ਮਲੋਟ, 28 ਅਕਤੂਬਰ (ਪਾਟਿਲ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਇਤਿਹਾਸਕ ਵਿਦਿਅਕ ਟੂਰ ਕਰਵਾਇਆ ਗਿਆ। ਇਸ ਟੂਰ ਦਾ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬ ਦੇ ਗੌਰਵਮਈ ਇਤਿਹਾਸ, ਸਿੱਖ ਧਰਮ ਅਤੇ ਮਹਾਨ ਸ਼ਹਾਦਤਾਂ ਬਾਰੇ ਜਾਣੂ ਕਰਵਾਉਣਾ ਸੀ। ਯਾਤਰਾ ਦੀ ਸ਼ੁਰੂਆਤ ਗੁਰਦੁਆਰਾ ਨਾਨਕਸਰ ਦੇ ਦਰਸ਼ਨਾਂ ਨਾਲ ਕੀਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਸਿੱਖ ਇਤਿਹਾਸ ਦੀਆਂ ਮਹਾਨ ਕੁਰਬਾਨੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਉਪਰੰਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖ਼ਾਲਸਾ ਦਾ ਦੌਰਾ ਕਰਵਾਇਆ ਗਿਆ, ਜਿੱਥੇ ਵਿਦਿਆਰਥੀਆਂ ਨੂੰ ਪੰਜਾਬ ਦੇ ਇਤਿਹਾਸ, ਖ਼ਾਲਸਾ ਪੰਥ ਦੀ ਸਾਜਨਾ ਅਤੇ ਸਿੱਖ ਵਿਰਸੇ ਬਾਰੇ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨ ਵੀ ਕੀਤੇ। ਇਸ ਤੋਂ ਇਲਾਵਾ ਸਰਹਿੰਦ ਵਿਖੇ ਛੋਟੇ ਸਾਹਿਬਜ਼ਾਦਿਆਂ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨਾਲ ਸੰਬੰਧਿਤ ਇਤਿਹਾਸਕ ਅਸਥਾਨਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਟੂਰ ਰਾਹੀਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਪੰਜਾਬ ਦੇ ਇਤਿਹਾਸ ਤੇ ਸੱਭਿਆਚਾਰ ਨੂੰ ਨੇੜਿਓਂ ਜਾਣਨ ਦਾ ਮੌਕਾ ਮਿਲਿਆ। ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਕਿਹਾ ਕਿ ਅਜਿਹੇ ਵਿਦਿਅਕ ਟੂਰ ਵਿਦਿਆਰਥੀਆਂ ਵਿਚ ਆਪਣੇ ਵਿਰਸੇ ਪ੍ਰਤੀ ਸਤਿਕਾਰ, ਦੇਸ਼-ਪ੍ਰੇਮ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।