ਨਵੀਂ ਦਿੱਲੀ, 18 ਜੁਲਾਈ (ਉਪਮਾ ਡਾਗਾ ਪਾਰਥ)-ਯਮਨ 'ਚ ਕੇਰਲ ਦੀ ਨਰਸ ਨਿਮਿਸ਼ਾ ਪਿ੍ਆ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੇ ਮਾਮਲੇ 'ਚ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ | ਜਿਸ ਦੌਰਾਨ ਕੇਂਦਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਫਿਲਹਾਲ ਨਿਮਿਸ਼ਾ ਦੀ ਸਜ਼ਾ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ | ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ | ਕੇਂਦਰ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਨਿਮਿਸ਼ਾ ਠੀਕ-ਠਾਕ ਭਾਰਤ ਪਰਤ ਆਏ | ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੀ ਬੈਂਚ ਨੂੰ ਸਰਕਾਰ ਵਲੋਂ ਪੇਸ਼ ਹੋਏ ਅਟਾਰਨੀ ਜਨਰਲ ਆਰ. ਵੈਂਕਟਰਮਣੀ ਨੇ ਕਿਹਾ ਕਿ ਨਿਮਿਸ਼ਾ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸ ਮਾਮਲੇ 'ਚ ਅਗਲੀ ਸੁਣਵਾਈ 14 ਅਗਸਤ ਨੂੰ ਹੋਵੇਗੀ | ਨਿਮਿਸ਼ਾ ਨੂੰ 16 ਜੁਲਾਈ ਨੂੰ ਮੌਤ ਦੀ ਸਜ਼ਾ ਦਿੱਤੀ ਜਾਣੀ ਸੀ ਜਿਸ ਨੂੰ ਫਿਲਹਾਲ ਟਾਲ ਦਿੱਤਾ ਗਿਆ ਹੈ |