ਚੋਣ ਰੋਲ ਆਬਜ਼ਰਵਰ ਰਾਹੁਲ ਭੰਡਾਰੀ ਵੱਲੋਂ ਅੱਜ ਅੰਤਿਮ ਵੋਟਰ ਸੂਚੀਆਂ ਦੇ ਪ੍ਰਕਾਸ਼ਨ ਸਬੰਧੀ ਤਿਆਰੀਆਂ ਦਾ ਜਾਇਜ਼ਾ
ਫਗਵਾੜਾ, 11 ਅਕਤੂਬਰ (ਹਰਜੋਤ ਸਿੰਘ ਚਾਨਾ)- ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਜ਼ਿਲ੍ਹਾ ਕਪੂਰਥਲਾ ਦੇ ਚੋਣ ਰੋਲ ਆਬਜ਼ਰਵਰ ਰਾਹੁਲ ਭੰਡਾਰੀ ਨੇ ਐੱਸ ਆਈ ਆਰ 2026 ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ 12 ਅਕਤੂਬਰ ਨੂੰ ਅੰਤਿਮ ਵੋਟਰ ਸੂਚੀਆਂ ਦੇ ਪ੍ਰਕਾਸ਼ਨ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ | 6 ਸਤੰਬਰ ਤੋਂ ਬਾਅਦ ਆਪਣੀ ਤੀਜੀ ਸਮੀਖਿਆ ਮੀਟਿੰਗ ਦੌਰਾਨ ਭੰਡਾਰੀ ਨੇ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ | ਇਸ ਤੋਂ ਪਹਿਲਾਂ ਚੋਣ ਰੋਲ ਆਬਜ਼ਰਵਰ ਵਲੋਂ 6 ਸਤੰਬਰ ਤੇ 29 ਸਤੰਬਰ ਨੂੰ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਸੀ | ਅੱਜ ਉਨ੍ਹਾਂ ਨੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ਦੌਰਾਨ 25 ਜੂਨ 2026 ਨੂੰ ਘਰ ਘਰ ਸਰਵੇਖਣ ਦੀ ਸ਼ੁਰੂਆਤ ਤੋਂ ਲੈ ਕੇ 8 ਅਕਤੂਬਰ ਨੂੰ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਤੱਕ ਦੀ ਸਮੁੱਚੀ ਪ੍ਰਕਿਰਿਆ ਦੀ ਸਮੀਖਿਆ ਕੀਤੀ ਗਈ | ਭੰਡਾਰੀ ਨੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਤੇ ਚੋਣ ਤਹਿਸੀਲਦਾਰ ਕਪੂਰਥਲਾ ਤੋਂ ਵੋਟਰ ਸੂਚੀਆਂ ਨੂੰ ਅੰਤਿਮ ਰੂਪ ਦੇਣ ਤੇ ਸੋਮਵਾਰ ਨੂੰ ਇਨ੍ਹਾਂ ਦੇ ਸਮੇਂ ਸਿਰ ਪ੍ਰਕਾਸ਼ਨ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ | ਅੰਤਿਮ ਵੋਟਰ ਸੂਚੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਸੌਂਪੀਆਂ ਜਾਣਗੀਆਂ | ਅੱਪਡੇਟ ਤੇ ਸਮਾਵੇਸ਼ੀ ਵੋਟਰ ਸੂਚੀਆਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਭੰਡਾਰੀ ਨੇ ਕਿਹਾ ਕਿ ਐਸਆਈ ਆਰ 2026 ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਸੀ ਕਿ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ‘ਚ ਦਰਜ ਹੋਵੇ ਤੇ ਸੂਚੀਆਂ ‘ਚ ਮੌਜੂਦ ਕਿਸੇ ਵੀ ਤਰ੍ਹਾਂ ਦੀਆਂ ਤਰੁੱਟੀਆਂ ਨੂੰ ਨਿਰਧਾਰਤ ਕਾਨੂੰਨੀ ਪ੍ਰਕਿਰਿਆ ਅਨੁਸਾਰ ਦੂਰ ਕੀਤਾ ਜਾਵੇ | ਉਨ੍ਹਾਂ ਜ਼ੋਰ ਦਿੱਤਾ ਕਿ ਅੰਤਿਮ ਵੋਟਰ ਸੂਚੀਆਂ ਦਾ ਸਮੇਂ ਸਿਰ ਪ੍ਰਕਾਸ਼ਨ ਯਕੀਨੀ ਬਣਾਉਣ ਲਈ ਸਾਰੀਆਂ ਨਿਰਧਾਰਤ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਜਾਵੇ | ਇਸ ਉਪਰੰਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਨੇ ਵੀ ਚੋਣ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅੰਤਿਮ ਵੋਟਰ ਸੂਚੀਆਂ ਦੇ ਪ੍ਰਕਾਸ਼ਨ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ |