ਗਗਨ ਬਾਜਵਾ ਨੇ ਰਾਤ-ਦਿਨ ਮਾਈਨਿੰਗ ਦੇ ਟਿੱਪਰ ਚੱਲਣ ਦੇ ਲਗਾਏ ਦੋਸ਼
ਸੁਲਤਾਨਪੁਰ ਲੋਧੀ, 13 ਅਕਤੂਬਰ (ਨਰੇਸ਼ ਹੈਪੀ)-ਹਲਕਾ ਸੁਲਤਾਨਪੁਰ ਲੋਧੀ ’ਚ ਕਥਿਤ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਕਾਰਜਕਾਰੀ ਪ੍ਰਧਾਨ ਗਗਨ ਬਾਜਵਾ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ | ਉਨ੍ਹਾਂ ਦੋਸ਼ ਲਗਾਇਆ ਕਿ ਹਲਕੇ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਜ਼ੋਰਾਂ ’ਤੇ ਚੱਲ ਰਹੀ ਹੈ ਪਰ ਇਸ ਨੂੰ ਰੋਕਣ ਲਈ ਕੋਈ ਠੋਸ ਕਾਰਵਾਈ ਨਜ਼ਰ ਨਹੀਂ ਆ ਰਹੀ ਹੈ | ਗਗਨ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਦੋਸ਼ਾਂ ਅਨੁਸਾਰ ਹਲਕੇ ’ਚ ਮਾਈਨਿੰਗ ਨਾਲ ਸਬੰਧਿਤ ਟਿੱਪਰ ਰਾਤ-ਦਿਨ ਲਗਾਤਾਰ ਚੱਲ ਰਹੇ ਹਨ | ਉਨ੍ਹਾਂ ਸਵਾਲ ਕੀਤਾ ਕਿ ਜੇਕਰ ਇਹ ਗਤੀਵਿਧੀਆਂ ਨਿਯਮਾਂ ਦੇ ਉਲਟ ਹੋ ਰਹੀਆਂ ਹਨ ਤਾਂ ਸਬੰਧਿਤ ਵਿਭਾਗ ਅਤੇ ਪ੍ਰਸ਼ਾਸਨ ਇਨ੍ਹਾਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੇ? ਗਗਨ ਬਾਜਵਾ ਨੇ ਝੋਨੇ ਦੀ ਖ਼ਰੀਦ ਦੇ ਮੁੱਦੇ ’ਤੇ ਬੋਲਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਝੋਨੇ ਵਿੱਚ ਨਮੀ ਦੇ ਬਹਾਨੇ ਕਿਸਾਨਾਂ ’ਤੇ ਬੇਲੋੜੇ ਕੱਟ ਲਗਾਏ ਜਾ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਖੱਜਲ-ਖੁਆਰ ਕਰਨ ਦੀ ਬਜਾਏ ਸਰਕਾਰ ਨੂੰ ਖ਼ਰੀਦ ਪ੍ਰਬੰਧ ਸੁਚਾਰੂ ਬਣਾਉਣੇ ਚਾਹੀਦੇ ਹਨ |