ਚੰਡੀਗੜ੍ਹ, 18 ਨਵੰਬਰ (ਸੰਦੀਪ ਕੁਮਾਰ ਮਾਹਨਾ)-ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਤਰਨ ਤਾਰਨ ਦੀ ਇਕ ਅਦਾਲਤ ਵਲੋਂ ਸੁਣਾਈ ਚਾਰ ਸਾਲ ਦੀ ਕੈਦ ਦੀ ਸਜ਼ਾ 'ਤੇ ਹਾਈ ਕੋਰਟ ਨੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ | ਮੁਅੱਤਲੀ ਦੀ ਅਰਜ਼ੀ ਨੂੰ ਰੱਦ ਕਰਦੇ ਹੋਏ ਹਾਈ ਕੋਰਟ ਨੇ ਕਿਹਾ ਕਿ ਅਦਾਲਤ ਸਜ਼ਾ ਵਿਰੁੱਧ ਅਪੀਲ 'ਤੇ ਸਿੱਧੇ ਤੌਰ 'ਤੇ ਸੁਣਵਾਈ ਕਰੇਗੀ | ਇਹ ਧਿਆਨ ਦੇਣ ਯੋਗ ਹੈ ਕਿ ਜੇਕਰ ਹਾਈ ਕੋਰਟ ਸਜ਼ਾ 'ਤੇ ਰੋਕ ਨਹੀਂ ਲਗਾਉਂਦੀ ਹੈ ਤਾਂ ਲਾਲਪੁਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾ ਸਕਦੀ ਹੈ | ਜਿਸ ਦੇ ਚੱਲਦਿਆਂ 'ਆਪ' ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਆਪਣੀ ਸਜ਼ਾ ਵਿਰੁੱਧ ਹਾਈ ਕੋਰਟ ਵਿਚ ਅਪੀਲ ਦਾਇਰ ਕੀਤੀ ਸੀ | ਵਿਧਾਇਕ ਲਾਲਪੁਰਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਜੇਕਰ ਸਜ਼ਾ 'ਤੇ ਰੋਕ ਨਹੀਂ ਲਗਾਈ ਜਾਂਦੀ ਤਾਂ ਉਸ ਦੀ ਵਿਧਾਨ ਸਭਾ ਮੈਂਬਰਸ਼ਿਪ ਆਪਣੇ ਆਪ ਰੱਦ ਹੋ ਸਕਦੀ ਹੈ, ਜਿਸ ਨਾਲ ਹਲਕੇ ਵਿਚ ਨਵੇਂ ਸਿਰੇ ਤੋਂ ਚੋਣਾਂ ਕਰਵਾਉਣੀਆਂ ਜ਼ਰੂਰੀ ਹੋ ਜਾਂਦੀਆਂ ਹਨ | ਜ਼ਿਕਰਯੋਗ ਹੈ ਕਿ 3 ਮਾਰਚ, 2013 ਨੂੰ ਉਸਮਾਨ ਪਿੰਡ ਦੀ ਇੱਕ ਲੜਕੀ ਆਪਣੇ ਪਰਿਵਾਰ ਨਾਲ ਇਕ ਵਿਆਹ ਸਮਾਰੋਹ 'ਚ ਸ਼ਾਮਿਲ ਹੋਈ ਸੀ, ਜਿੱਥੇ ਕੁੱਝ ਟੈਕਸੀ ਡਰਾਈਵਰਾਂ ਨੇ ਉਸ ਨਾਲ ਛੇੜਛਾੜ ਕੀਤੀ ਸੀ | ਜਦੋਂ ਉਸਨੇ ਵਿਰੋਧ ਕੀਤਾ ਤਾਂ ਲੜਕੀ ਅਤੇ ਉਸਦੇ ਪਰਿਵਾਰ 'ਤੇ ਹਮਲਾ ਕੀਤਾ ਗਿਆ ਸੀ ਅਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਉਨ੍ਹਾਂ ਨਾਲ ਬਦਸਲੂਕੀ ਵੀ ਕੀਤੀ | ਮਨਜਿੰਦਰ ਸਿੰਘ ਲਾਲਪੁਰਾ 2012 ਵਿਚ ਖਡੂਰ ਸਾਹਿਬ ਤੋਂ ਵਿਧਾਇਕ ਚੁਣੇ ਗਏ ਸਨ | ਪੱਟੀ ਵਿਧਾਨ ਸਭਾ ਹਲਕੇ ਦੇ ਉਸਮਾਨ ਪਿੰਡ ਦਾ ਇਹ ਮਾਮਲਾ ਸੜਕਾਂ ਤੋਂ ਲੈ ਕੇ ਸੰਸਦ ਤੱਕ ਗੂੰਜਿਆ | ਸੁਪਰੀਮ ਕੋਰਟ ਨੇ ਮਾਮਲੇ ਦਾ ਨੋਟਿਸ ਲਿਆ ਅਤੇ ਪੀੜਤ ਪਰਿਵਾਰ ਲਈ ਸੁਰੱਖਿਆ ਦੇ ਹੁਕਮ ਦਿੱਤੇ |