ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)- ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 10 ਨਵੰਬਰ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ | ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ, ਜੋ ਕਿ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਹੁਸ਼ਿਆਰਪੁਰ ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ 8 ਨਵੰਬਰ 2025 ਤੱਕ ਅਰਜ਼ੀਆਂ ਦੇ ਸਕਦੇ ਹਨ | ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਿਤ ਉਮੀਦਵਾਰ, ਜਿਹੜੇ ਕਿ ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਣ ਤੇ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ, ਸਿਖਲਾਈ ਵਿਚ ਭਾਗ ਲੈ ਸਕਦੇ ਹਨ |