ਤਖ਼ਤ ਸ੍ਰੀ ਕੇਸਗੜ੍ਹ ਸਾਹਿਬ 'ਚ ਭਾਜਪਾ ਵਲੋਂ ਕੀਤੀ ਪੰਜਾਬ ਦੀ ਸ਼ਾਂਤੀ ਤੇ ਤਰੱਕੀ ਦੀ ਅਰਦਾਸ
ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ (ਜੇ. ਐਸ. ਨਿੱਕੂਵਾਲ)-ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਦੀ ਸ਼ੁਰੂਆਤ ਕਰਦਿਆਂ ਭਾਜਪਾ ਪੰਜਾਬ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ | ਸਮਾਗਮ 'ਚ ਹਜ਼ੂਰੀ ਰਾਗੀ ਭਾਈ ਰਣਜੀਤ ਸਿੰਘ ਪਟਨਾ ਸਾਹਿਬ ਦੇ ਨਾਲ ਭਾਈ ਰਜਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ, ਭਾਈ ਗਗਨਦੀਪ ਸਿੰਘ ਸ੍ਰੀ ਗੰਗਾਨਗਰ ਅਤੇ ਭਾਈ ਦਵਿੰਦਰ ਸਿੰਘ ਖ਼ਾਲਸਾ ਖੰਨਾ ਵਾਲਿਆਂ ਨੇ ਕੀਰਤਨ ਕੀਤਾ | ਕੀਰਤਨ ਦਰਬਾਰ ਤੋਂ ਪਹਿਲਾਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਭਾਜਪਾ ਕੌਮੀ ਸਕੱਤਰ ਤੇ ਉਪ ਇੰਚਾਰਜ ਡਾ. ਨਰਿੰਦਰ ਸਿੰਘ ਰੈਣਾ, ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਸੰਗਠਨ ਮਹਾਮੰਤਰੀ ਸ਼੍ਰੀਨਿਵਾਸ ਸੁੱਲੂ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਸਾਬਕਾ ਮੰਤਰੀ ਤੀਕਸ਼ਣ ਸੂਦ, ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਮਹਿਲਾ ਮੋਰਚਾ ਪੰਜਾਬ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ, ਸਾਬਕਾ ਵਿਧਾਇਕ ਅਤੇ ਓ.ਬੀ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਅਮਰਪਾਲ ਸਿੰਘ ਬੌਨੀ ਅਜਨਾਲਾ, ਸੂਬਾ ਮੀਤ ਪ੍ਰਧਾਨ ਵਿਕਰਮ ਸਿੰਘ ਚੀਮਾ, ਡਾ. ਸੁਭਾਸ਼ ਸ਼ਰਮਾ, ਸੂਬਾ ਮਹਾਮੰਤਰੀ ਪਰਮਿੰਦਰ ਬਰਾੜ, ਅਨਿਲ ਸਰੀਨ, ਰਾਕੇਸ਼ ਰਾਠੌੜ, ਦਿਆਲ ਸਿੰਘ ਸੋਢੀ, ਰੂਪਨਗਰ ਭਾਜਪਾ ਪ੍ਰਧਾਨ ਅਜੈ ਵੀਰ ਲਾਲਪੁਰਾ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਸਮੇਤ ਸੀਨੀਅਰ ਆਗੂਆਂ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਪੰਜਾਬ ਦੀ ਤਰੱਕੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ ਗਈ | ਕੇਂਦਰੀ ਮੰਤਰੀ ਸ਼ੇਖਾਵਤ ਨੇ ਸਮਾਪਤੀ ਸਮੇਂ ਕਿਹਾ ਕਿ ਅੱਜ ਦਾ ਦਿਨ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ, ਜੀਵਨ, ਬਾਣੀ ਅਤੇ ਚਰਿੱਤਰ ਤੋਂ ਪ੍ਰੇਰਨਾ ਲੈ ਕੇ ਉਸ ਨੂੰ ਆਪਣੇ ਜੀਵਨ ਵਿਚ ਲਾਗੂ ਕਰਨ ਦਾ ਦਿਨ ਹੈ | ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਪੂਰੇ ਦੇਸ਼ ਅੰਦਰ ਇਕ ਸਾਲ ਲਈ ਗੁਰੂ ਤੇਗ ਬਹਾਦਰ ਜੀ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਏ ਜਾਣਗੇ | ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਵਿਅਕਤੀ ਦੇ ਧਰਮ ਪਾਲਣ ਦੇ ਅਧਿਕਾਰ ਲਈ ਲਾਸਾਨੀ ਕੁਰਬਾਨੀ ਦਿੱਤੀ ਅਤੇ ਇਸ ਦੀ ਹੋਰ ਮਿਸਾਲ ਇਤਿਹਾਸ ਵਿਚ ਨਹੀਂ ਮਿਲਦੀ | ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ 24 ਨਵੰਬਰ ਨੂੰ ਪੰਜਾਬ ਭਾਜਪਾ ਦੇ ਸਾਰੇ 628 ਮੰਡਲਾਂ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਜਾਣਗੇ | ਇਸ ਦੇ ਨਾਲ ਹੀ 30 ਨਵੰਬਰ ਤੱਕ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਕੀਰਤਨ ਦਰਬਾਰ ਕਰਵਾਏ ਜਾਣਗੇ | ਅੰਤ ਵਿਚ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਦੇ ਮੁੱਖ ਗ੍ਰੰਥੀ ਗਿਆਨੀ ਰਣਜੀਤ ਸਿੰਘ ਵਲੋਂ ਸੰਪੂਰਨਤਾ ਦੀ ਅਰਦਾਸ ਕੀਤੀ ਗਈ | ਇਸ ਮੌਕੇ ਭਾਜਪਾ ਦੇ ਸਾਬਕਾ ਸੂਬਾ ਸਕੱਤਰ ਅਰਵਿੰਦ ਮਿੱਤਲ, ਸਾਬਕਾ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਭਾਜਪਾ ਆਗੂ ਡਾ. ਪਰਮਿੰਦਰ ਸ਼ਰਮਾ, ਮੋਹਿਤ ਸ਼ਰਮਾ, ਮੁਕੇਸ਼ ਨੱਢਾ, ਹਰਮਨਜੀਤ ਸਿੰਘ ਪਿ੍ੰਸ, ਇਸਤਰੀ ਸਤਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ, ਕਿ੍ਸ਼ਨ ਕੁਮਾਰ ਅੱਤਰੀ, ਅਮਨਪ੍ਰੀਤ ਸਿੰਘ ਕਾਬੜਵਾਲ, ਨਿਪੁੰਨ ਸੋਨੀ, ਚੋਧਰੀ ਰਤਨ ਕੁਮਾਰ ਧਨੇੜਾ ਸਮੇਤ ਸੰਗਤ ਹਾਜ਼ਰ ਸੀ |
350ਵੀਂ ਸ਼ਹੀਦੀ ਸ਼ਤਾਬਦੀ ਸੰਬੰਧੀ ਪੰਜਾਬ ਭਾਜਪਾ ਵਲੋਂ ਵਿਸ਼ਾਲ ਕੀਰਤਨ ਦਰਬਾਰ
ਅਜੀਤ ਡੈਸਕ
20-11-2025