ਨਵੀਂ ਦਿੱਲੀ, 18 ਜੁਲਾਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਜ਼ਮੀਨ ਦੇ ਬਦਲੇ ਨੌਕਰੀ ਮਾਮਲੇ 'ਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਰਾਹਤ ਨਾ ਦਿੰਦਿਆਂ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ | ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਐਸ. ਕੋਟੀਸ਼ਵਰ ਸਿੰਘ ਦੇ ਬੈਂਚ ਨੇ ਦਿੱਲੀ ਹਾਈ ਕੋਰਟ ਨੂੰ ਸੀ. ਬੀ. ਆਈ. ਦੀ ਐਫ. ਆਈ. ਆਰ. ਰੱਦ ਕਰਨ ਦੀ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ 'ਚ ਤੇਜ਼ੀ ਲਿਆਉਣ ਨੂੰ ਕਿਹਾ | ਇਹ ਮਾਮਲਾ 2004 ਤੋਂ 2009 'ਚ ਲਾਲੂ ਪ੍ਰਸਾਦ ਯਾਦਵ ਦੇ ਰੇਲ ਮੰਤਰੀ ਰਹਿਣ ਦੌਰਾਨ ਮੱਧ ਪ੍ਰਦੇਸ਼ ਦੇ ਜਬਲਪੁਰ ਸਥਿਤ ਭਾਰਤੀ ਰੇਲਵੇ ਦੇ ਪੱਛਮੀ ਮੱਧ ਖੇਤਰ 'ਚ ਗਰੁੱਪ ਡੀ ਦੀਆਂ ਨਿਯੁਕਤੀਆਂ ਨਾਲ ਸੰਬੰਧਿਤ ਹੈ, ਜੋ ਕਿ ਕਥਿਤ ਤੌਰ 'ਤੇ ਆਰ.ਜੇ.ਡੀ. ਮੁੱਖੀ ਦੇ ਪਰਿਵਾਰ ਜਾਂ ਸਹਿਯੋਗੀਆਂ ਦੇ ਨਾਂਅ 'ਤੇ ਦਿੱਤੀ ਜ਼ਮੀਨ ਬਦਲੇ ਸੀ |