ਇਸ ਵਿਚ ਸਾਰੇ ਧਰਮਾਂ ਦੇ ਰਹਿਬਰਾਂ ਤੇ ਮਹਾਂਪੁਰਸ਼ਾਂ ਦੀ ਬਾਣੀ
ਜਸਪਾਲ ਸਿੰਘ
ਜਲੰਧਰ, 20 ਜੁਲਾਈ- ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਾਲ ਹੀ 'ਚ ਵਿਧਾਨ ਸਭਾ 'ਚ ਪੇਸ਼ ਕੀਤੇ ਗਏ ਬੇਅਦਬੀ ਸੰਬੰਧੀ ਬਿੱਲ 'ਤੇ ਵਿਰੋਧੀ ਪਾਰਟੀਆਂ ਵਲੋਂ ਉਠਾਏ ਜਾ ਰਹੇ ਇਤਰਾਜ਼ਾਂ ਨੂੰ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਕਿਸੇ ਇਕ ਧਰਮ ਜਾਂ ਫਿਰਕੇ ਨਾਲ ਜੋੜ ਕੇ ਨਹੀਂ ਦੇਖਿਆ ਜਾ ਸਕਦਾ | ਬਲਕਿ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਦੇਸ਼ ਸਮੁੱਚੀ ਲੋਕਾਈ ਲਈ ਹੈ ਤੇ ਇਸ ਵਿਚ ਸਾਰੇ ਧਰਮਾਂ ਦੇ ਰਹਿਬਰਾਂ ਅਤੇ ਮਹਾਂਪੁਰਸ਼ਾਂ ਦੀ ਬਾਣੀ ਸ਼ਾਮਿਲ ਹੈ | ਇਸ ਨੂੰ ਸਾਰੇ ਧਰਮਾਂ ਤੇ ਵਰਗਾਂ ਦੇ ਲੋਕਾਂ ਵਲੋਂ ਬਰਾਬਰ ਦਾ ਸਤਿਕਾਰ ਦਿੱਤਾ ਜਾਂਦਾ ਹੈ ਤੇ ਇਸ ਸੰਵੇਦਨਸ਼ੀਲ ਮੁੱਦੇ 'ਤੇ ਕਿਸੇ ਵੀ ਪਾਰਟੀ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ 'ਅਜੀਤ' ਭਵਨ ਵਿਖੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਸੰਬੰਧੀ ਪੇਸ਼ ਕੀਤੇ ਗਏ ਬਿੱਲ 'ਤੇ ਸਦਨ ਵਿਚ ਭਖਵੀਂ ਬਹਿਸ ਹੋਈ ਹੈ ਤੇ ਉਸ ਤੋਂ ਬਾਅਦ ਹੀ ਇਸ ਵਿਚਲੀਆਂ ਖਾਮੀਆਂ ਨੂੰ ਦੂਰ ਕਰਨ ਲਈ ਇਸ ਨੂੰ ਸਿਲੈਕਟ ਕਮੇਟੀ ਕੋਲ ਭੇਜਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸਿਲੈਕਟ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਆਗੂਆਂ, ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ ਤੇ ਹੋਰਨਾਂ ਸਖਸ਼ੀਅਤਾਂ ਦੀ ਰਾਇ ਲੈਣ ਉਪਰੰਤ ਬਿੱਲ ਨੂੰ ਮੁੜ ਵਿਧਾਨ ਸਭਾ 'ਚ ਪੇਸ਼ ਕੀਤਾ ਜਾਣਾ ਹੈ | ਇਸ ਮੌਕੇ ਉਨ੍ਹਾਂ ਭਾਜਪਾ ਆਗੂਆਂ ਵਲੋਂ ਬਿੱਲ ਉੱਪਰ ਕੀਤੀ ਜਾ ਰਹੀ ਨੁਕਤਾਚੀਨੀ ਨੂੰ ਗੈਰ-ਵਾਜਿਬ ਦੱਸਦੇ ਹੋਏ ਕਿਹਾ ਕਿ ਜਦੋਂ ਇਹ ਬਿੱਲ ਸਿਲੈਕਟ ਕਮੇਟੀ ਕੋਲ ਭੇਜ ਦਿੱਤਾ ਗਿਆ ਹੈ ਤਾਂ ਉਨ੍ਹਾਂ ਦਾ ਇਤਰਾਜ਼ ਬੇਲੋੜਾ ਹੈ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਜਿਸ ਨੇ ਹਮੇਸ਼ਾ ਨਫਰਤ ਦੀ ਰਾਜਨੀਤੀ ਕੀਤੀ ਹੈ, ਉਸ ਨੂੰ ਇਸ ਬਿੱਲ ਸੰਬੰਧੀ ਕੋਈ ਵੀ ਗੱਲ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ | ਇਸ ਮੌਕੇ ਵਿਧਾਨ ਸਭਾ 'ਚ ਕਾਂਗਰਸੀ ਵਿਧਾਇਕ ਬਾਵਾ ਹੈਨਰੀ ਵਲੋਂ ਵਰਤੇ ਗਏ ਅਪਸ਼ਬਦਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਇਕ ਪਵਿੱਤਰ ਸਦਨ ਹੈ ਤੇ ਕਿਸੇ ਵੀ ਵਿਅਕਤੀ ਨੂੰ ਇਸ ਦੀ ਮਰਿਆਦਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜਿੱਥੋਂ ਤੱਕ ਉਕਤ ਵਿਧਾਇਕ ਦੀ ਗੱਲ ਹੈ ਤਾਂ ਉਸ ਸੰਬੰਧੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਖੇਦ ਪ੍ਰਗਟ ਕਰ ਲਿਆ ਗਿਆ ਸੀ | ਉਨ੍ਹਾਂ ਕਿਹਾ ਕਿ ਲੱਖਾਂ ਲੋਕਾਂ ਦੀ ਨੁਮਾਇੰਦਗੀ ਕਰਨ ਵਾਲੇ ਕਿਸੇ ਵੀ ਵਿਧਾਇਕ ਨੂੰ ਇਸ ਤਰ੍ਹਾਂ ਦੀ ਹੇਠਲੇ ਦਰਜੇ ਦੀ ਸ਼ਬਦਾਵਲੀ ਵਰਤਣੀ ਨਾ ਤਾਂ ਸੰਵਿਧਾਨਿਕ ਤੌਰ 'ਤੇ ਅਤੇ ਨਾ ਹੀ ਨੈਤਿਕ ਤੌਰ 'ਤੇ ਜਾਇਜ਼ ਹੈ | ਇਸ ਮੌਕੇ ਵਿਧਾਨ ਸਭਾ ਦੇ ਛੋਟੇ ਹੁੰਦੇ ਜਾ ਰਹੇ ਇਜਲਾਸਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਾਰ ਦਾ ਇਜਲਾਸ ਕਿਸੇ ਵਿਸ਼ੇਸ਼ ਏਜੰਡੇ ਲਈ ਕੇਵਲ ਦੋ ਦਿਨ ਦਾ ਬੁਲਾਇਆ ਗਿਆ ਸੀ ਪਰ ਇਸ ਦੇ ਬਾਵਜੂਦ ਵਿਰੋਧੀ ਧਿਰ ਦੀ ਮੰਗ 'ਤੇ ਇਸ ਦਾ ਸਮਾਂ ਹੋਰ ਵਧਾਇਆ ਗਿਆ ਤੇ ਸਾਰਿਆਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਗਿਆ | ਇਸ ਦੌਰਾਨ ਰਾਜਾਂ ਦੇ ਅਧਿਕਾਰਾਂ ਤੇ ਖਾਸ ਕਰਕੇ ਪੰਜਾਬ 'ਚ ਕੇਂਦਰ ਦੀ ਵਧ ਰਹੀ ਦਖਲਅੰਦਾਜ਼ੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਸ. ਸੰਧਵਾਂ ਨੇ ਕਿਹਾ ਕਿ ਡਾ. ਬੀ. ਆਰ. ਅੰਬੇਡਕਰ ਵਲੋਂ ਸੰਵਿਧਾਨ ਰਾਹੀਂ ਸੂਬਿਆਂ ਨੂੰ ਜੋ ਅਧਿਕਾਰ ਦਿੱਤੇ ਗਏ ਹਨ, ਉਨ੍ਹਾਂ ਨੂੰ ਖੋਹਣ ਨਾਲ ਸੂਬੇ ਹੀ ਨਹੀਂ ਬਲਕਿ ਦੇਸ਼ ਵੀ ਕਮਜ਼ੋਰ ਹੁੰਦਾ ਹੈ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਨੂੰ ਮਿਲ ਰਹੀਆਂ ਧਮਕੀ ਭਰੀਆਂ ਈ-ਮੇਲਾਂ ਬਾਰੇ ਗੱਲ ਕਰਦਿਆਂ ਸੰਧਵਾਂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਜਾ ਕੇ ਹਰ ਵਿਅਕਤੀ ਨਿਰਭੈ ਹੋ ਜਾਂਦਾ ਹੈ ਤੇ ਅਜਿਹੀਆਂ ਧਮਕੀਆਂ ਦਾ ਸੰਗਤਾਂ ਦੀ ਸ਼ਰਧਾ ਤੇ ਭਾਵਨਾ 'ਤੇ ਕੋਈ ਅਸਰ ਨਹੀਂ ਹੈ | ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਅਜਿਹੀਆਂ ਘਿਨਾਉਣੀਆਂ ਹਰਕਤਾਂ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਤੇ ਪੁਲਿਸ ਵਲੋਂ ਅਜਿਹੇ ਅਨਸਰਾਂ ਦੀ ਤੇਜ਼ੀ ਨਾਲ ਭਾਲ ਕੀਤੀ ਜਾ ਰਹੀ ਹੈ | ਇਸ ਮੌਕੇ ਲੈਂਡ ਪੂਲਿੰਗ ਨੀਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਮਸਲਾ ਪੰਜਾਬ ਸਰਕਾਰ ਨਾਲ ਸੰਬੰਧਿਤ ਹੈ ਪਰ ਕਿਸਾਨੀ ਨਾਲ ਜੁੜੇ ਹੋਣ ਨਾਤੇ ਉਨ੍ਹਾਂ ਦਾ ਮੰਨਣਾ ਹੈ ਕਿ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਅੱਜ ਤੱਕ ਜੋ ਵੀ ਸਕੀਮਾਂ ਬਣਾਈਆਂ ਗਈਆਂ ਹਨ, ਉਹ ਸਧਾਰਨ ਲੋਕਾਂ ਅਤੇ ਕਿਸਾਨਾਂ ਦੀ ਬਿਹਤਰੀ ਤੇ ਭਲਾਈ ਲਈ ਹਨ ਪਰ ਕਿਸਾਨਾਂ ਵਲੋਂ ਇਸ ਨੀਤੀ ਦਾ ਵਿਰੋਧ ਕੀਤੇ ਜਾਣ ਕਾਰਨ ਇਸ 'ਤੇ ਮੁੜ ਨਜ਼ਰਸਾਨੀ ਕੀਤੀ ਜਾ ਸਕਦੀ ਹੈ ਤੇ ਕਿਸਾਨਾਂ ਦੀ ਸਹਿਮਤੀ ਨਾਲ ਹੀ ਉਨ੍ਹਾਂ ਦੀਆਂ ਜ਼ਮੀਨਾਂ ਲਈਆਂ ਜਾਣਗੀਆਂ | ਇਸ ਮੌਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਸੰਵਿਧਾਨਕ ਅਹੁਦੇ 'ਤੇ ਹੋਣ ਕਾਰਨ ਉਹ ਕੋਈ ਸਿਆਸੀ ਗੱਲ ਤਾਂ ਨਹੀਂ ਕਰ ਸਕਦੇ ਪਰ ਇਕ ਆਮ ਵਿਅਕਤੀ ਵਜੋਂ ਇਹ ਦਾਅਵਾ ਜ਼ਰੂਰ ਕਰਦੇ ਹਨ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਕਰਵਾਏ ਗਏ ਕੰਮ ਲਾਮਿਸਾਲ ਹਨ ਤੇ ਖਾਸ ਕਰਕੇ ਮੁਫਤ ਬਿਜਲੀ ਦੀ ਸਹੂਲਤ ਨਾਲ ਵੱਡੀ ਗਿਣਤੀ ਲੋਕਾਂ ਨੂੰ ਰਾਹਤ ਮਿਲੀ ਹੈ | ਇਸੇ ਤਰ੍ਹਾਂ ਨਸ਼ਿਆਂ ਵਿਰੁੱਧ ਆਰੰਭੇ ਗਏ ਯੁੱਧ ਦੇ ਵੀ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ ਤੇ ਨਸ਼ਾ ਤਸਕਰਾਂ 'ਤੇ ਵੀ ਕਾਫੀ ਹੱਦ ਤੱਕ ਨਕੇਲ ਕੱਸੀ ਗਈ ਹੈ | ਭਿ੍ਸ਼ਟਾਚਾਰ ਦੇ ਮਾਮਲੇ 'ਚ ਵੀ ਸਰਕਾਰ 'ਜ਼ੀਰੋ ਟੋਲਰੈਂਸ' ਦੀ ਨੀਤੀ 'ਤੇ ਚੱਲ ਰਹੀ ਹੈ ਤੇ ਇਸ ਨਾਲ ਲੋਕਾਂ ਦੀ ਦਫ਼ਤਰਾਂ 'ਚ ਖੱਜਲ ਖੁਆਰੀ ਕਾਫੀ ਘਟੀ ਹੈ | ਹੁਣ ਤੱਕ 55 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣੀਆਂ ਵੀ ਸਰਕਾਰ ਦੀ ਵੱਡੀ ਪ੍ਰਾਪਤੀ ਹੈ | ਇਸੇ ਤਰ੍ਹਾਂ ਸਿਹਤ ਅਤੇ ਸਿੱਖਿਆ ਦੇ ਖੇਤਰ 'ਚ ਵੀ ਸਰਕਾਰ ਵਲੋਂ ਕ੍ਰਾਂਤੀਕਾਰੀ ਕੰਮ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਮੁੜ ਲੀਹ 'ਤੇ ਲਿਆਉਣ ਲਈ ਸਮੂਹ ਪੰਜਾਬੀਆਂ ਨੂੰ ਡੱਟ ਕੇ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ |
ਗੁਰੂ ਗ੍ਰੰਥ ਸਾਹਿਬ ਜੀ ਦਾ ਸੰਦੇਸ਼ ਸਮੁੱਚੀ ਲੋਕਾਈ ਲਈ ਹੈ-ਸੰਧਵਾਂ
ਅਜੀਤ ਡੈਸਕ
21-07-2025