08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ

ਅਜੀਤ ਡੈਸਕ 06-11-2025

ਨਗਰ ਕੀਰਤਨ ਦੇ ਸਤਿਕਾਰ ਤੇ ਸਵਾਗਤ ਲਈ ਵਿਛਾਇਆ 'ਰੈੱਡ ਕਾਰਪੈਟ'
ਨਨਕਾਣਾ ਸਾਹਿਬ ਤੋਂ ਜਸਵੰਤ ਸਿੰਘ ਜੱਸ ਦੀ ਵਿਸ਼ੇਸ਼ ਰਿਪੋਰਟ

ਨਨਕਾਣਾ ਸਾਹਿਬ (ਪਾਕਿਸਤਾਨ), 5 ਨਵੰਬਰ-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰੂ ਸਾਹਿਬ ਦੇ ਪਾਵਨ ਪ੍ਰਕਾਸ਼ ਅਸਥਾਨ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਾਕਿਸਤਾਨ ਪੁੱਜੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ ਛਾਇਆ ਹੇਠ ਦੁਪਹਿਰ 12 ਵਜੇ ਆਰੰਭ ਹੋਏ ਇਸ ਨਗਰ ਕੀਰਤਨ ਵਿਚ ਪਾਕਿਸਤਾਨ ਅਤੇ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਇਲਾਵਾ ਯੂ.ਕੇ., ਅਮਰੀਕਾ, ਕੈਨੇਡਾ, ਸਵਿਟਜ਼ਰਲੈਂਡ, ਮਲੇਸ਼ੀਆ ਸਮੇਤ ਵੱਖ-ਵੱਖ ਮੁਲਕਾਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਸੰਗਤਾਂ ਅਤੇ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂਆਂ ਨੇ ਅਥਾਹ ਸ਼ਰਧਾ ਤੇ ਉਤਸ਼ਾਹ ਨਾਲ ਸ਼ਿਰਕਤ ਕੀਤੀ | ਨਗਰ ਕੀਰਤਨ ਦੀ ਆਰੰਭਤਾ ਮੌਕੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪਾਵਨ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ ਵਿਚ ਬਿਰਾਜਮਾਨ ਕੀਤੇ ਗਏ | ਨਗਰ ਕੀਰਤਨ ਦੇ ਅੱਗੇ ਸ਼ਬਦ ਗਾਇਨ ਕਰਦਾ ਹੋਇਆ ਬੀਬੀਆਂ ਦਾ ਜਥਾ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਵਿਖਿਆਨ ਕਰਦਾ ਹੋਇਆ ਚੱਲ ਰਿਹਾ ਸੀ | ਹਰ ਪਾਸੇ ਬੋਲੇ ਸੋ ਨਿਹਾਲ ਦੇ ਜੈਕਾਰੇ ਲੱਗ ਰਹੇ ਸਨ ਅਤੇ ਸੰਗਤ ਵਲੋਂ ਪਾਲਕੀ ਸਾਹਿਬ ਵਾਲੀ ਬੱਸ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ 'ਤੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ | ਇਹ ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਤੋਂ ਆਰੰਭ ਹੋ ਕੇ ਸ੍ਰੀ ਨਨਕਾਣਾ ਸਾਹਿਬ ਸ਼ਹਿਰ ਦੇ ਮੁੱਖ ਬਾਜ਼ਾਰ, ਜਿੱਥੇ ਕਿ ਸ਼ਰਧਾਲੂਆਂ ਅਤੇ ਗੁਰਦੁਆਰਾ ਕਮੇਟੀ ਪ੍ਰਬੰਧਕਾਂ ਵਲੋਂ ਦੋ ਕਿੱਲੋਮੀਟਰ ਦੇ ਕਰੀਬ ਰੈੱਡ ਕਾਰਪੈਟ ਸਵਾਗਤ ਲਈ ਵਿਛਾਇਆ ਹੋਇਆ ਸੀ, ਉੱਪਰੋਂ ਲੰਘਦਾ ਹੋਇਆ ਅਤੇ ਨਨਕਾਣਾ ਸਾਹਿਬ ਵਿਖੇ ਹੀ ਸਥਿਤ ਗੁਰਦੁਆਰਾ ਪੰਜਵੀਂ ਤੇ ਛੇਵੇਂ ਪਾਤਿਸ਼ਾਹੀ, ਗੁਰਦੁਆਰਾ ਸ੍ਰੀ ਤੰਬੂ ਸਾਹਿਬ, ਗੁਰਦੁਆਰਾ ਸ੍ਰੀ ਮਾਲਜੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਕਿਆਰਾ ਸਾਹਿਬ ਦੀ ਪਰਿਕਰਮਾ ਕਰਦਾ ਹੋਇਆ ਕਰੀਬ ਸਾਢੇ ਤਿੰਨ ਘੰਟੇ ਬਾਅਦ ਮੁੜ ਗੁਰਦੁਆਰਾ ਜਨਮ ਅਸਥਾਨ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ | ਇਸ ਨਗਰ ਕੀਰਤਨ ਦਾ ਨਨਕਾਣਾ ਸਾਹਿਬ ਦੇ ਵਾਸੀ ਸਿੱਖ ਅਤੇ ਮੁਸਲਮਾਨ ਭਾਈਚਾਰੇ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰੇ ਸਾਹਿਬਾਨ, ਜਥੇਦਾਰ ਗੜਗੱਜ ਅਤੇ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਸਮੇਤ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਵਿਚ ਸ਼ਾਮਿਲ ਸ਼ਰਧਾਲੂਆਂ ਨੂੰ ਵੱਖ-ਵੱਖ ਪਦਾਰਥਾਂ ਦੇ ਲੰਗਰ ਵੀ ਵਰਤਾਏ ਗਏ |
ਕੌਣ-ਕੌਣ ਹੋਏ ਸ਼ਾਮਿਲ
ਅੱਜ ਗੁਰਦੁਆਰਾ ਜਨਮ ਅਸਥਾਨ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਵਿਚ ਪੰਜ ਪਿਆਰੇ ਸਾਹਿਬਾਨ ਤੋਂ ਇਲਾਵਾ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਲਹਿੰਦੇ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ, ਗੁਰਦੁਆਰਾ ਕਮੇਟੀ ਦੇ ਮੀਤ ਪ੍ਰਧਾਨ ਮਹੇਸ਼ ਸਿੰਘ ਸਿੰਧੀ ਕਾਸ਼ਮੋਰ, ਜਨਰਲ ਸਕੱਤਰ ਬੀਬੀ ਸਤਵੰਤ ਕੌਰ, ਪਾਕਿਸਤਾਨ ਦੇ ਨੈਸ਼ਨਲ ਅਸੈਂਬਲੀ ਦੀ ਮੈਂਬਰ ਸ਼ਿਜ਼ਰਾ ਮੁਨਸਫ, ਪਾਕਿਸਤਾਨ ਔਕਾਫ ਬੋਰਡ ਦੇ ਐਡੀਸ਼ਨਲ ਸਕੱਤਰ ਸ਼ਰਾਇਨਜ ਨਾਸਿਰ ਮੁਸ਼ਤਾਕ, ਸ਼੍ਰੋਮਣੀ ਕਮੇਟੀ ਦੇ ਜਥੇ ਦੇ ਮੁਖੀ ਬੀਬੀ ਗੁਰਿੰਦਰ ਕੌਰ ਭੋਲੂਵਾਲ ਅਤੇ ਡਿਪਟੀ ਮੁਖੀ ਗੁਰਮੀਤ ਸਿੰਘ ਬੂਹ ਅਤੇ ਰਾਮਪਾਲ ਸਿੰਘ ਬਹਿਣੀਵਾਲ, ਦਿੱਲੀ ਕਮੇਟੀ ਦੇ ਜਥੇ ਦੇ ਮੁਖੀ ਰਮਿੰਦਰ ਸਿੰਘ ਸਵੀਟਾ, ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਮੈਂਬਰ ਡਾ. ਮਿਮਪਾਲ ਸਿੰਘ, ਸਤਵੰਤ ਸਿੰਘ, ਸਾਬਕਾ ਪ੍ਰਧਾਨ ਬਿਸ਼ਨ ਸਿੰਘ ਅਤੇ ਮਸਤਾਨ ਸਿੰਘ, ਡਿਪਟੀ ਕਮਿਸ਼ਨਰ ਸਲੀਮ ਅਖ਼ਤਰ, ਸਿੱਖ ਆਗੂ ਜੋਗਾ ਸਿੰਘ ਯੂ. ਕੇ., ਜਥੇਦਾਰ ਗੜਗੱਜ ਦੇ ਨਿੱਜੀ ਸਹਾਇਕ ਜਸਕਰਨ ਸਿੰਘ, ਸ਼੍ਰੋਮਣੀ ਕਮੇਟੀ ਦੇ ਇੰਚਾਰਜ ਨਿਸ਼ਾਨ ਸਿੰਘ ਸਮੇਤ ਹੋਰ ਗੁਰਦੁਆਰਾ ਕਮੇਟੀ ਮੈਂਬਰ ਤੇ ਸੀਨੀਅਰ ਪ੍ਰਸ਼ਾਸਨਿਕ ਅਤੇ ਔਕਾਫ ਬੋਰਡ ਦੇ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਰਾਹੁਲ ਵਲੋਂ ਹਰਿਆਣਾ ਵਿਧਾਨ ਸਭਾ ਚੋਣਾਂ 'ਚ ਧਾਂਦਲੀ ਦੇ ਦੋਸ਼ <br/> ਅਗਲੀ ਖ਼ਬਰ ਬਿਹਾਰ 'ਚ ਪਹਿਲੇ ਪੜਾਅ ਤਹਿਤ ਵੋਟਾਂ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।