ਨਵੀਂ ਦਿੱਲੀ, 20 ਜੁਲਾਈ (ਏਜੰਸੀ)-ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਨੇ ਸੰਸਦ ਦੇ ਮੌਨਸੂਨ ਇਜਲਾਸ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੇ ਨਿਵਾਸ ਵਿਖੇ ਮੁਲਾਕਾਤ ਕੀਤੀ | ਕੇਜਰੀਵਾਲ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਉਪ ਰਾਸ਼ਟਰਪਤੀ ਨਾਲ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਨ ਲਈ ਮੁਲਾਕਾਤ ਕੀਤੀ, ਮੈਂ ਪਰਮਾਤਮਾ ਤੋਂ ਉਨ੍ਹਾਂ ਦੀ ਲੰਮੀ ਉਮਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਾ ਹਾਂ | ਉਪ ਰਾਸ਼ਟਰਪਤੀ ਦਫ਼ਤਰ ਨੇ ਵੀ 'ਐਕਸ' 'ਤੇ ਇਕ ਪੋਸਟ 'ਚ ਇਸ ਮੁਲਾਕਾਤ ਦੀ ਪੁਸ਼ਟੀ ਕੀਤੀ ਹੈ | ਸੰਸਦ ਦਾ ਮੌਨਸੂਨ ਇਜਲਾਸ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਵਿਰੋਧੀ ਧਿਰਾਂ ਦੁਆਰਾ ਕਈ ਮੁੱਦਿਆਂ ਨੂੰ ਚੁੱਕੇ ਜਾਣ ਦੀ ਸੰਭਾਵਨਾ ਨਾਲ ਇਸ ਦੇ ਹੰਗਾਮੇਦਾਰ ਰਹਿਣ ਦੀ ਉਮੀਦ ਹੈ |