ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਇਤਿਹਾਸਿਕ ਗੁਰਦੁਆਰਾ ਅਨੰਤਨਾਗ ਕਸ਼ਮੀਰ ਤੋਂ ਸਜਾਏ ਗਏ 'ਪੁਕਾਰ ਦਿਵਸ ਨਗਰ ਕੀਰਤਨ' ਦਾ ਹੁਸ਼ਿਆਰਪੁਰ ਵਿਖੇ ਪਹੁੰਚਣ 'ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਦਾ ਸ਼ਤਾਬਦੀ ਸਮਾਗਮ ਸਮੂਹ ਸਿੱਖ ਸੰਗਤਾਂ ਸ਼ਰਧਾ ਭਾਵਨਾ ਨਾਲ ਮਨਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਅਨੰਤਨਾਗ ਕਸ਼ਮੀਰ ਦੇ ਗੁਰਦੁਆਰਾ ਸਾਹਿਬ ਤੋਂ ਸਜਾਏ ਗਏ ਇਸ ਨਗਰ ਕੀਰਤਨ ਲਈ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਗਿਆ ਅਤੇ ਵੱਖ-ਵੱਖ ਜਗ੍ਹਾ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਨਗਰ ਕੀਰਤਨ 'ਚ ਨਿਹੰਗ ਸਿੰਘ ਜਥੇਬੰਦੀਆਂ, ਵੱਖ-ਵੱਖ ਸੰਪਰਦਾਵਾਂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਕੁਰਬਾਨੀ ਨੂੰ ਸਜਦਾ ਕੀਤਾ | ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਤਾਂ ਜੋ ਨੌਜਵਾਨ ਨਸ਼ਿਆਂ ਅਤੇ ਮਾੜੀਆਂ ਅਲਾਮਤਾਂ ਦਾ ਤਿਆਗ ਕਰਕੇ ਗੁਰਸਿੱਖੀ ਜੀਵਨ ਦੇ ਧਾਰਨੀ ਬਣ ਸਕਣ |