ਜ਼ਿਲ੍ਹੇ ਦੀਆਂ ਮੰਡੀਆਂ ’ਚ ਖ਼ਰੀਦ ਏਜੰਸੀਆਂ ਨੇ 1 ਲੱਖ 26993 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ
ਕਪੂਰਥਲਾ, 8 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 1 ਲੱਖ 26993 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਜਦਕਿ ਮੰਡੀਆਂ ਵਿਚ ਰੋਜ਼ਾਨਾ 40 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋ ਰਹੀ ਹੈ | ਦੱਸਿਆ ਜਾਂਦਾ ਹੈ ਕਿ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੇ ਗਏ ਝੋਨੇ ਦੀ ਕਿਸਾਨਾਂ ਨੂੰ 249 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਇੱਥੇ ਵਰਨਣਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਾਲ ਮੰਡੀਆਂ ਵਿਚ 7 ਲੱਖ 88272 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਤੇ ਇਸ ਵਿਚੋਂ ਅਜੇ ਤੱਕ ਲਗਭਗ ਪੌਣੇ 18 ਪ੍ਰਤੀਸ਼ਤ ਝੋਨੇ ਦੀ ਆਮਦ ਹੋਈ ਹੈ | ਜਿੱਥੋਂ ਤੱਕ ਲਿਫ਼ਟਿੰਗ ਦਾ ਸਵਾਲ ਹੈ ਸਰਕਾਰੀ ਏਜੰਸੀਆਂ ਵਲੋਂ ਖ਼ਰੀਦੇ ਗਏ ਝੋਨੇ ਵਿਚੋਂ ਹੁਣ ਤੱਕ 32261 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋਈ ਹੈ | ਲਿਫ਼ਟਿੰਗ ਦੀ ਰਫ਼ਤਾਰ ਹੌਲੀ ਹੋਣ ਕਾਰਨ ਅਜੇ ਵੀ ਵੱਡੀ ਮਾਤਰਾ ਵਿਚ ਝੋਨਾ ਮੰਡੀਆਂ ਵਿਚ ਪਿਆ ਹੈ | ਜ਼ਿਲ੍ਹੇ ਦੇ ਮੰਡੀਆਂ ਵਿਚੋਂ ਸਰਕਾਰੀ ਖ਼ਰੀਦ ਏਜੰਸੀ ਪਨਗਰੇਨ, ਮਾਰਕਫੈੱਡ, ਪਨਸਪ ਤੇ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਲੋਂ ਬੀਤੀ 7 ਅਕਤੂਬਰ ਨੂੰ 31349 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ | ਇਸੇ ਦੌਰਾਨ ਹੀ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੇ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ 17 ਪ੍ਰਤੀਸ਼ਤ ਨਮੀ ਵਾਲੇ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਝੋਨਾ ਸੁਕਾ ਕੇ ਲਿਆਉਣ ਤਾਂ ਜੋ ਉਨ੍ਹਾਂ ਨੂੰ ਝੋਨਾ ਵੇਚਣ ਸਮੇਂ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜਣ ਲਈ ਸਬੰਧਿਤ ਵਿਭਾਗਾਂ ਤੇ ਸਰਕਾਰੀ ਖ਼ਰੀਦ ਏਜੰਸੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੀ ਕਟਾਈ ਸਬੰਧੀ ਨਿਰਧਾਰਿਤ ਸਮੇਂ ਦੀ ਪਾਲਣਾ ਕਰਨਾ ਲਾਜ਼ਮੀ ਹੈ, ਕਿਉਂਕਿ ਸਰਕਾਰ ਵਲੋਂ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ‘ਤੇ ਪਾਬੰਦੀ ਲਗਾਈ ਹੋਈ ਹੈ | ਉਨ੍ਹਾਂ ਕਿਸਾਨਾਂ ਤੇ ਕੰਬਾਈਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਂ ਸਾਰਨੀ ਦੀ ਸਖ਼ਤੀ ਨਾਲ ਪਾਲਣਾ ਕਰਕੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ |