25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਗੈਂਗਸਟਰਵਾਦ ਤੇ ਨਸ਼ੇ ਅਕਾਲੀ ਦਲ ਤੇ ਕਾਂਗਰਸ ਦੀ ਦੇਣ-ਚੀਮਾ

ਅਜੀਤ ਡੈਸਕ 20-07-2025

ਆਉਂਦੀਆਂ ਚੋਣਾਂ 'ਚ ਵੀ ਮੁੜ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ
ਸਿਹਤ, ਸਿੱਖਿਆ ਤੇ ਬੁਨਿਆਦੀ ਢਾਂਚੇ 'ਚ ਹੋਏ ਕ੍ਰਾਂਤੀਕਾਰੀ ਸੁਧਾਰ
ਜਸਪਾਲ ਸਿੰਘ

ਜਲੰਧਰ, 19 ਜੁਲਾਈ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਨੂੰ ਬੇਮਿਸਾਲ ਦੱਸਦੇ ਹੋਏ ਕਿਹਾ ਕਿ ਜਿੰਨੇ ਕੰਮ 'ਆਪ' ਸਰਕਾਰ ਨੇ ਆਪਣੇ ਤਿੰਨ ਸਾਲ ਦੇ ਅਰਸੇ 'ਚ ਹੀ ਕਰਵਾ ਦਿੱਤੇ ਹਨ, ਓਨੇ ਕੰਮ ਪਿਛਲੀਆਂ ਸਰਕਾਰਾਂ 60 ਸਾਲਾਂ 'ਚ ਵੀ ਨਹੀਂ ਕਰਵਾ ਸਕੀਆਂ | ਅੱਜ ਪੰਜਾਬ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਤੇ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਮੁੜ ਆਪਣੀ ਖੋਹੀ ਹੋਈ ਸ਼ਾਨ ਬਹਾਲ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ | ਇਹ ਦਾਅਵਾ ਉਨ੍ਹਾਂ ਇਥੇ 'ਅਜੀਤ' ਭਵਨ ਵਿਖੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ | ਇਸ ਮੌਕੇ ਸੂਬੇ ਅੰਦਰ ਵਧ ਰਹੇ ਗੈਂਗਸਟਰਵਾਦ ਅਤੇ ਨਸ਼ਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਚੀਮਾ ਨੇ ਕਿਹਾ ਕਿ ਗੈਂਗਸਟਰਵਾਦ ਤੇ ਨਸ਼ੇ ਪਿਛਲੀਆਂ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਦੇਣ ਹਨ ਅਤੇ ਦੋਵਾਂ ਸਰਕਾਰਾਂ ਵਲੋਂ ਨਾ ਕੇਵਲ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕੀਤੀ ਜਾਂਦੀ ਰਹੀ ਹੈ, ਬਲਕਿ ਉਨ੍ਹਾਂ ਵਲੋਂ ਇਸ ਕਾਲੇ ਕੰਮ 'ਚ ਹੱਥ ਵੀ ਰੰਗੇ ਜਾਂਦੇ ਰਹੇ ਹਨ | ਉਨ੍ਹਾਂ ਕਿਹਾ ਕਿ ਇਕ ਪਾਸੇ ਅਕਾਲੀ ਦਲ ਨੇ ਗੈਂਗਸਟਰਵਾਦ ਪੈਦਾ ਕੀਤਾ ਤੇ ਦੂਜੇ ਪਾਸੇ ਕਾਂਗਰਸ ਨੇ ਮੁਖਤਾਰ ਅੰਸਾਰੀ ਵਰਗੇ ਖ਼ਤਰਨਾਕ ਗੈਂਗਸਟਰਾਂ ਨੂੰ ਪਨਾਹ ਦਿੱਤੀ ਪਰ 'ਆਪ' ਸਰਕਾਰ ਸੂਬੇ ਅੰਦਰ ਅਮਨ ਕਾਨੂੰਨ ਦੀ ਕਾਇਮੀ ਲਈ ਲਗਾਤਾਰ ਯਤਨਸ਼ੀਲ ਹੈ ਤੇ ਕਿਸੇ ਨੂੰ ਵੀ ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਆਮ ਤੌਰ 'ਤੇ ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦੇ ਆਖਰੀ ਸਾਲ 'ਚ ਪੂਰੇ ਕਰਦੀਆਂ ਹਨ ਪਰ ਆਮ ਆਦਮੀ ਪਾਰਟੀ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਸਰਕਾਰ ਬਣਨ ਦੇ ਤਿੰਨ ਮਹੀਨਿਆਂ ਅੰਦਰ ਹੀ ਮੁਫ਼ਤ ਬਿਜਲੀ ਸਕੀਮ ਲਾਗੂ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਅਤੇ ਹਰ ਮਹੀਨੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ | ਇਸੇ ਤਰ੍ਹਾਂ ਉਨ੍ਹਾਂ 55 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੇ ਜਾਣ ਨੂੰ ਵੀ ਸਰਕਾਰ ਦੀ ਵੱਡੀ ਪ੍ਰਾਪਤੀ ਦੱਸਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਕੇਵਲ ਲਾਰੇ ਹੀ ਦਿੱਤੇ | ਸਿਹਤ ਦੇ ਖੇਤਰ 'ਚ ਸਰਕਾਰ ਵਲੋਂ ਕੀਤੇ ਗਏ ਕੰਮਾਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਨੇ ਆਉਂਦਿਆਂ ਹੀ ਨਾ ਕੇਵਲ ਮੁਹੱਲਾ ਕਲੀਨਿਕਾਂ ਦੀ ਸਥਾਪਨਾ ਕੀਤੀ, ਬਲਕਿ ਸਿਵਲ ਹਸਪਤਾਲਾਂ 'ਚ ਵੀ ਲੋਕਾਂ ਨੂੰ ਮੁਫ਼ਤ ਦਵਾਈਆਂ ਦੇ ਨਾਲ-ਨਾਲ ਹਰ ਤਰ੍ਹਾਂ ਦੇ ਟੈਸਟਾਂ ਦੀ ਸਹੂਲਤ ਵੀ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਹੈ | ਸਿੱਖਿਆ ਦੇ ਖੇਤਰ 'ਚ ਵੀ ਸੁਧਾਰ ਲਈ ਸਰਕਾਰ ਵਲੋਂ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ ਅਤੇ ਸਕੂਲ ਆਫ਼ ਐਮੀਨੈਂਸ ਬਣਾ ਕੇ ਬੱਚਿਆਂ ਲਈ ਮਿਆਰੀ ਸਿੱਖਿਆ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ | ਰਾਜ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਹਰ ਵਿਧਾਨ ਸਭਾ ਹਲਕੇ 'ਚ ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ | ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਰਕਾਰ ਵਲੋਂ ਆਰੰਭੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਵੀ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਛੋਟੇ ਤੋਂ ਲੈ ਕੇ ਵੱਡੇ ਨਸ਼ਾ ਤਸਕਰਾਂ ਖ਼ਿਲਾਫ਼ ਵੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ | ਭਿ੍ਸ਼ਟਾਚਾਰ ਦੇ ਮਾਮਲੇ 'ਚ ਸਰਕਾਰ ਪੂਰੀ ਤਰ੍ਹਾਂ ਨਾਲ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ 'ਤੇ ਚੱਲ ਰਹੀ ਹੈ ਤੇ ਦਫ਼ਤਰਾਂ 'ਚ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਲਈ ਬਹੁਤ ਸਾਰੀਆਂ ਸਰਕਾਰੀ ਸਹੂਲਤਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ | ਇਸ ਮੌਕੇ 'ਲੈਂਡ ਪੂਲਿੰਗ' ਨੀਤੀ ਦੇ ਹੋ ਰਹੇ ਵਿਰੋਧ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਨੀਤੀ 'ਚ ਕਿਸੇ ਵੀ ਤਰ੍ਹਾਂ ਸੋਧ ਦੀ ਕੋਈ ਗੁੰਜਾਇਸ਼ ਨਹੀਂ ਹੈ ਅਤੇ ਇਸ ਨੀਤੀ ਨੂੰ ਕਈ ਸ਼ਹਿਰਾਂ ਅੰਦਰ ਕਿਸਾਨਾਂ ਵਲੋਂ ਚੰਗਾ ਹੁੰਗਾਰਾ ਵੀ ਭਰਿਆ ਜਾ ਰਿਹਾ ਹੈ | ਆਉਂਦੀਆਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਉਨ੍ਹਾਂ ਦਾਅਵੇ ਨਾਲ ਕਿਹਾ ਕਿ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਬਣੇਗੀ ਅਤੇ ਕਿਹੜੀ ਪਾਰਟੀ ਨਾਲ ਮੁਕਾਬਲਾ ਹੋਣ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਹਾਸ਼ੀਏ 'ਤੇ ਜਾ ਚੁੱਕਾ ਹੈ ਅਤੇ ਕਾਂਗਰਸ ਧੜਿਆਂ 'ਚ ਵੰਡੀ ਪਈ ਹੈ, ਜਦਕਿ ਕਿਸਾਨੀ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਭਾਜਪਾ ਨੂੰ ਵੀ ਪੰਜਾਬ ਦੇ ਲੋਕ ਮੂੰਹ ਨਹੀਂ ਲਾਉਣਗੇ |

ਪਿਛਲੀ ਖ਼ਬਰ ਡਾ. ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ 'ਚ 15 ਮੈਂਬਰੀ ਸਿਲੈਕਟ ਕਮੇਟੀ ਦਾ ਗਠਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਤਹਿਤ ਪ੍ਰਧਾਨ ਦੀ ਚੋਣ ਲਈ 11 ਅਗਸਤ ਨੂੰ ਬੁਲਾਇਆ ਜਨਰਲ ਇਜਲਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।