ਮਾਹਿਲਪੁਰ, 6 ਨਵੰਬਰ (ਰਜਿੰਦਰ ਸਿੰਘ)-ਜਾਇਜ਼ ਮੰਗਾਂ ਨੂੰ ਲੈ ਕੇ ਅੱਜ ਮਾਹਿਲਪੁਰ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ, ਮੱਖਣ ਸਿੰਘ ਲੰਗੇਰੀ ਅਤੇ ਪੈਨਸ਼ਨਰ ਆਗੂ ਮਲਕੀਤ ਸਿੰਘ ਦੀ ਅਗਵਾਈ 'ਚ ਹੋਈ ਮੀਟਿੰਗ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਗੂਆਂ ਵੱਲੋਂ ਸਾਂਝੇ ਤੌਰ 'ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹਰ ਵਰਗ ਨਾਲ ਧੱਕਾ ਅਤੇ ਸ਼ੋਸ਼ਣ ਕੀਤਾ ਜਾ ਰਿਹਾ ਹੈ | ਤਿਉਹਾਰਾਂ 'ਤੇ ਸਰਕਾਰ ਵਲੋਂ ਕੋਈ ਮਹਿੰਗਾਈ ਭੱਤੇ ਦਾ ਐਲਾਨ ਨਾ ਕਰਨ ਦੇ ਰਵੱਈਏ ਨੇ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਿਰਾਸ਼ ਕੀਤਾ | ਆਗੂਆਂ ਨੇ ਕਿਹਾ ਕਿ ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਕੇਂਦਰ ਨਾਲੋਂ 16 ਫ਼ੀਸਦੀ ਘੱਟ ਦਿੱਤਾ ਜਾ ਰਿਹਾ ਹੈ, ਤਨਖ਼ਾਹ ਕਮਿਸ਼ਨ ਦੇ ਬਕਾਏ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੈਨਸ਼ਨਰਾਂ ਲਈ 2.59 ਗੁਣਾਂਕ, ਪ੍ਰੋਵੇਸ਼ਨਲ ਪੀਰੀਅਡ ਦੇ ਨਾਂਅ 'ਤੇ ਮੁਲਾਜ਼ਮਾਂ ਦਾ ਆਰਥਿਕ ਸ਼ੋਸ਼ਣ, ਜਬਰੀ ਥੋਪਿਆ ਕੇਂਦਰੀ ਪੇਅ-ਕਮਿਸ਼ਨ, ਏ.ਸੀ.ਪੀ ਅਤੇ 37 ਤਰ੍ਹਾਂ ਦੇ ਭੱਤੇ ਬੰਦ ਕੀਤੇ ਹੋਏ ਹਨ | ਇਸ ਮੌਕੇ ਆਗੂਆਂ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 16 ਨਵੰਬਰ ਨੂੰ ਮੁਲਾਜ਼ਮ-ਪੈਨਸ਼ਨਰ ਸਾਂਝਾ ਫ਼ਰੰਟ ਵੱਲੋਂ ਧੂਰੀ (ਸੰਗਰੂਰ) ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਵੱਡੇ ਪੱਧਰ ਤੇ ਸ਼ਾਮਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਆਗੂਆਂ ਵਲੋਂ ਮੰਗਾਂ ਸਬੰਧੀ ਇੱਕ ਪੋਸਟਰ ਵੀ ਜਾਰੀ ਕੀਤਾ | ਇਸ ਮੌਕੇ ਨਰਿੰਦਰ ਅਜਨੋਹਾ, ਮੱਖਣ ਸਿੰਘ ਲੰਗੇਰੀ, ਮਲਕੀਤ ਸਿੰਘ ਬਾਹੋਵਾਲ, ਮਨਜਿੰਦਰ ਸਿੰਘ ਲੱਕੀ ਹੱਲੂਵਾਲ, ਟੇਕ ਚੰਦ, ਬਾਬੂ ਓਮ ਦੱਤ, ਵਰਿੰਦਰ ਸ਼ਰਮਾ, ਬਲਦੇਵ ਸਿੰਘ, ਜਰਨੈਲ ਸਿੰਘ, ਸੋਢੀ ਰਾਮ ਆਦਿ ਹਾਜ਼ਰ ਸਨ |
ਮੰਗਾਂ ਨੂੰ ਲੈ ਕੇ ਮੁਲਾਜ਼ਮ-ਪੈਨਸ਼ਨਰ ਫ਼ਰੰਟ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਅਜੀਤ ਡੈਸਕ
07-11-2025