ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਹਰ ਮਾਂ ਦੀ ਅੱਖੋਂ ਹੰਝੂ ਪੂੰਝਣ ਦਾ ਸਮਾਂ ਆ ਗਿਆ ਹੈ, ਹੁਣ ਨਸ਼ੇ ਖ਼ਿਲਾਫ਼ ਫ਼ੈਸਲਾਕੁਨ ਲੜਾਈ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹੁਸ਼ਿਆਰਪੁਰ ਦੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ਬੰਬੇਲੀ ਵਿਖੇ ਲੋਕਾਂ ਦੀ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਨਸ਼ਾ ਸਾਡੀ ਸਮਾਜਿਕ ਜੜ੍ਹਾਂ ਨੂੰ ਖੋਖਲਾ ਕਰ ਰਿਹਾ ਹੈ, ਨੌਜਵਾਨਾਂ ਨੂੰ ਤਬਾਹੀ ਵੱਲ ਧੱਕ ਰਿਹਾ ਹੈ ਅਤੇ ਪਰਿਵਾਰਾਂ ਦੀਆਂ ਖੁਸ਼ੀਆਂ ਨਿਗਲ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੂਰਾ ਸਮਾਜ ਇੱਕਜੁੱਟ ਹੋ ਕੇ ਇਸ ਬੁਰਾਈ ਦੇ ਖ਼ਿਲਾਫ਼ ਖੜ੍ਹਾ ਹੋਵੇ | ਉਨ੍ਹਾਂ ਨੌਜਵਾਨਾਂ ਨੂੰ ਮਾੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਦੇਸ਼ ਤੇ ਸੂਬੇ ਦੇ ਵਿਕਾਸ 'ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ 'ਚੋਂ ਬਾਹਰ ਕੱਢਣ ਲਈ ਸਰਕਾਰ ਪਹਿਲਕਦਮੀ ਕਰ ਰਹੀ ਹੈ | ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਲੋਕਾਂ ਦੀ ਕਿਸਮਤ ਚੰਗੀ ਹੈ ਕਿ ਉਨ੍ਹਾਂ ਨੂੰ ਡਾ. ਇਸ਼ਾਂਕ ਕੁਮਾਰ ਵਰਗਾ ਵਿਧਾਇਕ ਮਿਲਿਆ ਹੈ |