ਭੰਗਾਲਾ, 20 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਕਸਬਾ ਪੁਰਾਣਾ ਸ਼ਾਲਾ (ਗੁਰਦਾਸਪੁਰ) 'ਚ ਵਾਪਰੇ ਭਿਆਨਕ ਸੜਕੀ ਹਾਦਸੇ ਵਿਚ ਪਿੰਡ ਬਧੂਪੁਰ (ਮੁਕੇਰੀਆਂ) ਦੇ ਰਹਿਣ ਵਾਲੇ ਇਕ ਵਿਅਕਤੀ ਅਤੇ ਉਸ ਦੀ ਧੀ ਦੀ ਮੌਕੇ 'ਤੇ ਮੌਤ ਹੋ ਗਈ ਜਦੋਂਕਿ ਉਸ ਦੀ ਪਤਨੀ ਅਤੇ ਬੇਟਾ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਧੂਪੁਰ ਦੇ ਰਹਿਣ ਵਾਲੇ ਪ੍ਰਭਜੋਤ ਸਿੰਘ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਘਰ ਆ ਰਿਹਾ ਸੀ ਜਦੋਂ ਉਹ ਕਸਬਾ ਪੁਰਾਣਾ ਸ਼ਾਲਾ ਨਜ਼ਦੀਕ ਪਹੁੰਚਿਆ ਤਾਂ ਉਸ ਦੀ ਗੱਡੀ ਟਿੱਪਰ ਨਾਲ ਟਕਰਾ ਕੇ ਸੜਕ ਤੋਂ ਹੇਠਾਂ ਡਿਗ ਗਈ | ਮੌਕੇ 'ਤੇ ਪਹੁੰਚੀ ਸ਼ਾਲਾ ਪੁਲਿਸ ਨੇ ਪ੍ਰਭਜੋਤ ਸਿੰਘ ਅਤੇ ਉਨ੍ਹਾਂ ਦੀ ਬੇਟੀ ਰਹਿਮਤ ਕੌਰ ਨੂੰ ਗੱਡੀ ਵਿਚੋਂ ਬਾਹਰ ਕੱਢਿਆ ਜਿਨ੍ਹਾਂ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ | ਇਸ ਤੋਂ ਇਲਾਵਾ ਗੱਡੀ ਵਿਚ ਮੌਜੂਦ ਉਨ੍ਹਾਂ ਦੀ ਪਤਨੀ ਅਤੇ ਬੇਟਾ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜੇਰੇ ਇਲਾਜ ਹਨ |