ਹੁਸ਼ਿਆਰਪੁਰ, 20 ਜੁਲਾਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਵੱਲੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ | ਇਸ ਮੁਹਿੰਮ ਤਹਿਤ ਅੱਜ ਘਰਾਂ, ਖਾਲੀ ਪਲਾਟਾਂ, ਪੁਲਿਸ ਥਾਣਿਆਂ, ਪੁਲਿਸ ਲਾਈਨ ਆਦਿ ਵਿੱਚ ਵੱਖ-ਵੱਖ ਕਿਸਮਾਂ ਦੇ ਕੰਟੇਨਰਾਂ ਵਿੱਚ ਮੱਛਰ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਪਾਣੀ ਕੱਢਿਆ ਗਿਆ ਤੇ ਦਵਾਈ ਦਾ ਛਿੜਕਾਅ ਕੀਤਾ ਗਿਆ | ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਕਿਹਾ ਕਿ ਲੋਕਾਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਕੂਲਰਾਂ ਨੂੰ ਖਾਲੀ ਕਰਕੇ ਅਤੇ ਉਨ੍ਹਾਂ ਨੂੰ ਸੁਕਾ ਕੇ ਅਗਲੇ ਦਿਨ ਪਾਣੀ ਭਰਨ ਲਈ ਪ੍ਰੇਰਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪਾਣੀ ਵਾਲੇ ਕਿਸੇ ਵੀ ਤਰ੍ਹਾਂ ਦੇ ਕੰਟੇਨਰਾਂ ਨੂੰ ਹਮੇਸ਼ਾਂ ਢੱਕ ਕੇ ਰੱਖਿਆ ਜਾਵੇ ਅਤੇ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਜ਼ਰੂਰ ਖਾਲੀ ਕੀਤਾ ਜਾਵੇ | ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਅੱਜ ਹੁਸ਼ਿਆਰਪੁਰ ਦੇ ਸ਼ਹਿਰੀ ਖੇਤਰ ਵਿੱਚ ਵੀ ਐਂਟੀ ਲਾਰਵਾ ਟੀਮਾਂ ਵੱਲੋਂ ਘਰਾਂ/ਖਾਲੀ ਪਲਾਟਾਂ, ਪੁਲਿਸ ਥਾਣਿਆਂ, ਪੁਲਿਸ ਲਾਈਨਾਂ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ |