੂ ਏਕਤਾ (ਉਗਰਾਹਾਂ) ਦੇ ਆਗੂਆਂ ਵਲੋਂ ਬਾਰਿਸ਼ ਤੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ
ਮਲੋਟ, 21 ਅਕਤੂਬਰ (ਪਾਟਿਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿਛਲੇ ਦਿਨੀਂ ਮਲੋਟ ਇਲਾਕੇ ਵਿਚ ਤੇਜ਼ ਝੱਖੜ, ਬਾਰਿਸ਼ ਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਣ ਦੇ ਮੱਦੇਨਜ਼ਰ ਜਥੇਬੰਦੀ ਦੇ ਆਗੂਆਂ ਨੇ ਪਿੰਡ ਦਬੜਾ ਆਦਿ ਵਿਖੇ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ। ਇਸ ਦੌਰਾਨ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕਰਦਿਆਂ ਸਰਕਾਰ ਤੋਂ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ।
ਮਲੋਟ, 21 ਅਕਤੂਬਰ (ਪਾਟਿਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿਛਲੇ ਦਿਨੀਂ ਮਲੋਟ ਇਲਾਕੇ ਵਿਚ ਤੇਜ਼ ਝੱਖੜ, ਬਾਰਿਸ਼ ਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਣ ਦੇ ਮੱਦੇਨਜ਼ਰ ਜਥੇਬੰਦੀ ਦੇ ਆਗੂਆਂ ਨੇ ਪਿੰਡ ਦਬੜਾ ਆਦਿ ਵਿਖੇ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ। ਇਸ ਦੌਰਾਨ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕਰਦਿਆਂ ਸਰਕਾਰ ਤੋਂ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ। ਜਥੇਬੰਦੀ ਵਲੋਂ 23 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਅੱਗੇ ਰੋਸ ਧਰਨਾ ਦੇ ਕੇ ਮੰਗ ਪੱਤਰ ਸੌਂਪਿਆ ਜਾਵੇਗਾ। ਆਗੂਆਂ ਨੇ ਦੱਸਿਆ ਕਿ ਪਿੰਡ ਅਬੁੱਲਖੁਰਾਣਾ, ਰੱਥੜੀਆਂ, ਮਲੋਟ, ਦਬੜਾ, ਧਿਗਾਣਾ, ਤਾਮਕੋਟ, ਭੰਗਚੜੀ, ਔਲਖ, ਰੁਪਾਣਾ, ਚੱਕ ਦੂਹੇਵਾਲਾ ਆਦਿ ਪਿੰਡਾਂ ਵਿਚ ਝੋਨੇ, ਬਾਸਮਤੀ, ਹਰੇ ਚਾਰੇ ਅਤੇ ਸਬਜ਼ੀਆਂ ਦਾ 50 ਤੋਂ 100 ਫ਼ੀਸਦੀ ਤੱਕ ਨੁਕਸਾਨ ਹੋਇਆ ਹੈ। ਕਿਸਾਨਾਂ ਨੇ 70 ਤੋਂ 80 ਹਜ਼ਾਰ ਰੁਪਏ ਪ੍ਰਤੀ ਏਕੜ ਤੱਕ ਠੇਕੇ ’ਤੇ ਜ਼ਮੀਨਾਂ ਲਈਆਂ ਹੋਈਆਂ ਹਨ, ਜਿਸ ਕਾਰਨ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਪਿੰਡ ਧਿਗਾਣਾ ਵਿਚ ਕਿਸਾਨਾਂ ਨੇ ਦੱਸਿਆ ਕਿ ਜੋਗਿੰਦਰ ਸਿੰਘ ਦੀ 35 ਏਕੜ, ਕੁਲਦੀਪ ਸਿੰਘ ਦੀ 22 ਏਕੜ, ਦਰਬਾਰਾ ਸਿੰਘ ਦੀ 10 ਏਕੜ ਅਤੇ ਕੁਲਬੀਰ ਸਿੰਘ ਦੀ 12 ਏਕੜ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਈ ਹੈ। ਖੇਤ ਮਜ਼ਦੂਰ ਜਸਵੰਤ ਸਿੰਘ ਜੱਸਾ ਦੀ ਠੇਕੇ ’ਤੇ ਲਈ 10 ਏਕੜ ਅਤੇ ਕਾਲਾ ਸਿੰਘ ਦੀ 3 ਏਕੜ ਫ਼ਸਲ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਦਰਤੀ ਆਫ਼ਤਾਂ ਨਾਲ ਫ਼ਸਲਾਂ ਦੇ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ, ਪਰ ਕਿਸਾਨ ਅਜੇ ਵੀ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਨਿਰਪੱਖ ਗਿਰਦਾਵਰੀ ਕਰਵਾ ਕੇ ਕਿਸਾਨਾਂ ਤੇ ਕਾਸ਼ਤਕਾਰਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਹ ਕਣਕ ਦੀ ਬਿਜਾਈ ਅਤੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰ ਸਕਣ। ਇਸ ਮੌਕੇ ਗੁਰਚਰਨ ਸਿੰਘ ਜੀਤ ਗੰਧੜ, ਅਜੈਬ ਸਿੰਘ ਮੱਲਣ, ਜੋਗਿੰਦਰ ਸਿੰਘ, ਮਿੱਠੂ ਸਿੰਘ ਪ੍ਰੇਮੀ ਬੁੱਟਰ ਸ਼ਰੀਂਹ, ਅੰਗਰੇਜ਼ ਸਿੰਘ ਫ਼ੌਜੀ, ਬਿੱਟੂ ਮੱਲਣ, ਜਗਰਾਜ ਸਿੰਘ, ਸੁਖਨਾ, ਰਣਜੀਤ ਸਿੰਘ ਬੁੱਟਰ, ਕੁੰਦਨ ਸਿੰਘ ਖ਼ਾਲਸਾ ਦੋਦਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਾਕਾ ਸਿੰਘ ਖੁੰਡੇ ਹਲਾਲ ਅਤੇ ਜਸਵਿੰਦਰ ਕੌਰ ਦਬੜਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ।