ਟਾਂਡਾ ਉੜਮੁੜ, 6 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪੁਰਬ ਅਤੇ ਕੌਮ ਦੇ ਮਹਾਨ ਸ਼ਹੀਦ ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਜੈਤਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਟਾਂਡਾ ਵੱਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਰਸੀ ਪਿੰਡ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਨਗਰ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਹ ਧਾਰਮਿਕ ਸਮਾਗਮ ਸਾਮ 6 ਤੋਂ 9 ਵਜੇ ਤੱਕ ਕਰਵਾਏ ਗਏ ਸਮਾਗਮ ਦੌਰਾਨ ਕੀਰਤਨੀ ਜਥੇ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਵੈਰਾਗਮਈ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ | ਸਮਾਗਮ ਦੌਰਾਨ ਗਿਆਨੀ ਕੇਵਲ ਸਿੰਘ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਿੰਘਾਂ ਦੀ ਵੀ ਲਾਸਾਨੀ ਸ਼ਹਾਦਤ 'ਤੇ ਚਾਨਣਾ ਪਾਇਆ | ਇਸ ਮੌਕੇ ਰਵਿੰਦਰ ਸਿੰਘ ਰਵੀ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਦੀਆਂ ਸਹਿਯੋਗੀ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕਿਰਪਾਲ ਸਿੰਘ ਪੰਡੋਰੀ, ਭਾਈ ਦਰਸ਼ਨ ਸਿੰਘ, ਗੁਰਮਿੰਦਰ ਸਿੰਘ, ਗੁਰਜੀਤ ਸਿੰਘ, ਸੰਦੀਪ ਸਿੰਘ, ਸੁਖਵਿੰਦਰ ਸਿੰਘ, ਲਖਵਿੰਦਰ ਸਿੰਘ, ਸ਼ਰਨਜੀਤ ਸਿੰਘ ਆਦਿ ਹਾਜ਼ਰ ਸਨ |