ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਤਰਨਤਾਰਨ 'ਚ ਕੰਪਿਊਟਰ ਅਧਿਆਪਕਾਂ ਦੇ ਸ਼ਾਂਤਮਈ ਧਰਨੇ ਨੂੰ ਜਬਰੀ ਚੁਕਾਉਣ ਅਤੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਵਲੋਂ ਕੀਤੇ ਗਏ ਜ਼ਬਰ ਦੇ ਵਿਰੋਧ ਵਜੋਂ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ 8 ਨਵੰਬਰ ਨੂੰ ਤਰਨਤਾਰਨ ਹਲਕੇ 'ਚ ਝੰਡਾ ਮਾਰਚ ਤੇ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਹਾਲ ਹੀ ਵਿਚ ਐਮ.ਐਲ.ਏ. ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਘਰ ਦੇ ਸਾਹਮਣੇ ਚੱਲ ਰਹੇ ਧਰਨੇ ਨੂੰ ਸਥਾਨਕ ਪੁਲਿਸ ਪ੍ਰਸ਼ਾਸਨ ਦੁਆਰਾ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਜਬਰੀ ਖ਼ਤਮ ਕਰਨ ਦੇ ਜਵਾਬ ਵਿਚ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਧਰਨਾ ਚੁੱਕਣ ਦੌਰਾਨ ਉੱਥੇ ਮੌਜੂਦ ਸਾਥੀਆਂ ਨੂੰ ਗਿ੍ਫ਼ਤਾਰ ਕਰ ਕੇ ਗਾਂਧੀ ਪਾਰਕ ਵਿਖੇ ਨਜ਼ਰਬੰਦ ਕਰ ਦਿੱਤਾ ਗਿਆ ਸੀ | ਉਨ੍ਹਾਂ ਕਿਹਾ ਕਿ ਪੁਲਿਸ ਰਾਹੀਂ ਧੱਕੇਸ਼ਾਹੀ ਕਰਵਾ ਕੇ ਪੰਜਾਬ ਸਰਕਾਰ ਨੇ ਲੋਕ ਵਿਰੋਧੀ ਹੋਣ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਉਦੇਸ਼ ਸਰਕਾਰ ਦੀਆਂ ਗਲਤ ਨੀਤੀਆਂ ਨੂੰ ਲੋਕਾਂ ਸਾਹਮਣੇ ਪੇਸ਼ ਕਰਨਾ ਹੈ, ਤਾਂ ਜੋ ਜ਼ਿਮਨੀ ਚੋਣ ਵਿਚ ਪੂਰੇ ਤਰਨ ਤਾਰਨ ਜ਼ਿਲ੍ਹੇ ਦੇ ਲੋਕਾਂ ਨੂੰ ਸਰਕਾਰ ਦਾ ਅਸਲੀ ਚਿਹਰਾ ਵਿਖਾਇਆ ਜਾ ਸਕੇ |