ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਦਾਦਾ-ਦਾਦੀ ਦਿਵਸ ਮਨਾਇਆ
ਭੁਲੱਥ, 19 ਅਕਤੂਬਰ (ਮਨਜੀਤ ਸਿੰਘ ਰਤਨ)-ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਦਾਦਾ-ਦਾਦੀ ਦਿਵਸ ਬੜੇ ਪਿਆਰ, ਖ਼ੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਰੋਹ ਦਾ ਮੁੱਖ ਉਦੇਸ਼ ਦਾਦਾ-ਦਾਦੀ ਵੱਲੋਂ ਆਪਣੇ ਪੋਤੇ-ਪੋਤੀਆਂ ਨੂੰ ਦਿੱਤੇ ਜਾਂਦੇ ਬਿਨਾਂ ਸ਼ਰਤ ਪਿਆਰ, ਸਨੇਹ, ਦੇਖਭਾਲ ਅਤੇ ਜੀਵਨ ਦੇ ਅਨਮੋਲ ਤਜਰਬਿਆਂ ਲਈ ਉਨ੍ਹਾਂ ਦਾ ਸਤਿਕਾਰ ਕਰਨਾ ਸੀ | ਸਮਾਰੋਹ ਦੌਰਾਨ ਦਾਦਾ-ਦਾਦੀ ਅਤੇ ਪੋਤੇ-ਪੋਤੀਆਂ ਵਿਚਕਾਰਲੇ ਪਿਆਰ ਭਰੇ ਰਿਸ਼ਤੇ ਨੂੰ ਵਿਸ਼ੇਸ਼ ਤੌਰ ‘ਤੇ ਉਜਾਗਰ ਕੀਤਾ ਗਿਆ | ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਤੇ ਮਨਮੋਹਕ ਪੇਸ਼ਕਾਰੀਆਂ ਰਾਹੀਂ ਆਪਣੇ ਦਾਦਾ-ਦਾਦੀ ਪ੍ਰਤੀ ਪਿਆਰ, ਸਤਿਕਾਰ ਅਤੇ ਸ਼ੁਕਰਗੁਜ਼ਾਰੀ ਦਾ ਪ੍ਰਗਟਾਵਾ ਕੀਤਾ | ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਯਾਦਗਾਰੀ ਅਤੇ ਭਾਵਨਾਤਮਕ ਬਣਾ ਦਿੱਤਾ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸੋਨੂੰ ਸ਼ਰਮਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਦਾਦਾ-ਦਾਦੀ ਬੱਚਿਆਂ ਦੇ ਜੀਵਨ ਵਿਚ ਅਹਿਮ ਸਥਾਨ ਰੱਖਦੇ ਹਨ | ਉਨ੍ਹਾਂ ਦਾ ਪਿਆਰ, ਤਜਰਬਾ ਅਤੇ ਸਿੱਖਿਆ ਬੱਚਿਆਂ ਦੇ ਚਰਿੱਤਰ ਨਿਰਮਾਣ, ਨੈਤਿਕ ਕਦਰਾਂ-ਕੀਮਤਾਂ ਅਤੇ ਚੰਗੇ ਸੰਸਕਾਰਾਂ ਨੂੰ ਵਿਕਸਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਬਜ਼ੁਰਗਾਂ ਦਾ ਹਮੇਸ਼ਾ ਸਤਿਕਾਰ ਕਰਨ, ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਉਨ੍ਹਾਂ ਦੇ ਜੀਵਨ ਦੇ ਤਜਰਬਿਆਂ ਤੋਂ ਸਿੱਖਿਆ ਲੈਣ |