ਮੁਕੇਰੀਆਂ, 6 ਨਵੰਬਰ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਚ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਅਤੇ ਧਰਮ ਅਧਿਐਨ ਸੈੱਲ ਦੇ ਸਹਿਯੋਗ ਨਾਲ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ 'ਤੇ ਵਿਸ਼ੇਸ਼ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਮੌਕੇ 'ਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਜਿਸ ਵਿਚ ਕਾਲਜ ਦੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥਣਾਂ ਨੇ ਬੜੀ ਸ਼ਰਧਾ ਨਾਲ ਭਾਗ ਲਿਆ | ਪਾਠ ਉਪਰੰਤ ਵਿਦਿਆਰਥਣਾਂ ਅਤੇ ਸਟਾਫ਼ ਵੱਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ | ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਦਾ ਲੰਗਰ ਵਰਤਾਇਆ ਗਿਆ | ਇਸ ਸਮਾਗਮ ਦਾ ਉਦੇਸ਼ ਵਿਦਿਆਰਥਣਾਂ ਵਿਚ ਅਧਿਆਤਮਿਕਤਾ, ਮਨੁੱਖੀ ਮੁੱਲਾਂ ਅਤੇ ਸੇਵਾ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ | ਕਾਲਜ ਦੇ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਹਾਜ਼ਰ ਸੰਗਤ ਦਾ ਸਵਾਗਤ ਕੀਤਾ | ਇਸ ਮੌਕੇ ਸੁਖਵਿੰਦਰ ਕੌਰ ਅਤੇ ਸੁਰਜੀਤ ਸਿੰਘ ਭੱਟੀਆਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਹੋਇਆਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਦਿੱਤਾ | ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ, ਸੁਖਵਿੰਦਰ ਕੌਰ, ਸੁਰਜੀਤ ਸਿੰਘ ਭੱਟੀਆਂ, ਗੁਰਦੀਪ ਸਿੰਘ ਐਡਵੋਕੇਟ ਅਤੇ ਸਮੂਹ ਕਮੇਟੀ ਮੈਂਬਰ ਸਾਹਿਬਾਨਾਂ ਵੱਲੋਂ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ, ਸਾਰੇ ਸਟਾਫ਼ ਮੈਂਬਰਾਂ ਅਤੇ ਹਾਜ਼ਰ ਵਿਦਿਆਰਥਣਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ |