ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਜ਼ਿਲੇ੍ਹ ਦੇ ਹਲਕਾ ਗੜ੍ਹਸ਼ੰਕਰ ਦੇ ਪਿੰਡਾਂ ਨੂੰ ਨਵੇਂ ਬਣਾਏ ਜਾ ਰਹੇ ਜ਼ਿਲੇ੍ਹ ਸ੍ਰੀ ਅਨੰਦਪੁਰ ਸਾਹਿਬ 'ਚ ਸ਼ਾਮਲ ਕਰਨ ਦਾ ਵਿਰੋਧ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ | ਜਿਸਦੇ ਚੱਲਦਿਆਂ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਪ੍ਰਧਾਨ ਐਡਵੋਕੇਟ ਪੀ.ਐਸ. ਘੁੰਮਣ ਦੀ ਅਗਵਾਈ 'ਚ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਦੇ ਹੁਸ਼ਿਆਰਪੁਰ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਪੰਜਾਬ ਸਰਕਾਰ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਉਪਰੰਤ ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਪ੍ਰਦੀਪ ਸੈਣੀ ਨੂੰ ਮੰਗ ਪੱਤਰ ਵੀ ਸੌਂਪਿਆਂ ਗਿਆ | ਇਸ ਮੌਕੇ ਐਡਵੋਕੇਟ ਪੀ.ਐਸ ਘੁੰਮਣ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦਾ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ ਪਰੰਤੂ ਹੁਸ਼ਿਆਰਪੁਰ ਜ਼ਿਲੇ੍ਹ ਦੇ ਇਲਾਕਿਆਂ ਨੂੰ ਨਵੇਂ ਬਣਨ ਵਾਲੇ ਜ਼ਿਲੇ੍ਹ ਨਾਲ ਜੋੜਨ ਦਾ ਉਹ ਸਖ਼ਤ ਵਿਰੋਧ ਕਰਦੇ ਹਨ | ਉਨ੍ਹਾਂ ਕਿਹਾ ਕਿ ਨਵਾਂ ਜ਼ਿਲ੍ਹਾ ਬਣਾਉਣ ਲਈ ਹੁਸ਼ਿਆਰਪੁਰ ਜ਼ਿਲੇ੍ਹ ਨੂੰ ਹੋਰ ਛੋਟਾ ਨਾ ਕੀਤਾ ਜਾਵੇ ਬਲਕਿ ਜੇਕਰ ਸਰਕਾਰ ਚਾਹੇ ਤਾਂ ਰੂਪਨਗਰ ਜ਼ਿਲੇ੍ਹ ਦਾ ਨਾਂਅ ਸ੍ਰੀ ਅਨੰਦਪੁਰ ਸਾਹਿਬ ਰੱਖ ਸਕਦੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਪਿਛਲੇ ਲੰਬੇ ਸਮੇਂ ਤੋਂ ਜ਼ਿਲੇ੍ਹ ਨੂੰ ਬਚਾਉਣ ਲਈ ਸੰਘਰਸ਼ ਕਰ ਰਹੀ ਹੈ ਪਰੰਤੂ ਇਸਦੇ ਬਾਵਜੂਦ ਸਰਕਾਰ ਦੇ ਕੰਨਾ 'ਤੇ ਜੰੂ ਤੱਕ ਨਹੀਂ ਸਰਕੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਹੁਸ਼ਿਆਰਪੁਰ ਜ਼ਿਲੇ੍ਹ ਨੂੰ ਤੋੜਨ ਵਾਲਾ ਫ਼ੈਸਲਾ ਵਾਪਸ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸਦੇ ਰੋਸ ਵਜੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ 24 ਨਵੰਬਰ ਤੱਕ ਮੁਕੰਮਲ ਹੜਤਾਲ ਕੀਤੀ ਹੋਈ ਹੈ | ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਣਜੀਤ ਕੁਮਾਰ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹ ਆਪਣੀ ਜ਼ਿੱਦ 'ਤੇ ਅੜੀ ਰਹੀ ਤਾਂ ਇਹ ਸੰਘਰਸ਼ ਵੱਡੇ ਪੱਧਰ 'ਤੇ ਉਲੀਕਿਆ ਜਾਵੇਗਾ,ਜਿਸਦੀ ਜਿਮੇ੍ਹਵਾਰੀ ਸਰਕਾਰ ਦੀ ਹੋਵੇਗੀ | ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੁਸ਼ਿਆਰਪੁਰ ਜ਼ਿਲੇ੍ਹ ਨੂੰ ਬਚਾਉਣ ਲਈ ਵੱਧ ਤੋਂ ਵੱਧ ਸ਼ਮੂਲੀਅਤ ਕਰਨ | ਇਸ ਮੌਕੇ ਐਡਵੋਕੇਟ ਮਨਿੰਦਰਪਾਲ ਸਿੰਘ, ਐਡਵੋਕੇਟ ਬੀ.ਐਸ. ਰਿਆੜ, ਐਡਵੋਕੇਟ ਨਵਜਿੰਦਰ ਸਿੰਘ ਬੇਦੀ, ਐਡਵੋਕੇਟ ਵਿਕਰਮ ਸਿੰਘ, ਐਡਵੋਕੇਟ ਵੀ.ਕੇ. ਮੈਨਨ, ਐਡਵੋਕੇਟ ਪੁਨੀਤਇੰਦਰ ਕੰਗ, ਐਡਵੋਕੇਟ ਆਕਾਸ਼ਦੀਪ ਸਿੰਘ, ਐਡਵੋਕੇਟ ਅਰਵਿੰਦਰ ਅਗਨੀਹੋਤਰੀ, ਐਡਵੋਕੇਟ ਕਾਰਤਿਕ, ਐਡਵੋਕੇਟ ਅਭੀਨਵ ਮਹਿੰਦਰੂ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ , ਐਡਵੋਕੇਟ ਸ਼ਿਵ, ਐਡਵੋਕੇਟ ਸੂਰਜ ਸਿੰਘ, ਐਡਵੋਕੇਟ ਕਮਲਜੀਤ ਸਿੰਘ ਆਦਿ ਸਮੇਤ ਹੋਰ ਵਕੀਲ ਭਾਈਚਾਰਾ ਹਾਜ਼ਰ ਸੀ |
ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਕੈਬਨਿਟ ਮੰਤਰੀ ਰਵਜੋਤ ਸਿੰਘ ਦੇ ਦਫ਼ਤਰ ਦਾ ਘਿਰਾਓ ਕਰ ਕੇ ਨਾਅਰੇਬਾਜ਼ੀ <br/>
ਅਜੀਤ ਡੈਸਕ
19-11-2025