ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਨੂੰ ਮੁੱਖ ਰੱਖਦਿਆਂ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਸਫ਼ਾਈ ਸਬੰਧੀ ਪੈਦਾ ਹੋਣ ਵਾਲੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਨਗਰ ਨਿਗਮ ਵਲੋਂ ਸ਼ਹਿਰ ਦੇ ਹਰੇਕ ਵਾਰਡ ਵਿਚ ਖਾਲੀ ਪਏ ਪਲਾਟਾਂ ਦੇ ਮਾਲਕਾਂ ਨੂੰ ਆਪਣੇ-ਆਪਣੇ ਪਲਾਟ ਦੀ ਫੈਂਸਿੰਗ/ਬਾਰਡਰ ਕਰਵਾਉਣ ਸਬੰਧੀ ਨੋਟਿਸ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ, ਕਿਉਂਕਿ ਦੇਖਣ ਵਿਚ ਆਇਆ ਹੈ ਕਿ ਸ਼ਹਿਰ ਦੇ ਵਾਰਡਾਂ ਵਿਚ ਲੋਕਾਂ ਵਲੋਂ ਪਲਾਟ ਆਦਿ ਦੀ ਖ਼ਰੀਦ ਕਰਕੇ ਬਿਨਾਂ ਉਸਾਰੀ ਦੇ ਇਹ ਪਲਾਟ ਖਾਲੀ ਛੱਡ ਦਿੱਤੇ ਜਾਂਦੇ ਹਨ, ਜਿਸ ਉਪਰੰਤ ਆਲੇ-ਦੁਆਲੇ ਜਾਂ ਅਣਪਛਾਤੇ ਵਿਅਕਤੀਆਂ ਵਲੋਂ ਇਨ੍ਹਾਂ ਥਾਵਾਂ 'ਤੇ ਕੂੜਾ-ਕਰਕਟ ਸੁੱਟ ਦਿੱਤਾ ਜਾਂਦਾ ਹੈ, ਜਿਸ ਨਾਲ ਸ਼ਹਿਰ ਦਾ ਅਕਸ ਖ਼ਰਾਬ ਹੁੰਦਾ ਹੈ ਅਤੇ ਸੰਬੰਧਿਤ ਏਰੀਏ ਵਿਚ ਹਰ ਸਮੇਂ ਬਿਮਾਰੀ ਆਦਿ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਇਸ ਲਈ ਸ਼ਹਿਰ ਵਾਸੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਅਤੇ ਆਮ ਪਬਲਿਕ ਨੂੰ ਪੁਖ਼ਤਾ ਬੁਨਿਆਦੀ ਸਹੂਲਤਾਂ ਦੇਣ ਲਈ ਨਗਰ ਨਿਗਮ ਵਲੋਂ ਇਸ ਮੁਹਿੰਮ ਨੂੰ ਸ਼ੁਰੂ ਕਰਵਾਇਆ ਗਿਆ ਹੈ, ਜਿਸ ਤਹਿਤ ਖਾਲੀ ਪਲਾਟਾਂ ਦੇ ਮਾਲਕਾਂ ਨੂੰ ਨੋਟਿਸ ਜਾਰੀ ਕਰਦੇ ਹੋਏ ਹਦਾਇਤ ਕੀਤੀ ਗਈ ਹੈ ਕਿ ਉਨ੍ਹਾਂ ਵਲੋਂ ਆਪਣੇ ਪਲਾਟਾਂ ਨੂੰ ਜਲਦ ਤੋਂ ਜਲਦ ਫੈਂਸਿੰਗ/ਬਾਰਡਰ ਕਰਵਾਇਆ ਜਾਵੇ ਅਤੇ ਗੰਦੇ ਪਲਾਟ ਨੂੰ ਆਪਣੇ ਪੱਧਰ 'ਤੇ ਸਾਫ਼ ਕਰਵਾ ਕੇ ਉਸ ਦੀਆਂ ਫ਼ੋਟੋਆਂ ਨਗਰ ਨਿਗਮ ਨੂੰ ਭੇਜੀਆਂ ਜਾਣ | ਜੇਕਰ ਕਿਸੇ ਵੀ ਪਲਾਟ ਮਾਲਕ ਵਲੋਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਉਸ ਉੱਪਰ ਕਾਰਵਾਈ ਕੀਤੀ ਜਾਵੇਗੀ |