ਤਰਨ ਤਾਰਨ 'ਚ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਰੋਡ ਸ਼ੋਅ
ਤਰਨ ਤਾਰਨ, 6 ਨਵੰਬਰ (ਇਕਬਾਲ ਸਿੰਘ ਸੋਢੀ)-ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਹਲਕੇ ਦਾ ਤੂਫ਼ਾਨੀ ਦੌਰਾ ਕੀਤਾ | ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਸੰਧੂ ਦੀ ਜਿੱਤ ਸਰਹੱਦੀ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਵੇਗੀ | ਉਨ੍ਹਾਂ ਭਗਵੰਤ ਮਾਨ ਸਰਕਾਰ ਦੇ ਹੱਥ ਮਜ਼ਬੂਤ ਕਰਨ ਲਈ ਲੋਕਾਂ ਤੋਂ ਪੂਰਾ ਸਮਰਥਨ ਅਤੇ ਸਹਿਯੋਗ ਮੰਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਮਿਸਾਲੀ ਯਤਨ ਕਰ ਰਹੀ ਹੈ | ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਦੇ ਰੂਪ ਵਿਚ ਪੰਜਾਬ ਨੂੰ ਹੁਣ ਤੱਕ ਦਾ ਸਭ ਤੋਂ ਬਿਹਤਰ ਮੁੱਖ ਮੰਤਰੀ ਮਿਲਿਆ ਹੈ, ਕਿਉਂਕਿ ਉਹ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੇ ਹਨ | ਉਨ੍ਹਾਂ ਲੋਕਾਂ ਨੂੰ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਚੁਣ ਕੇ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੇ ਹੱਕ ਵਿਚ ਫਤਵਾ ਦੇਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ 'ਆਪ' ਦਾ ਉਮੀਦਵਾਰ ਸਰਹੱਦੀ ਖੇਤਰ ਦੇ ਵਿਕਾਸ ਦੀ ਨਵੀਂ ਕਹਾਣੀ ਲਿਖੇਗਾ | ਇਸ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਰਕੇ ਲੋਕ ਜ਼ਿਮਨੀ ਚੋਣ ਵਿਚ ਪਾਰਟੀ ਨੂੰ ਵੋਟ ਪਾਉਣਗੇ | ਵਿਰੋਧੀ ਧਿਰ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੇ ਸਰੋਤਾਂ ਨੂੰ ਲੁੱਟਿਆ ਹੈ | ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜਿਸ ਕਿਸੇ ਨੇ ਵੀ ਜਨਤਾ ਦਾ ਇਕ ਪੈਸਾ ਵੀ ਲੁੱਟਿਆ ਹੈ, ਉਸ ਨੂੰ ਲੋਕਾਂ ਸਾਹਮਣੇ ਜਵਾਬਦੇਹ ਬਣਾਇਆ ਜਾਵੇਗਾ | ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਗੈਂਗਸਟਰਵਾਦ ਨੂੰ ਤੁਰੰਤ ਨੱਥ ਪਾਈ ਗਈ, ਜੋ ਮੁੜ ਉੱਭਰ ਨਹੀਂ ਸਕਿਆ | ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਦੇ ਸਰਾਪ ਰਾਹੀਂ ਨੌਜਵਾਨਾਂ ਦੇ ਕਤਲੇਆਮ ਦੇ ਦੋਸ਼ੀ 'ਜਰਨੈਲਾਂ' ਪ੍ਰਤੀ ਕੋਈ ਨਰਮੀ ਨਹੀਂ ਅਪਣਾਏਗੀ ਅਤੇ ਜਿਨ੍ਹਾਂ ਆਗੂਆਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ, ਉਨ੍ਹਾਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਦੀ ਨਸਲਕੁਸ਼ੀ ਲਈ ਜ਼ਿੰਮੇੇਵਾਰ ਆਗੂਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ |
ਸਰਹੱਦੀ ਖੇਤਰ ਦੇ ਵਿਕਾਸ ਦੀ ਨਵੀਂ ਕਹਾਣੀ ਲਿਖੇਗਾ 'ਆਪ' ਉਮੀਦਵਾਰ-ਕੇਜਰੀਵਾਲ <br/>
ਅਜੀਤ ਡੈਸਕ
07-11-2025