ਹੁਸ਼ਿਆਰਪੁਰ, 7 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ 'ਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ-ਨਾਲ ਹੋਰ ਨੌਕਰ ਰੱਖਣ ਵਾਲਿਆਂ ਦੇ ਨਾਮ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਸਮੇਤ ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ | ਨੌਕਰ ਦੇ ਫਿੰਗਰ ਪਿ੍ੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਿਤ ਥਾਣੇ ਜਾਂ ਪੁਲਿਸ ਚੌਕੀ ਵਿਚ ਵੀ ਤੁਰੰਤ ਦਰਜ ਕਰਵਾਉਣ | ਉਨ੍ਹਾਂ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ 'ਤੇ ਵੀ ਪਾਬੰਦੀ ਲਗਾਈ ਹੈ | ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ / ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ 'ਤੇ ਪੂਰਨ ਪਾਬੰਦੀ ਰਹੇਗੀ | ਉਨ੍ਹਾਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ 'ਤੇ ਮੁਕੰਮਲ ਪਾਬੰਦੀ ਲਗਾਈ ਹੈ | ਇਹ ਹੁਕਮ 7 ਜਨਵਰੀ 2026 ਤੱਕ ਲਾਗੂ ਰਹਿਣਗੇ |